India International

ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਨੂੰ ਹਰੀ ਝੰਡੀ, ਭਾਰਤ ਹਾਲੇ ਚੁੱਪ ਹੈ!

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਇੱਕ ਅਹਿਮ ਫੈਸਲਾ ਲਿਆ ਹੈ। ਪਾਕਿਸਤਾਨ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਤਿਆਰ ਹੈ। ਭਾਰਤ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ।

ਪਾਕਿਸਤਾਨੀ ਵਿਦੇਸ਼ ਵਿਭਾਗ ਨੇ ਕਿਹਾ ਕਿ ਕਰੋਨਾ ਕਾਰਨ ‘ਲਾਂਘੇ’ ਨੂੰ ਅਸਥਾਈ ਤੌਰ ’ਤੇ ਬੰਦ ਕਰਨ ਤੋਂ ਤਿੰਨ ਮਹੀਨਿਆਂ ਬਾਅਦ ਹੁਣ ‘ਲਾਂਘੇ’ ਨੂੰ ਖੋਲ੍ਹਣ ਲਈ ਉਹ ਤਿਆਰ ਹਨ।

ਭਾਰਤ ਨੇ ਕੋਵਿਡ-19 ਕਰਕੇ 16 ਮਾਰਚ ਨੂੰ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਲਈ ਯਾਤਰਾ ਅਤੇ ਰਜਿਸਟ੍ਰੇਸ਼ਨ ਨੂੰ ਅਸਥਾਈ ਤੌਰ’ ਤੇ ਮੁਅੱਤਲ ਕਰ ਦਿੱਤਾ ਸੀ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਟਵੀਟ ਵਿੱਚ ਕਿਹਾ, “ਜਦੋਂ ਦੁਨੀਆ ਭਰ ਵਿੱਚ ਧਾਰਮਿਕ ਸਥਾਨ ਖੁੱਲ੍ਹ ਰਹੇ ਹਨ, ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਲੋੜੀਂਦੇ ਪ੍ਰਬੰਧ ਕਰ ਲਏ ਹਨ।”

ਸਿਹਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪਾਕਿਸਤਾਨ ਨੇ ਭਾਰਤ ਨੂੰ ਲਾਂਘਾ ਖੋਲ੍ਹਣ ਲਈ ਲੋੜੀਂਦੀਆਂ ਐਸਓਪੀਜ਼ (ਸਟੈਂਡਰਡ ਆਪਰੇਟਿੰਗ ਪ੍ਰਕਿਰਿਆਵਾਂ) ‘ਤੇ ਕੰਮ ਕਰਨ ਲਈ ਸੱਦਾ ਦਿੱਤਾ ਹੈ।