India

ਪਰਾਲੀ ਸਾੜਨ ਵਾਲੇ ਹੋ ਜਾਣ ਸਾਵਧਾਨ, ਸੁਪਰੀਮ ਕੋਰਟ ਨੇ ਮੰਗਿਆ ਜਵਾਬ

‘ਦ ਖ਼ਾਲਸ ਬਿਊਰੋ- ਸੁਪਰੀਮ ਕੋਰਟ ਨੇ ਕਿਸਾਨਾਂ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਉਨ੍ਹਾਂ ਦੁਆਰਾ ਕੀਤੇ ਪ੍ਰਬੰਧਾਂ ਬਾਰੇ ਪੁੱਛਿਆ ਹੈ। ਸੁਪਰੀਮ ਕੋਰਟ ਨੇ ਸਬੰਧਤ ਰਾਜਾਂ ਨੂੰ ਕਿਹਾ ਹੈ ਕਿ ਉਹ ਪਿਛਲੇ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ, ਇਸ ਦੇ ਸਥਾਨਾਂ ਅਤੇ ਕਿੰਨੇ ਕਿਸਾਨ ਜ਼ਿੰਮੇਵਾਰ ਸਨ, ਬਾਰੇ ਜਾਣੂ ਕਰਵਾਉਣ ਤਾਂ ਜੋ ਉਨ੍ਹਾਂ ਖੇਤਰਾਂ ਵਿੱਚ ਭਵਿੱਖ ਵਿੱਚ ਅਜਿਹਾ ਰੋਕਣ ਲਈ ਅਗਾਊਂ “ਵਿਸ਼ੇਸ਼ ਪ੍ਰਬੰਧ” ਕੀਤੇ ਜਾ ਸਕਣ।

ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਪਰਾਲੀ ਸਾੜਨ ਦਾ ਸਮਾਂ ਨੇੜੇ ਆ ਰਿਹਾ ਹੈ ਤੇ ਅਗਲੀ ਵਰਚੁਅਲ ਸੁਣਵਾਈ ਦੌਰਾਨ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਸਕੱਤਰਾਂ ਨੂੰ ਸੁਣਿਆ ਜਾਵੇਗਾ ਤੇ ਅਦਾਲਤ ਇਹ ਜਾਣਨਾ ਚਾਹੁੰਦੀ ਹੈ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਉਨ੍ਹਾਂ ਨੇ ਕੀ ਪ੍ਰਬੰਧ ਕੀਤਾ ਹੈ? ਬੈਂਚ ਜਸਟਿਸ ਬੀਆਰ ਗਾਵਈ ਅਤੇ ਜਸਟਿਸ ਕ੍ਰਿਸ਼ਨਾ ਮੁਰਾਰੀ ਵੀ ਸ਼ਾਮਲ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 10 ਅਗਸਤ ਨੂੰ ਹੋਵੇਗੀ।