‘ਦ ਖ਼ਾਲਸ ਬਿਊਰੋ ( ਬਠਿੰਡਾ ) :- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੱਲ੍ਹ 18 ਸਤਬੰਰ ਨੂੰ ਸੂਬਾਈ ਵਿਸ਼ਾ ਸੂਚੀ ਵਿੱਚ ਦਰਜ ਵਸਤਾਂ ’ਤੇ ਬਿੱਲ ਪਾਸ ਕਰਨ ’ਤੇ ‘NDA ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਹਰੇਕ ਸਾਲ ਪੰਜਾਬ ਨੂੰ 4000 ਕਰੋੜ ਰੁਪਏ ਦਾ ਘਾਟਾ ਪਵੇਗਾ, ਜਿਸ ਨਾਲ ਪੇਂਡੂ ਜਨ-ਜੀਵਨ ਤਬਾਹ ਹੋਣ ਦੇ ਨਾਲ-ਨਾਲ ਪਹਿਲਾਂ ਹੀ ਸੰਕਟ ਵਿੱਚ ਡੁੱਬੀ ਕਿਸਾਨ ਕੱਖੋਂ ਹੌਲੀ ਹੋ ਜਾਵੇਗੀ।

ਮਨਪ੍ਰੀਤ ਸਿੰਘ ਬਾਦਲ ਨੇ ਕੱਲ੍ਹ ਬਠਿੰਡਾ ਤੋਂ ਆਨਲਾਈਨ ਕਿਸਾਨ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ‘NDA ਸਰਕਾਰ ਭਾਰਤ ਦੇ ਕਿਸਾਨਾਂ ਨੂੰ ਇਸ ਗੱਲ ਦਾ ਭਰੋਸਾ ਦੇਣ ਤੋਂ ਭੱਜ ਰਹੀ ਹੈ ਕਿ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰਹੇਗਾ।

ਕੇਂਦਰ ਸਰਕਾਰ ਨਾਲ ਮੀਟਿੰਗ ਦੇ ਵੇਰਵੇ ਪੇਸ਼ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਕੋਲ 7 ਮੁੱਦੇ ਉਠਾਏ ਸਨ। ਇਨ੍ਹਾਂ ਵਿੱਚ ਕੇਂਦਰ ਸਰਕਾਰ ਪਾਸੋਂ ਘੱਟੋ-ਘੱਟ ਸਮਰਥਨ ਮੁੱਲ ਖਤਮ ਨਾ ਕਰਨ ਦਾ ਸਪਸ਼ਟ ਭਰੋਸਾ ਲੈਣਾ ਵੀ ਸ਼ਾਮਲ ਸੀ। ਇਸ ਤੋਂ ਇਲਾਵਾ ਮੱਕੀ ਨੂੰ ਘੱਟੋ-ਘੱਟ ਸਮਰਥਨ ਭਾਅ ਦੇ ਦਾਇਰੇ ਵਿੱਚ ਲਿਆਉਣਾ, ਖੇਤੀਬਾੜੀ ਖੋਜ ਲਈ ਸੂਬਿਆਂ ਨੂੰ ਹੋਰ ਵਸੀਲੇ ਪ੍ਰਦਾਨ ਕਰਨਾ, ਕੀਟਨਾਸ਼ਕ ਐਕਟ ਤਹਿਤ ਸੂਬਿਆਂ ਨੂੰ ਵਧੇਰੇ ਸ਼ਕਤੀਆਂ ਦੇਣਾ ਅਤੇ ਹੋਰ ਫਸਲਾਂ ‘ਚ ਖੋਜ ਕਾਰਜ ਵਧਾਉਣਾ ਸ਼ਾਮਲ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦੋਗਲੇਪਣ ਦਾ ਸ਼ਿਕਾਰ ਤੇ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਪਾਖੰਡ ਦੱਸਿਆ।

Leave a Reply

Your email address will not be published. Required fields are marked *