Punjab

ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਸਮੇਤ ਹੋਈ ਗੜੇਮਾਰੀ, ਠੰਡ ਨੇ ਦਿੱਤੀ ਦਸਤਕ

‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਹਰਿਆਣਾ ਵਿੱਚ ਪੈ ਰਹੇ ਮੀਂਹ ਅਤੇ ਕਈ ਥਾਵਾਂ ’ਤੇ ਹੋਈ ਗੜੇਮਾਰੀ ਨਾਲ ਠੰਢ ਨੇ ਦਸਤਕ ਦੇ ਦਿੱਤੀ ਹੈ। ਮੀਂਹ ਕਾਰਨ ਅਸਮਾਨੀ ਚੜ੍ਹੇ ਪਰਾਲੀ ਦੇ ਧੂੰਏਂ ਅਤੇ ਦੀਵਾਲੀ ਮੌਕੇ ਚੱਲੇ ਪਟਾਕਿਆਂ ਦੇ ਪ੍ਰਦੂਸ਼ਣ ਤੋਂ ਦੋਵਾਂ ਸੂਬਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਆਸ-ਪਾਸ ਅਤੇ ਹਰਿਆਣਾ ਦੇ ਸੋਨੀਪਤ, ਹਿਸਾਰ ਅਤੇ ਸਿਰਸਾ ਦੇ ਆਸ-ਪਾਸ ਇਲਾਕਿਆਂ ਵਿੱਚ ਗੜੇ ਪਏ ਹਨ।

ਦੀਵਾਲੀ ਤੋਂ ਅਗਲੇ ਹੀ ਦਿਨ ਪਏ ਮੀਂਹ ਕਾਰਨ ਲੋਕਾਂ ਨੂੰ ਪਟਾਕਿਆਂ ਤੋਂ ਹੋਏ ਪ੍ਰਦੂਸ਼ਣ ਤੋਂ ਵੱਡੀ ਰਾਹਤ ਮਿਲੀ ਹੈ। ਮੀਂਹ ਕਾਰਨ ਕਣਕ ਦੀ ਬਿਜਾਈ ਦਾ ਕੰਮ ਵੀ ਪ੍ਰਭਾਵਿਤ ਹੋਇਆ ਹੈ। ਪੰਜਾਬ ਅਤੇ ਹਰਿਆਣਾ ਦੇ ਕਈ ਸ਼ਹਿਰਾਂ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਗੜੇਮਾਰੀ ਕਾਰਨ ਉਨ੍ਹਾਂ ਵੱਲੋਂ ਬੀਜੀ ਗਈ ਕਣਕ ਦਾ ਨੁਕਸਾਨ ਹੋ ਗਿਆ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਹਾਲੇ ਤੱਕ ਕਿਸੇ ਇਲਾਕੇ ਵਿੱਚ ਨੁਕਸਾਨ ਬਾਰੇ ਜਾਣਕਾਰੀ ਨਹੀਂ ਮਿਲੀ ਹੈ ਅਤੇ ਜੇਕਰ ਕਿਸੇ ਇਲਾਕੇ ਵਿੱਚ ਗੜੇਮਾਰੀ ਕਾਰਨ ਨੁਕਸਾਨ ਹੁੰਦਾ ਹੈ ਤਾਂ ਉਸ ਇਲਾਕੇ ਦਾ ਦੌਰਾ ਕੀਤਾ ਜਾਵੇਗਾ।

