‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਬੀਜੇਪੀ ਲੀਡਰ ਹਰਜੀਤ ਗਰੇਵਾਲ ਨੇ ਪੱਤਰ ਲਿਖ ਕੇ ਕਿਸਾਨ ਅੰਦੋਲਨ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭੂਮਿਕਾ ਬਾਰੇ ਸਵਾਲ ਚੁੱਕਦਿਆਂ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੂੰ ਅਜਿਹੀਆਂ ਫਿਰਕੂ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ ਇਕ ਧਾਰਮਿਕ ਸੰਸਥਾ ਦਾ ਅਕਸ ਬਰਕਰਾਰ ਰੱਖਣ ਦੀ ਨਸੀਹਤ ਦਿੱਤੀ ਹੈ।  

ਉਨ੍ਹਾਂ ਆਪਣੇ ਪੱਤਰ ਵਿਚ ਦਿੱਲੀ ਦੇ ਬਾਰਡਰਾਂ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰਜ਼ੀ ਸ਼ੈਡ ਬਣਾ ਕੇ ਦੇਣ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਇਹ ਵੀ ਬਿਆਨ ਦਿੱਤਾ ਸੀ ਕਿ ਕਿਸਾਨਾਂ ਲਈ ਚੱਲ ਰਹੇ ਲੰਗਰ ਅਤੇ ਆਰਜ਼ੀ ਪਖਾਨੇ ਵੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਅੰਦੋਲਨ ਵਿਚ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ ਇਕ ਲੱਖ ਰੁੱਪਏ ਦੀ ਵਿੱਤੀ ਸਹਾਇਤਾ ਦੇਣ ਦੀ ਵੀ ਗੱਲ ਕਰ ਰਹੀ ਹੈ।

ਬੀਜੇਪੀ ਲੀਡਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਸਲ ਭੂਮਿਕਾ, ਗੁਰਦੁਆਰਿਆਂ ਦਾ ਪ੍ਰਬੰਧ ਵੇਖਣਾ ਹੈ। ਉਨ੍ਹਾਂ ਕਿਹਾ ਕਿ ਇਕ ਨਿਰੋਲ ਧਾਰਮਿਕ ਸੰਸਥਾ ਹੋਣ ਦੇ ਨਾਤੇ ਸ਼੍ਰੋਮਣੀ ਗੁਦਦੁਆਰਾ ਪ੍ਰਬੰਧਕ ਕਮੇਟੀ ਦਾ ਕਿਸਾਨ ਅੰਦੋਲਨ ਵਿਚ ਸਿੱਧੇ ਤੌਰ ’ਤੇ ਦਖਲ ਦੇਣਾ, ਜਿੱਥੇ ਵੱਖ-ਵੱਖ ਮਜਬਾਂ ਦੇ ਲੋਕ ਹਨ, ਮੈਂ ਸਮਝਦਾ ਹਾਂ ਕਿ ਸਿੱਖ ਗੁਰਦੁਆਰਾ ਐਕਟ 1925 ਅਤੇ ਪੰਜਾਬ ਐਕਟ 8 (1925) ਤਹਿਤ ਦਿੱਤੀ ਗਈ ਵਿਆਖਿਆ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਤਰਾਂ ਕਰ ਕੇ ਆਪਣੇ ਅਧਿਕਾਰ ਖੇਤਰ ਦੀਆਂ ਹੱਦਾ ਹੀ ਪਾਰ ਨਹੀਂ ਕਰ ਰਹੀ ਸਗੋਂ ਕਿਸਾਨ ਅੰਦੋਲਨ ਨੂੰ ਇਕ ਫਿਰਕੂ ਰੰਗਤ ਦੇ ਰਹੀ ਹੈ, ਜੋ ਕਿ ਬੇਲੋੜੀ ਅਤੇ ਮੰਦਭਾਗੀ ਗੱਲ ਹੈ।

ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਨੂੰ ਅਜਿਹੀਆ ਗਤੀਵਿਧੀਆਂ ਤੋਂ ਦੂਰ ਰਹਿਣਾ ਤੇ ਇਕ ਧਾਰਮਿਕ ਸੰਸਥਾ ਦਾ ਅਕਸ ਬਰਕਰਾਰ ਰੱਖਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *