Punjab

ਖਹਿਰਾ ਨੇ ਮੁੜ ਚੁੱਕਿਆ ਅਰੂਸਾ ਆਲਮ ਦੇ ਕੈਪਟਨ ਨਾਲ ਰਹਿਣ ਦਾ ਮੁੱਦਾ

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੰਮੇ ਸਮੇਂ ਤੋਂ ਡੀਜੀਪੀ ਦਿਨਕਰ ਗੁਪਤਾ ਦਾ ਬਚਾਅ ਕਰਦੇ ਆ ਰਹੇ ਹਨ। ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਵਿਧਾਨ ਸਭਾ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਖਹਿਰਾ ਨੇ ਕਿਹਾ ਕਿ ਡੀਜੀਪੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਸੰਬੰਧੀ ਕੀਤੀ ਬਿਆਨਬਾਜ਼ੀ ਬਰਦਾਸ਼ਤ ਤੋਂ ਬਾਹਰ ਹੈ।

ਇਸ ਬਿਆਨਬਾਜ਼ੀ ਨੂੰ ਮਹਿਜ਼ ਮੁਆਫ਼ੀ ਨਾਲ ਹੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਦੇ ਖਿਲਾਫ਼ ਕਾਰਵਾਈ ਕਰਨ ਦੀ ਥਾਂ ਮਹਿਜ਼ ਖਾਨਾਪੂਰਤੀ ਕੀਤੀ ਹੈ। ਇਸ ਲਈ ਵਿਰੋਧੀ ਧਿਰ ’ਚ ਬੈਠੀਆਂ ਪਾਰਟੀਆਂ ‘ਆਪ’ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਵੀ ਕੈਪਟਨ ਅਮਰਿੰਦਰ ਸਿੰਘ ਦੀ ਚਾਲ ’ਚ ਫਸ ਕੇ ਇਸ ਮੁੱਦੇ ਦਾ ਭੋਗ ਨਹੀਂ ਪਾਉਣਾ ਚਾਹੀਦਾ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਦੀ ਸ਼ਬਦਾਵਾਲੀ ਦਿਨਕਰ ਗੁਪਤਾ ਵੱਲੋਂ ਵਰਤੀ ਗਈ ਹੈ ਉਸ ਵਿੱਚੋਂ ਪੂਰੀ ਤਰ੍ਹਾਂ ਫਿਰਕੂ ਬੋਅ ਆਉਂਦੀ ਹੈ। ਉਨ੍ਹਾਂ ਕਿਹਾ ਕਿ ਫਿਰਕਾਪ੍ਰਸਤੀ ਵਾਲੀਆਂ ਗੱਲਾਂ ਕਰਨ ਵਾਲਾ ਪੁਲਿਸ ਅਧਿਕਾਰੀ ਕਿਸੇ ਵੀ ਕੀਮਤ ’ਤੇ ਪੁਲਿਸ ਦਾ ਮੁਖੀ ਨਹੀਂ ਹੋ ਸਕਦਾ ਹੈ। ਇਸ ਤੋਂ ਪਹਿਲਾਂ ਜਦੋਂ ਡੀਜੀਪੀ ਰੈਂਕ ਦੇ ਹੀ ਇੱਕ ਸੀਨੀਅਰ ਅਧਿਕਾਰੀ ਨੇ ਨਸ਼ਿਆਂ ਦੀ ਸਮਗਲਿੰਗ ਦੇ ਮਾਮਲੇ ਵਿੱਚ ਗੁਪਤਾ ’ਤੇ ਸ਼ੱਕ ਦੀ ਉਂਗਲ ਕੀਤੀ ਸੀ ਤਾਂ ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਅਨੁਸਾਸ਼ਨ ਦਾ ਪਾਠ ਪੜ੍ਹਾਉਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਇੱਕ ਵਾਰੀ ਫਿਰ ਆਪਣੇ ਚਹੇਤੇ ਅਫ਼ਸਰ ਦਾ ਬਚਾਅ ਕੀਤਾ ਜਾ ਰਿਹਾ ਹੈ।

ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਦੀ ਰਟ ਲਾ ਕੇ ਦੇਸ਼ ਦੀ ਅਮਨ ਸ਼ਾਂਤੀ ਭੰਗ ਕਰਨ ਦੀਆਂ ਚਾਲਾਂ ਚੱਲਣ ਦੀ ਤਾਂ ਦੁਹਾਈ ਦਿੱਤੀ ਜਾ ਰਹੀ ਹੈ ਪਰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪਾਕਿਸਤਾਨੀ ਨਾਗਰਿਕ ਅਰੂਸਾ ਆਲਮ ਕਿਸ ਹੈਸੀਅਤ ਵਿੱਚ ਰਹਿ ਰਹੀ ਹੈ,ਉਸ ਸਬੰਧੀ ਕੁੱਝ ਸਪੱਸ਼ਟ ਨਹੀਂ ਕੀਤਾ ਜਾ ਰਿਹਾ। ਸੁਖਪਾਲ ਸਿੰਘ ਖਹਿਰਾ ਨੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ ’ਤੇ ਵੀ ਮੁੱਖ ਮੰਤਰੀ ਦੇ ਰਵੱਈਏ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਮੰਤਰੀ ’ਤੇ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਰਹਿਣ ਦੇ ਲੱਗੇ ਦੋਸ਼ ਬੜਾ ਗੰਭੀਰ ਮਾਮਲਾ ਹੈ। ਇਸ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਵੱਲੋਂ ਮੁਅੱਤਲ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਬਰਖਾਸਤ ਕਰਨ ਦੀ ਦਿੱਤੀ ਧਮਕੀ ਨੂੰ ਵੀ ਮੰਦਭਾਗਾ ਕਰਾਰ ਦਿੱਤਾ ਹੈ।