ਮੌਸਮ ਵਿਭਾਗ ਵੱਲੋਂ ਅੱਜ ਸਾਰਾ ਦਿਨ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ, ਜਿਸ ਕਰਕੇ ਆਉਣ ਵਾਲੇ ਦਿਨਾਂ ਵਿੱਚ ਠੰਢ ਵਧ ਸਕਦੀ ਹੈ। ਵਿਭਾਗ ਦੇ ਅਧਿਕਾਰੀਆਂ ਅਨੁਸਾਰ ਅੱਜ ਪੰਜਾਬ ਵਿੱਚ ਸਭ ਤੋਂ ਵੱਧ ਮੀਂਹ ਅੰਮ੍ਰਿਤਸਰ ਇਲਾਕੇ ਵਿੱਚ ਪਿਆ ਹੈ, ਜਿੱਥੇ 13 ਐੱਮਐੱਮ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਠਾਨਕੋਟ ’ਚ 1 ਐੱਮਐੱਮ, ਲੁਧਿਆਣਾ ’ਚ 0.6 ਐੱਮਐੱਮ ਅਤੇ ਬਠਿੰਡਾ ਤੇ ਜਲੰਧਰ ਸਮੇਤ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ ਹੈ।

ਹਰਿਆਣਾ ਦੇ ਹਿਸਾਰ ਵਿੱਚ 9 ਐੱਮਐੱਮ, ਸਿਰਸਾ ’ਚ 1 ਐੱਮਐੱਮ ਤੇ ਰੋਹਤਕ ’ਚ 0.9 ਐੱਮਐੱਮ ਮੀਂਹ ਦਰਜ ਕੀਤਾ ਗਿਆ ਹੈ। ਦੇਰ ਸ਼ਾਮ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪਏ ਮੀਂਹ ਕਾਰਨ ਠੰਢ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਅੰਮ੍ਰਿਤਸਰ ਸਭ ਤੋਂ ਠੰਢਾ ਇਲਾਕਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 12.7 ਡਿਗਰੀ ਅਤੇ ਵੱਧ ਤੋਂ ਵੱਧ 20.5 ਡਿਗਰੀ ਦਰਜ ਕੀਤਾ ਗਿਆ। ਲੁਧਿਆਣਾ ’ਚ ਘੱਟੋ-ਘੱਟ ਤਾਪਮਾਨ 11.2 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 26.2 ਡਿਗਰੀ ਅਤੇ ਪਟਿਆਲਾ ’ਚ ਘੱਟੋ-ਘੱਟ 13.1 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 26.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਦਿੱਲੀ ਅਤੇ ਨੇੜਲੇ ਖੇਤਰਾਂ ਵਿੱਚ ਪਿਆ ਮੀਂਹ

ਦੇਸ਼ ਦੀ ਕੌਮੀ ਰਾਜਧਾਨੀ ਦਿੱਲੀ ਅਤੇ ਇਸ ਦੇ ਨੇੜਲੇ ਇਲਾਕਿਆਂ ’ਚ ਹਲਕਾ ਮੀਂਹ ਪਿਆ। ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਹਲਕੇ ਮੀਂਹ ਨਾਲ ਗੜੇਮਾਰੀ ਵੀ ਹੋਈ। ਮੌਸਮ ਵਿਭਾਗ ਮੁਤਾਬਕ ਜੈਪੁਰ, ਅਲਵਰ ਅਤੇ ਭੀਲਵਾੜਾ ’ਚ ਕ੍ਰਮਵਾਰ 11.6 ਐੱਮਐੱਮ, 6.9 ਐੱਮਐੱਮ ਅਤੇ 1 ਐੱਮਐੱਮ ਮੀਂਹ ਰਿਕਾਰਡ ਕੀਤਾ ਗਿਆ। ਇਸ ਦੌਰਾਨ ਜੰਮੂ ਦੇ ਜ਼ਿਆਦਾਤਰ ਹਿੱਸਿਆਂ ’ਚ ਮੀਂਹ ਪੈਣ ਨਾਲ ਖਿੱਤੇ ’ਚ ਠੰਢ ਨੇ ਆਪਣੀ ਜਕੜ ਮਜ਼ਬੂਤ ਕਰ ਲਈ ਹੈ। ਇੱਥੇ ਦਿਨ ਦਾ ਤਾਪਮਾਨ ਆਮ ਨਾਲੋਂ 7 ਡਿਗਰੀ ਤੱਕ ਹੇਠ ਚਲਾ ਗਿਆ।