India

ਮੋਦੀ ਤੇ ਅਮਿਤ ਸ਼ਾਹ ਨੂੰ ਮਿਲਣ ਪਿੱਛੋਂ ਸਿੰਧੀਆ ਨੇ ਛੱਡੀ ਕਾਂਗਰਸ

ਚੰਡੀਗੜ੍ਹ- (ਪੁਨੀਤ ਕੌਰ) ਮੱਧ-ਪ੍ਰਦੇਸ਼ ਸਰਕਾਰ ‘ਤੇ ਸਿਆਸੀ ਸੰਕਟ ਸਾਫ਼ ਤੌਰ ‘ਤੇ ਨਜ਼ਰ ਆ ਰਿਹਾ ਹੈ। ਮੁੱਖ ਮੰਤਰੀ ਕਮਲ ਨਾਥ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਨਾਰਾਜ਼ ਆਗੂ ਜੋਤੀਰਾਦਿੱਤਿਆ ਸਿੰਧੀਆ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜਿਆ ਹੈ। ਜੋਤੀਰਾਦਿੱਤਿਆ ਸਿੰਧੀਆ ਨੇ ਕਿਹਾ ਕਿ ਉਹ ਕਾਂਗਰਸ ਵਿੱਚ ਰਹਿ ਕੇ ਦੇਸ਼ ਦੀ ਸੇਵਾ ਨਹੀਂ ਕਰ ਸਕਦੇ ਹਨ। ਜੋਤੀਰਾਦਿੱਤਿਆ ਸਿੰਧੀਆ ਅਮਿਤ ਸ਼ਾਹ  ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਹਨ,ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਦੇ ਅਨੁਮਾਨ ਲਾਏ ਜਾ ਰਹੇ ਹਨ। ਉਨ੍ਹਾਂ ਵੱਲੋਂ ਰਸਮੀ ਤੌਰ ‘ਤੇ ਕਿਸੇ ਵੀ ਸਮੇਂ ‘ਤੇ ਐਲਾਨ ਕੀਤਾ ਜਾ ਸਕਦਾ ਹੈ।

ਸਿੰਧੀਆ ਦੇ ਅਸਤੀਫ਼ੇ ਤੋਂ ਬਾਅਦ ਕਮਲਨਾਥ ਸਰਕਾਰ,ਮੱਧ ਪ੍ਰਦੇਸ਼ ਦੀ ਸਰਕਾਰ ਸੰਕਟ ਵਿੱਚ ਨਜ਼ਰ ਆ ਰਹੀ ਹੈ। ਸਿੰਧੀਆ ਦੇ 19 ਸਮਰਥਕ ਵਿਧਾਇਕਾਂ ਨੇ ਵੀ ਆਪੋ–ਆਪਣੇ ਅਸਤੀਫ਼ੇ ਦੇ ਦਿੱਤੇ ਹਨ। ਇਨ੍ਹਾਂ ਵਿੱਚੋਂ 6 ਤਾਂ ਕਮਲਨਾਥ ਸਰਕਾਰ ਵਿੱਚ ਮੰਤਰੀ ਵੀ ਸਨ। ਸੂਤਰਾਂ ਦਾ ਕਹਿਣਾ ਹੈ ਕਿ ਭਾਜਪਾ ਹੁਣ ਸਿੰਧੀਆ ਨੂੰ ਰਾਜ ਸਭਾ ’ਚ ਭੇਜ ਸਕਦੀ ਹੈ ਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਿੱਚ ਮੰਤਰੀ ਵੀ ਬਣਾਇਆ ਜਾਵੇਗਾ। ਸੂਤਰਾਂ ਮੁਤਾਬਕ ਸੰਸਦ ਦੇ ਸੈਸ਼ਨ ਤੋਂ ਬਾਅਦ ਨਰਿੰਦਰ ਮੋਦੀ ਆਪਣੀ ਕੈਬਿਨੇਟ ਦਾ ਵਿਸਥਾਰ ਕਰਨਗੇ ਤੇ ਉਸੇ ਵਿਸਥਾਰ ’ਚ ਹੀ ਸਿੰਧੀਆ ਨੂੰ ਕੈਬਿਨੇਟ ’ਚ ਸ਼ਾਮਲ ਕੀਤਾ ਜਾਵੇਗਾ।