Punjab

ਖੇਤੀ ਕਾਨੂੰਨ ਮਾਮਲਾ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਦਾ ਪੁਤਲਾ ਸਾੜ ਕੇ ਕਾਲੀ ਦਿਵਾਲੀ ਮਨਾਉਣ ਦਾ ਕੀਤਾ ਆਗਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਵਿੱਚ ਕਿਸਾਨਾਂ ਦਾ ਸੰਘਰਸ਼ ਲਗਾਤਾਰ ਵਧ ਰਿਹਾ ਹੈ। ਹੁਣ ਇਹ ਸੰਘਰਸ਼ ਦਿੱਲੀ ਵੱਲ ਨੂੰ ਕੂਚ ਕਰਨ ਦੀ ਤਿਆਰੀ ਕਰ ਰਿਹਾ ਹੈ। ਕਿਸਾਨਾਂ ਵੱਲੋਂ 26-27 ਨਵੰਬਰ ਨੂੰ ਦਿੱਲੀ ਘੇਰਨ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ, ਦਿੱਲੀ ਸਰਕਾਰ ਨੇ ਕਿਸਾਨਾਂ ਨੂੰ ਇਹ ਧਰਨਾ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਨੇ ਅੱਜ ਅੰਮ੍ਰਿਤਸਰ ‘ਚ ਸ਼ਾਮ ਸਿੰਘ ਅਟਾਰੀ ਚੌਂਕ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ,ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਸਰਵਣ ਸਿੰਧ ਪੰਧੇਰ ਨੇ ਲੋਕਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਿੱਖ ਧਰਮ ਵਾਲੇ ਲੋਕ ਆਪਣੀਆਂ ਭਾਵਨਾਵਾਂ ਦੇ ਨਾਲ ਬੰਦੀ ਛੋੜ ਦਿਹਾੜਾ ਮਨਾਉਣ ਅਤੇ ਹਿੰਦੂ ਧਰਮ ਦੇ ਲੋਕ ਦਿਵਾਲੀ ਦਾ ਤਿਉਹਾਰ ਆਪਣੀਆਂ ਭਾਵਨਾਵਾਂ ਦੇ ਨਾਲ ਮਨਾਉਣ। ਪਰ ਅਸੀਂ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨ ਅਤੇ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਨੂੰ ਰੋਕਣ ਦੇ ਵਿਰੋਧ ‘ਚ ਇਹ ਕਾਲੀ ਦਿਵਾਲੀ ਮਨਾਉਣਾ ਚਾਹੁੰਦੇ ਹਾਂ।

ਉਨ੍ਹਾਂ ਐਲਾਨ ਕੀਤਾ ਕਿ ਕੱਲ੍ਹ ਪੂਰੇ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿੱਚ ਮੋਦੀ ਸਰਕਾਰ ਦੀਆਂ ਅਰਥੀਆਂ ਸਾੜ ਕੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਜਥੇਬੰਦੀ ਨੇ ਪੰਜਾਬ ਦੇ ਲੋਕਾਂ ਨੂੰ ਆਪਣੇ ਦਫਤਰਾਂ, ਵਹੀਕਲਾਂ, ਟਰੈਕਟਰਾਂ, ਘਰਾਂ ‘ਤੇ ਕਾਲਾ ਝੰਡੇ ਲਾ ਕੇ ਕੇਂਦਰ ਸਰਕਾਰ ਦਾ ਵਿਰੋਧ ਕਰਨ ਦੀ ਅਪੀਲ ਕੀਤੀ।

ਅੱਜ ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਨਾਲ ਵਿਗਿਆਨ ਭਵਨ, ਦਿੱਲੀ ਵਿੱਚ ਮੀਟਿੰਗ ਕੀਤੀ ਜਾ ਰਹੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਇਸ ਮੀਟਿੰਗ ਵਿੱਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ।