India

ਪੀੜਤ ਦਲਿਤ ਲੜਕੀ ਦੀ ਮੌਤ ਮਗਰੋਂ ਪੁਲਿਸ ਨੇ ਪਰਿਵਾਰ ਦੀ ਗੈਰ-ਹਾਜ਼ਰੀ ‘ਚ ਕੀਤਾ ਸਸਕਾਰ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਹਾਥਰਸ ਸਮੂਹਿਕ ਜਬਰ ਜਨਾਹ ਪੀੜਤ ਦਲਿਤ ਲੜਕੀ ਦੀ ਮੌਤ ਹੋਣ ਤੋਂ ਬਾਅਦ ਬੀਤੀ ਰਾਤ ਹੀ ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਯੂਪੀ ਪ੍ਰਸ਼ਾਸਨ ਨੇ ਲੜਕੀ ਦਾ ਸਸਕਾਰ ਕਰ ਦਿੱਤਾ। ਪਰਿਵਾਰ ਦਾ ਦੋਸ਼ ਹੈ ਕਿ ਉਸ ਨੂੰ ਪ੍ਰਸ਼ਾਸਨ ਤੇ ਪੁਲਿਸ ਨੇ ਬੰਦੀ ਬਣਾ ਦਿੱਤਾ ਤੇ ਲਾਸ਼ ਵੀ ਘਰ ਨਹੀਂ ਲਿਆਉਣ ਦਿੱਤੀ। ਸੂਤਰਾਂ ਮੁਤਾਬਕ ਇਸ ਮਾਮਲੇ ਨੂੰ ਛੇਤੀ ਨਾਲ ਖਤਮ ਕਰਨ ਦੇ ਇਰਾਦੇ ਨਾਲ ਹੀ ਸਰਕਾਰ ਨੇ ਲੜਕੀ ਦਾ ਸਸਕਾਰ ਰਾਤ ਨੂੰ ਹੀ ਕਰਵਾ ਦਿੱਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਹਾਥਰਸ ਵਿੱਚ ਦਲਿਤ ਲੜਕੀ ਦੀ ਕਥਿਤ ਸਮੂਹਿਕ ਜਬਰ ਜਨਾਹ ਤੋਂ ਬਾਅਦ ਕਤਲ ਦੇ ਮਾਮਲੇ ਵਿੱਚ ਗੱਲਬਾਤ ਕੀਤੀ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ਚਾਰ ਹੈਵਾਨਾਂ ਨੇ 19 ਸਾਲ ਦੀ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਕੇ ਉਸ ਦੀ ਜੀਭ ਕੱਟ ਦਿੱਤੀ ਸੀ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। ਇਸ ਸਮੂਹਿਕ ਜਬਰ ਜਨਾਹ ਦੇ ਮਾਮਲੇ ‘ਚ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੱਲੋਂ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।

SIT ਵੱਲੋਂ ਸੱਤਾਂ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਮੁੱਖ ਮੰਤਰੀ ਆਦਿੱਤਿਆਨਾਥ ਨੇ ਇਸ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਫਾਸਟ ਟਰੈਕ ਅਦਾਲਤ ‘ਚ ਮੁਕੱਦਮਾ ਚਲਾਉਣ ਦੇ ਨਿਰਦੇਸ਼ ਦਿੱਤੇ ਹਨ।

ਕਿਵੇਂ ਕੀਤਾ ਪੀੜਤਾ ਦਾ ਅੰਤਿਮ ਸਸਕਾਰ

ਸਮੂਹਿਕ ਜਬਰ ਜਨਾਹ ਦੀ ਪੀੜਤਾ ਦਾ ਸਸਕਾਰ ਯੂਪੀ ਪੁਲਿਸ ਨੇ ਹਨੇਰੇ ‘ਚ ਕਰੀਬ 2.30 ਵਜੇ ਕਰ ਦਿੱਤਾ। ਇਸ ਦੌਰਾਨ ਪੁਲਿਸ ਵਾਲਿਆਂ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਘਰ ਵਿੱਚ ਕੈਦ ਕਰ ਦਿੱਤਾ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਬਿਨਾਂ ਦੱਸੇ ਲਾਸ਼ ਨੂੰ ਘਰ ਤੋਂ ਦੂਰ ਲਿਜਾ ਕੇ ਚੁੱਪ-ਚਾਪ ਸਸਕਾਰ ਕਰ ਦਿੱਤਾ।