Punjab

ਸਿੱਖਾਂ ਦੀ ਮਰਿਯਾਦਾ ਮੂਹਰੇ ਝੁਕੀ ਸਰਕਾਰ, ਕੀਤਾ ਨਵਾਂ ਐਲਾਨ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਧਾਰਮਿਕ ਸਥਾਨਾਂ ‘ਤੇ ਲੰਗਰ ਤੇ ਪ੍ਰਸ਼ਾਦ ਵਰਤਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਵੱਲੋਂ 8 ਜੂਨ ਤੋਂ ਧਾਰਮਿਕ ਅਸਥਾਨ ਖੋਲ੍ਹਣ ਸਮੇਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਸੀ ਕਿ ਧਾਰਮਿਕ ਸਥਾਨਾਂ ਵਿੱਚ ਲੰਗਰ, ਪ੍ਰਸ਼ਾਦ ਅਤੇ ਹੋਰ ਕਿਸੇ ਵੀ ਚੀਜ਼ ਦੀ ਵਰਤੋਂ ਉੱਤੇ ਮਨਾਹੀ ਹੋਵੇਗੀ। ਪਰ ਪਿਛਲੇ ਦਿਨੀਂ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸਰਕਾਰ ਦੇ ਇਸ ਫੈਸਲੇ ‘ਤੇ ਇਤਰਾਜ਼ ਜਤਾਇਆ ਸੀ, ਉਹਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਚਿੱਠੀ ਲਿਖੀ ਸੀ ਕਿ ਧਾਰਮਿਕ ਅਸਥਾਨਾਂ ਉੱਤੇ ਲੰਗਰ ਤੇ ਪ੍ਰਸ਼ਾਦ ਵਰਤਾਉਣ ਦੀ ਆਗਿਆ ਦਿੱਤੀ ਜਾਵੇ। ਇਸਦੇ ਉਪਰੰਤ ਲੰਘੇ ਕੱਲ੍ਹ ਕੈਪਟਨ ਅਮਰਿੰਦਰ ਸਿੰਘ ਨੇ ਧਾਰਮਿਕ ਅਸਥਾਨਾਂ ਵਿੱਚ ਲੰਗਰ ਤੇ ਪ੍ਰਸ਼ਾਦ ਵਰਤਾਉਣ ਦੀ ਆਗਿਆ ਦੇ ਦਿੱਤੀ ਹੈ।

ਧਾਰਮਿਕ ਅਸਥਾਨਾਂ ਵਿੱਚ ਲੰਗਰ ਤੇ ਪ੍ਰਸ਼ਾਦ ਵਰਤਾਉਣ ਸਮੇਂ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਜਾਣਕਾਰੀ ਲਈ ਦੱਸ ਦਈਏ ਕਿ ਸਰਕਾਰ ਨੇ ਧਾਰਮਿਕ ਸਥਾਨਾਂ ਖੋਲ੍ਹਣ ਦੀ ਆਗਿਆ ਫਿਲਹਾਲ 30 ਜੂਨ ਤੱਕ ਹੀ ਦਿੱਤੀ ਹੈ।