Punjab

ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ‘ਤੇ ਕੈਪਟਨ ਦਾ ਸ਼ਿਕੰਜਾ, ਠੇਕੇ ਬੰਦ ਕਰਨ ਦਾ ਸਮਾਂ ਤੈਅ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕੋਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਵਿੱਚ ਸ਼ਰਾਬ ਦੇ ਠੇਕਿਆਂ ‘ਤੇ ਲਗਾਮ ਕੱਸ ਦਿੱਤੀ ਹੈ। ਸੂਬਾ ਸਰਕਾਰ ਨੂੰ ਨਿਯਮਾਂ ਦੀ ਅਣਦੇਖੀ ਕਰਕੇ ਦੇਰ ਰਾਤ ਤੱਕ ਸ਼ਰਾਬ ਦੇ ਠੇਕੇ ਖੁੱਲ੍ਹਣ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ’ਤੇ ਗੌਰ ਕਰਦਿਆਂ ਕੈਪਟਨ ਨੇ ਪੰਜਾਬ ਦੇ ਡੀਜੀਪੀ ਨੂੰ ਸ਼ਹਿਰਾਂ/ਕਸਬਿਆਂ ਵਿੱਚ ਸ਼ਰਾਬ ਦੇ ਠੇਕਿਆਂ ਨੂੰ ਸ਼ਾਮ 6.30 ਵਜੇ ਤੱਕ ਸਖ਼ਤੀ ਨਾਲ ਬੰਦ ਕਰਵਾਉਣ ਦੇ ਆਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਪੇਂਡੂ ਖੇਤਰਾਂ ਵਿੱਚ ਕੋਵਿਡ-19 ਦੇ ਕੇਸਾਂ ਦੀ ਵੱਧਦੀ ਗਿਣਤੀ ਦੇ ਮੱਦੇਨਜ਼ਰ ਉਹ ਕੋਰੋਨਾਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਜਾਰੀ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪਿੰਡਾਂ ਦੇ ਸਰਪੰਚਾਂ ਤੱਕ ਪਹੁੰਚ ਕਰਨਗੇ। ਇਸ ਦੌਰਾਨ ਪੰਜਾਬ ਸਰਕਾਰ ਦੇ ਨਿਯਮਾਂ ਦੇ ਉਲਟ ਦੇਰ ਰਾਤ ਤੱਕ ਸ਼ਰਾਬ ਦੇ ਠੇਕੇ ਖੁੱਲ੍ਹੇ ਰੱਖਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਨੇ ਸੂਬੇ ਵਿੱਚ 43 ਠੇਕਿਆਂ ਦੇ ਚਲਾਨ ਕੱਟ ਦਿੱਤੇ ਹਨ।