ਚੰਡੀਗੜ੍ਹ- ਮੁਸਲਿਮ ਭਾਈਚਾਰੇ ਵੱਲੋਂ ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਵੱਲੋਂ ਦੇਸ਼ ਭਰ ਵਿਚ ਸੀਏਏ ਅਤੇ ਐੱਨਆਰਸੀ ਖ਼ਿਲਾਫ਼ ਚੱਲ ਰਹੇ ਜਨ ਅੰਦੋਲਨ ਦਾ ਸਮਰਥਨ ਕਰਨ ’ਤੇ ਧੰਨਵਾਦ ਕੀਤਾ। ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦੱਸਿਆ ਕਿ ਦੇਸ਼ ਭਰ ਵਿਚ ਅੰਦੋਲਨ ਕਰ ਰਹੇ ਲੋਕ ਚਾਹੁੰਦੇ ਹਨ ਕਿ ਨਾਗਰਿਕਤਾ ਕਾਨੂੰਨ ਵਿਚ ਧਰਮ ਦੀ ਥਾਂ ਇਨਸਾਨੀਅਤ ਦੇ ਆਧਾਰ ’ਤੇ ਨਾਗਰਿਕਤਾ ਦਿੱਤੀ ਜਾਵੇ। ਨਾਇਬ ਸ਼ਾਹੀ ਇਮਾਮ ਨੇ ਕਿਹਾ ਕਿ ਅੱਜ ਜੇ ਸਾਰੇ ਦੇਸ਼ ਵਾਸੀ ਇਸ ਧਰਮ ਆਧਾਰਿਤ ਨਾਗਰਿਕਤਾ ਕਾਨੂੰਨ ਨੂੰ ਮੰਨ ਲੈਂਦੇ ਹਨ ਤਾਂ ਇੱਥੇ ਗ਼ਲਤ ਰਸਮ ਸ਼ੁਰੂ ਹੋ ਜਾਵੇਗੀ। ਇਸ ਨਾਲ ਤਾਂ ਹਰ ਨਵੀਂ ਆਉਣ ਵਾਲੀ ਸਰਕਾਰ ਕਿਸੇ ਵੀ ਧਰਮ ਦੇ ਲੋਕਾਂ ਨੂੰ ਦੇਸ਼ ਦੀ ਨਾਗਰਿਕਤਾ ਤੋਂ ਬਾਹਰ ਕੱਢ ਸਕਦੀ ਹੈ। ਇਸ ਲਈ ਕਾਲੇ ਕਾਨੂੰਨ ਦਾ ਵਿਰੋਧ ਕਰਨਾ ਜ਼ਰੂਰੀ ਹੈ।

ਫੋਟੋ:ਪੰਜਾਬੀ ਟ੍ਰਿਬਿਊਨ

ਨਾਇਬ ਸ਼ਾਹੀ ਇਮਾਮ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਦੱਸਿਆ ਕਿ ਲੁਧਿਆਣਾ ਵਿਚ ਵੀ ਸ਼ਾਹੀਨ ਬਾਗ਼ ਬਣਾ ਦਿੱਤਾ ਗਿਆ ਹੈ, ਜਿੱਥੇ ਲਗਾਤਾਰ ਵਿਰੋਧ ਪ੍ਰਦਰਸ਼ਨ ਜਾਰੀ ਹੈ ਅਤੇ ਇਸ ਧਰਨੇ ਵਿਚ ਹਰ ਵਰਗ ਦੇ ਲੋਕ ਪੁੱਜ ਰਹੇ ਹਨ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਹੋਈ ਮੁਲਾਕਾਤ ਦੌਰਾਨ ਪ੍ਰਧਾਨ ਪ੍ਰਿਤਪਾਲ ਸਿੰਘ, ਮੁਹੰਮਦ ਮੁਸਤਕੀਮ, ਕੰਵਲਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਿੰਕਲ ਹਾਜ਼ਰ ਸਨ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸੰਗਤ ਨੂੰ ਆਪਸੀ ਵਾਦ-ਵਿਵਾਦ ਤੋਂ ਦੂਰ ਰਹਿਣ ਲਈ ਕਿਹਾ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਗੱਲਬਾਤ ਦੌਰਾਨ ਸਿੱਖ ਸੰਗਤ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਆਪਸੀ ਵਾਦ-ਵਿਵਾਦ ਵਿਚ ਪੈਣ ਦੀ ਥਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁੱਟ ਹੋਣ ਬਾਰੇ ਕਿਹਾ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼ਬਦ ਗੁਰੂ ਨਾਲ ਜੋੜਨਾ ਸਮੇਂ ਦੀ ਲੋੜ ਹੈ ਅਤੇ ਇਸ ਲਈ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਜਥੇਬੰਦੀਆਂ ਨੂੰ ਯਤਨ ਤੇਜ਼ ਕਰਨ ਦੀ ਲੋੜ ਹੈ।

ਉਨ੍ਹਾਂ ਨੇ ਸੰਗਤ ਨੂੰ  ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਦੇ ਲੜ ਲੱਗਣ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਦੀ ਅਪੀਲ ਕੀਤੀ ਹੈ। ਗੁਰਦੁਆਰੇ ਦੇ ਮੁੱਖ ਸੇਵਾਦਾਰ ਅਤੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਪ੍ਰਿਤਪਾਲ ਸਿੰਘ ਨੇ ਜਥੇਦਾਰ ਹਰਪ੍ਰੀਤ ਸਿੰਘ, ਉਨ੍ਹਾਂ ਦੀ ਪਤਨੀ ਅਤੇ ਬੇਟੀ ਨੂੰ ਸਿਰੋਪਾਓ ਭੇਟ ਕੀਤਾ।

 

Leave a Reply

Your email address will not be published. Required fields are marked *