Punjab

ਸਿੱਖ ਜਗਤ ਦੀਆਂ 11 ਨਾਮਵਰ ਸ਼ਖ਼ਸੀਅਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ- ਸ਼੍ਰੀ ਅਕਾਲ ਤਖ਼ਤ ਸਾਹਿਬ

‘ਦ ਖ਼ਾਲਸ ਬਿਊਰੋ:- ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਮਿਲੀ ਜਾਣਕਾਰੀ ਮੁਤਾਬਕ 24 ਅਗਸਤ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਵਿੱਚ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਿੱਖ ਜਗਤ ਦੀਆਂ 11 ਨਾਮਵਰ ਸ਼ਖ਼ਸੀਅਤਾਂ ਨੂੰ ਵੱਖ-ਵੱਖ ਵਿਸ਼ੇਸ਼ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਸਨਮਾਨਿਤ ਕੀਤੀਆਂ ਜਾਣ ਵਾਲੀਆਂ ਇਨ੍ਹਾਂ 11 ਸ਼ਖ਼ਸੀਅਤਾਂ ਵਿੱਚੋਂ ਚਾਰ ਸ਼ਖ਼ਸੀਅਤਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਬਾਕੀ ਮੌਜੂਦਾ ਸੱਤ ਸ਼ਖ਼ਸੀਅਤਾਂ ਇਸ ਵੇਲੇ ਵੱਖ-ਵੱਖ ਖੇਤਰਾਂ ਵਿੱਚ ਕਾਰਜਸ਼ੀਲ ਹਨ।

ਪੰਜ ਸਿੰਘ ਸਾਹਿਬਾਨਾਂ ਵੱਲੋਂ ਕੀਤੇ ਗਏ ਫ਼ੈਸਲੇ ਮੁਤਾਬਕ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸਿੱਖ ਸ਼ਖ਼ਸੀਅਤਾਂ ਵਿੱਚ ਗੁਰਪੁਰਵਾਸੀ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੂੰ ‘ਪੰਥ ਰਤਨ’ ਸਨਮਾਨ ਦਿੱਤਾ ਜਾਵੇਗਾ। ਇਸੇ ਤਰ੍ਹਾਂ ਗਿਆਨੀ ਬਲਵੰਤ ਸਿੰਘ ਕੋਠਾ ਗੁਰੂ ਨੂੰ ‘ਗੁਰਮਤਿ ਮਾਰਤੰਡ’ ਸਨਮਾਨ, ਗਿਆਨੀ ਮੇਵਾ ਸਿੰਘ, ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ ਨੂੰ ‘ਸ਼੍ਰੋਮਣੀ ਗੁਰਮਤਿ ਪ੍ਰਚਾਰਕ’ ਸਨਮਾਨ, ਬਾਬਾ ਚਰਨ ਸਿੰਘ ਬੀੜ ਸਾਹਿਬ ਵਾਲਿਆਂ ਨੂੰ ‘ਕੌਮੀ ਸ਼ਹੀਦ’ ਦਾ ਸਨਮਾਨ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਡਾ: ਗੁਰਨਾਮ ਸਿੰਘ ਖ਼ਾਲਸਾ ਮੁਖੀ ਗੁਰਮਤਿ ਸੰਗੀਤ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ‘ਭਾਈ ਮਰਦਾਨਾ ਜੀ ਯਾਦਗਾਰੀ ਐਵਾਰਡ’, ਭਾਈ ਹਰਸਿਮਰਨ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੂੰ ‘ਕੌਮੀ ਚਿੰਤਕ’ ਸਨਮਾਨ, ਭਾਈ ਗਜਿੰਦਰ ਸਿੰਘ ਦਲ ਖ਼ਾਲਸਾ ਤੇ ਭਾਈ ਹਰਿੰਦਰ ਸਿੰਘ ਖ਼ਾਲਸਾ ਬਠਿੰਡਾ ਨੂੰ ‘ਪੰਥ ਸੇਵਕ’ ਐਵਾਰਡ, ਡਾ: ਦਰਸ਼ਨ ਸਿੰਘ ਸਾਬਕਾ ਪ੍ਰੋਫੈਸਰ ਅਤੇ ਮੁਖੀ ਧਰਮ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ‘ਭਾਈ ਗੁਰਦਾਸ ਜੀ ਯਾਦਗਾਰੀ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ।

ਗਿਆਨੀ ਗੁਰਚਰਨ ਸਿੰਘ ਮੁਕਤਸਰੀ ਨੂੰ ‘ਸ਼੍ਰੋਮਣੀ ਸੇਵਕ’ ਅਤੇ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਨੂੰ ਵੀ ‘ਵਿੱਦਿਆ ਮਾਰਤੰਡ’ ਦੇ ਸਨਮਾਨ ਦਿੱਤੇ ਜਾਣਗੇ।

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਉਣ ਵਾਲੇ ਸਮੇਂ ਦੌਰਾਨ ਇਨ੍ਹਾਂ 11 ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਲਈ ਹੋਣ ਵਾਲੇ ਵਿਸ਼ੇਸ਼ ਸਮਾਗਮ ਦੀ ਮਿਤੀ ਦਾ ਐਲਾਨ ਕੀਤਾ ਜਾ ਸਕਦਾ ਹੈ।