Punjab

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਜਥੇਦਾਰ ਨੇ ਦਿੱਤੀ ਵਧਾਈ, ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸਿੱਖ ਕੌਮ ਨੂੰ ਵਧਾਈਆਂ ਦਿੱਤੀਆਂ ਹਨ। ਇਸ ਪਾਵਨ ਦਿਹਾੜੇ ਮੌਕੇ ਉਨ੍ਹਾਂ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਵੀ ਜਾਰੀ ਕੀਤਾ ਹੈ। ਜਥੇਦਾਰ ਜੀ ਨੇ ਸਿੱਖ ਕੌਮ ਨੂੰ ਗ੍ਰੰਥੀ ਸਿੰਘਾਂ ਦੇ ਸਥਾਪਨਾ ਦਿਵਸ ‘ਤੇ ਵੀ ਵਧਾਈਆਂ ਦਿੱਤੀਆਂ।

ਉਨ੍ਹਾਂ ਨੇ ਕਿਹਾ ਕਿ ਜਿੱਥੇ ਅੱਜ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਹੈ, ਉੱਥੇ ਹੀ ਅੱਜ ਗ੍ਰੰਥੀ ਸਿੰਘਾਂ ਦਾ ਵੀ ਸਥਾਪਨਾ ਦਿਵਸ ਹੈ ਕਿਉਂਕਿ ਇਸ ਦਿਨ ਜਦੋਂ ਸ਼੍ਰੀ ਹਰਿਮੰਦਰ ਸਾਹਿਬ ਜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ ਤਾਂ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਗ੍ਰੰਥੀ ਦੀ ਪਦਵੀ ਬੜੀ ਉੱਚੀ-ਸੁੱਚੀ ਤੇ ਪਵਿੱਤਰ ਮੰਨੀ ਜਾਂਦੀ ਹੈ, ਜਿਨ੍ਹਾਂ ਦਾ ਸਤਿਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਬਾਅਦ ਸਿੱਖਾਂ ਦੇ ਲਈ ਸਰਵ ਪ੍ਰਥਮ ਹੋਣਾ ਚਾਹੀਦਾ ਹੈ।