Punjab

ਕਿਸਾਨਾਂ ਦੇ ਵੱਡੇ ਵਿਰੋਧ ਦੇ ਬਾਵਜੂਦ ਤੀਜਾ ਖੇਤੀ ਆਰਡੀਨੈਂਸ ਹੋਇਆ ਪਾਸ

‘ਦ ਖ਼ਾਲਸ ਬਿਊਰੋ:- ਲੋਕ ਸਭਾ ਵਿੱਚ ਮੌਨਸੂਨ ਸੈਸ਼ਨ ਦੇ ਦੂਜੇ ਦਿਨ ਜ਼ਰੂਰੀ ਵਸਤਾਂ ਸੋਧ ਐਕਟ ਪਾਸ ਕਰ ਦਿੱਤਾ ਗਿਆ ਹੈ। ਇਸ ਦੌਰਾਨ  ਸੰਸਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣਾ ਪੱਖ ਰੱਖਦੇ ਨਜ਼ਰ ਆਏ।

 ਸੰਸਦ ਵਿੱਚ ਸੁਖਬੀਰ ਬਾਦਲ ਨੇ ਕੀ ਕਿਹਾ

  • ਸੁਖਬੀਰ ਬਾਦਲ ਨੇ ਕਿਹਾ ਕਿ ਆਰਡੀਨੈਂਸ ਤਿਆਰ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ।
  • ਜਦੋਂ ਤੋਂ ਆਰਡੀਨੈਂਸ ਜਾਰੀ ਹੋਏ ਹਨ, ਅਸੀਂ ਸਰਕਾਰ ਨੂੰ ਆਖ ਰਹੇ ਹਾਂ ਕਿ ਉਹ ਇਸ ਬਿੱਲ ਨੂੰ ਨਾ ਲਿਆਵੇ ਪਰ ਸਾਡੀ ਆਵਾਜ਼ ਸੁਣੀ ਨਹੀਂ ਗਈ।

  • ਜਦੋਂ ਇਨ੍ਹਾਂ ਆਰਡੀਨੈਂਸਾਂ ਬਾਰੇ ਮੰਤਰੀ ਮੰਡਲ ਵਿੱਚ ਚਰਚਾ ਹੋਈ ਸੀ ਤਾਂ ਪਾਰਟੀ ਦੇ ਪ੍ਰਤੀਨਿਧੀ ਹਰਸਿਮਰਤ ਕੌਰ ਬਾਦਲ ਨੇ ਇਸ ‘ਤੇ ਇਤਰਾਜ਼ ਉਠਾਏ ਸਨ ਤੇ ਕਿਸਾਨਾਂ ਦੀਆਂ ਚਿੰਤਾਵਾਂ ਦੀ ਗੱਲ ਕੀਤੀ ਸੀ ਤੇ ਬੇਨਤੀ ਕੀਤੀ ਸੀ ਕਿ ਆਰਡੀਨੈਂਸ ਰੋਕ ਲਏ ਜਾਣ ਪਰ ਫਿਰ ਵੀ ਆਰਡੀਨੈਂਸ ਜਾਰੀ ਕਰ ਦਿੱਤੇ ਗਏ।
  • ਸਾਨੂੰ ਆਸ ਸੀ ਕਿ ਸਰਕਾਰ ਇਸ ਬਿੱਲ ਨੂੰ ਪੇਸ਼ ਕਰਨ ਸਮੇਂ ਆਪਣੀ ਗਲਤੀ ਸੁਧਾਰੇਗੀ ਪਰ ਅਜਿਹਾ ਨਹੀਂ ਹੋਇਆ। ਸ਼੍ਰੋਮਣੀ ਅਕਾਲੀ ਦਲ ਕਿਸੇ ਦੇ ਦਬਾਅ ਹੇਠ ਨਹੀਂ ਹੈ। ਜੋ ਸ਼ੰਕੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੇ ਹਨ, ਉਹ ਦੂਰ ਕੀਤੇ ਜਾਣੇ ਚਾਹੀਦੇ ਹਨ।

ਕੈਪਟਨ ਸਰਕਾਰ ਜਾਵੇਗੀ ਅਦਾਲਤ

ਲੋਕ ਸਭਾ ਵਿੱਚ ਮੌਨਸੂਨ ਸੈਸ਼ਨ ਦੇ ਦੂਜੇ ਦਿਨ ਜ਼ਰੂਰੀ ਵਸਤੂ ਸੋਧ ਐਕਟ ਪਾਸ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਸੋਧੇ ਗਏ ਐਕਟ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇਗੀ।  ਕੈਪਟਨ ਨੇ ਕਰਕੇ ਕਿਹਾ ਕਿ ਇਹ ਭਾਜਪਾ ਅਤੇ ਐੱਨਡੀਏ ਦੀ ਕਿਸਾਨਾਂ ਪ੍ਰਤੀ ਸਾਜਿਸ਼ ਹੈ ਅਤੇ ਅਕਾਲੀ ਦਲ ਇਸ ਦਾ ਭਾਗੀਦਾਰ ਹੈ।

ਇਸ ਐਕਟ (Essential Commodities (Amendment) Act) ਅਧੀਨ  ਦਾਲਾਂ, ਤੇਲ ਬੀਜ, ਖਾਣ ਵਾਲੇ ਤੇਲ, ਆਲੂ, ਪਿਆਜ ਨੂੰ ਜ਼ਰੂਰੀ ਵਸਤਾਂ ਦੀ ਲਿਸਟ ਵਿੱਚੋਂ ਕੱਢਿਆ ਗਿਆ ਹੈ।