Punjab

ਬੇਅਦਬੀ ਮਾਮਲਿਆਂ ਬਾਰੇ “ਆਪ” ਵਿਧਾਇਕ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ

ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਪਾਰਟੀ ਨੂੰ ਇੱਕ ਵਾਰ ਫਿਰ ਕਟਿਹਰੇ ‘ਚ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋ ਲੀ ਕਾਂ ਡ ਦੇ ਮਾਮਲਿਆਂ ਵਿੱਚ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਅਤੇ ਰਿੱਟ ਪਟੀਸ਼ਨਾਂ ਦੀ ਸਹੀ ਢੰਗ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਸਾਬਕਾ ਆਈਜੀ ਅਤੇ ਵਿਧਾਇਕ ਨੇ ਇਹ ਪੱਤਰ ਉਦੋਂ ਲਿਖਿਆ ਜਦੋਂ ਸਾਬਕਾ ਮੰਤਰੀ ਡਾਕਟਰ ਨਵਜੋਤ ਕੌਰ ਸਿੱਧੂ ਇੱਕ ਦਿਨ ਪਹਿਲਾਂ ਉਨ੍ਹਾਂ ਨੂੰ ਗ੍ਰਹਿ ਮੰਤਰੀ ਬਣਾਉਣ ਦੀ ਸ਼ੁਰਲੀ ਛੱਡ ਕੇ ਹਟੇ ਹਨ।

ਉਨ੍ਹਾਂ ਨੇ  ਇਸ ਪੱਤਰ ਵਿੱਚ ਲਿਖਿਆ ਹੈ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋ ਲੀ ਕਾਂ ਡ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਕਈ ਕੇਸ ਅਤੇ ਰਿੱਟ ਪਟੀਸ਼ਨਾਂ ਪੈਂਡਿੰਗ ਹਨ। ਉਨ੍ਹਾਂ ਨੂੰ ਇਕ ਮਾਧਿਅਮ ਰਾਹੀਂ ਪਤਾ ਲੱਗਾ ਹੈ ਕਿ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਸਹੀ ਢੰਗ ਨਾਲ ਨਹੀਂ ਦੇਖ ਰਹੀ। ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਿਹਾ ਕੇਸ ਵੀ ਅੱਗੇ ਨਹੀਂ ਵਧ ਰਿਹਾ। ਕੁੰਵਰ ਵਿਜੇ ਪ੍ਰਤਾਪ ਨੇ ਇਹ ਵੀ ਕਿਹਾ ਹੈ ਕਿ  ਦੋ ਸ਼ੀ ਧਿਰਾਂ ਫਰੀਦਕੋਟ ਅਦਾਲਤ ਵਿੱਚ ਚੱਲ ਰਹੇ ਬਹਿਬਲ ਕਲਾਂ ਕੇਸ ਦੀ ਸੁਣਵਾਈ ਅਤੇ ਜਾਂਚ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਆਪਣੇ ਆਪ ਨੂੰ ਬਰੀ ਕਰਵਾਉਣਾ ਚਾਹੁੰਦੀਆਂ ਹਨ। ਇਸ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅੱਜ ਕਈ ਕੇਸਾਂ ਦੀ ਸੁਣਵਾਈ ਹੋਣੀ ਹੈ।

 ਕੁੰਵਰ ਵਿਜੇ ਪ੍ਰਤਾਪ ਨੇ ਇਹਨਾਂ ਮਾਮਲਿਆਂ ਦੀ ਸਹੀ ਤਰੀਕੇ ਨਾਲ ਜਾਂਚ ਨਾ ਕਰਨ ਦੇ ਵਿਰੋਧ ਵਿੱਚ ਅਸਤੀਫਾ ਦੇ ਦਿੱਤਾ ਸੀ। ਹੁਣ ਉਨ੍ਹਾਂ ਨੇ ਦੋ ਸ਼ ਲਾਇਆ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਨੇ ਨਾ ਤਾਂ ਇਨ੍ਹਾਂ ਕੇਸਾਂ ਨੂੰ ਨੇਪਰੇ ਚਾੜ੍ਹਨ ਲਈ ਕੋਈ ਕੰਮ ਨਹੀਂ ਕੀਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਬੇਨਤੀ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੀਆਂ ਪਟੀਸ਼ਨਾਂ ਦੇ ਖਿਲਾਫ ਖੜੇ ਹੋ ਕੇ ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਹੀ ਸੁਣਵਾਈ ਨੂੰ ਅੱਗੇ ਵਧਾਇਆ ਜਾਵੇ।

ਦੱਸ ਦਈਏ ਕਿ ਲਗਭਗ ਇੱਕ ਮਹੀਨਾ ਪਹਿਲਾਂ ਵੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦੋ ਸੀਨੀਅਰ ਆਈਪੀਐਸ ਅਧਿਕਾਰੀਆਂ ਦੀ ਤੈਨਾਤੀ ਨੂੰ ਲੈ ਕੇ ਸਵਾਲ ਚੁੱਕੇ ਸਨ। ਉਨ੍ਹਾਂ ਕਿਹਾ ਸੀ ਕਿ ਇਹ ਦੋਵੇਂ ਅਧਿਕਾਰੀ ਐਸਆਈਟੀ ਦਾ ਹਿੱਸਾ ਸਨ ਅਤੇ ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਕੁਝ ਨਹੀਂ ਕੀਤਾ ਗਿਆ।