Punjab

ਸੁਖਬੀਰ ਬਾਦਲ ਦੀ ਖੇਤੀ ਆਰਡੀਨੈਂਸਾਂ ਵਾਲੀ ਚਿੱਠੀ ਕਿਸਾਨਾਂ ਨਾਲ ਧੋਖਾ- ਬੀਰਦਵਿੰਦਰ ਸਿੰਘ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂਆਂ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਖੇਤੀ ਆਰਡੀਨੈਂਸਾਂ ਸਬੰਧੀ ਵਿਖਾਈ ਜਾ ਰਹੀ ਕਥਿਤ ਰਾਹਤ ਵਾਲੀ ਕੇਂਦਰੀ ਖੇਤੀ ਮੰਤਰੀ ਦੀ ਲਿਖੀ ਚਿੱਠੀ ਨੂੰ ਕਿਸਾਨਾਂ ਨਾਲ ਧੋਖਾ ਦੱਸਿਆ ਹੈ। ਉਨ੍ਹਾਂ ਇਸ ਨੂੰ ਮੋਦੀ ਸਰਕਾਰ ਤੇ ਬਾਦਲਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ ਹੈ।

ਦੋਵੇਂ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਤਾਂ ਕੇਂਦਰ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਰਿਹਾ ਹੈ, ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੇਂਦਰ ਵੱਲੋਂ ਲਿਆਂਦੀ ਚਿੱਠੀ ਵਿਖਾ ਕੇ ਕਿਸਾਨਾਂ ਨੂੰ ਭੰਬਲਭੂਸੇ ’ਚ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹੇ ਦੋਹਰੇ ਮਾਪਦੰਡਾਂ ਤੋਂ ਕਿਸਾਨਾਂ ਨੂੰ ਸੁਚੇਤ ਹੋਣ ਦੀ ਲੋੜ ਹੈ।

ਬੀਰਦਵਿੰਦਰ ਸਿੰਘ ਨੇ ਕਿਹਾ ਕਿ ‘ਖੇਤੀ ਆਰਡੀਨੈਂਸ ’ਤੇ ਸੁਖਬੀਰ ਸਿੰਘ ਬਾਦਲ ਲੁਕਵੇਂ ਏਜੰਡੇ ਨਾਲ ਕਿਸਾਨੀ ਦਾ ਵੱਡੇ ਪੱਧਰ ’ਤੇ ਨੁਕਸਾਨ ਕਰ ਰਿਹਾ ਹੈ। ਖੇਤੀ ਆਰਡੀਨੈਂਸ ਬਿੱਲ ਨਾਲ ਕਿਸਾਨਾਂ ਦਾ ਆਰਥਿਕ ਅਤੇ ਸਮਾਜਿਕ ਤੌਰ ’ਤੇ ਵੱਡਾ ਨੁਕਸਾਨ ਹੋਵੇਗਾ ਜਿਸ ਦੀ ਭਰਪਾਈ ਸੁਖਬੀਰ ਦੀ ਚਿੱਠੀ ਕਦੇ ਵੀ ਨਹੀਂ ਕਰ ਸਕੇਗੀ। ਅਸਲ ’ਚ ਸੁਖਬੀਰ ਬਾਦਲ ਆਪਣੀ ਪਤਨੀ ਦੀ ਕੇਂਦਰ ’ਚ ਵਜ਼ੀਰੀ ਦੀ ਕੁਰਸੀ ਲਈ ਕਿਸਾਨਾਂ ਨੂੰ ਗੁੰਮਰਾਹ ਕਰਨ ਦੀਆਂ ਸਾਜ਼ਿਸ਼ਾਂ ਰਚ ਰਿਹਾ ਹੈ।

ਸੁਖਬੀਰ ਦੀ ਪਤਨੀ ਕੈਬਨਿਟ ’ਚ ਬਕਾਇਦਾ ਪੰਜਾਬ ਦੇ ਕਿਸਾਨ ਵਿਰੋਧੀ ਤਿੰਨੇ ਖੇਤੀ ਆਰਡੀਨੈਂਸਾਂ ਦੇ ਹੱਕ ’ਚ ਭੁਗਤੀ ਹੈ’। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨੀ ਨੂੰ ਬਚਾਉਣ ਲਈ ਉਲੀਕੇ ਹਰ ਸੰਘਰਸ਼ ’ਚ ਕਿਸਾਨਾਂ ਦੀ ਬਾਂਹ ਫੜੇਗੀ। ਇਸ ਮੌਕੇ ਰਣਧੀਰ ਸਿੰਘ ਰੱਖੜਾ, ਗੁਰਸੇਵ ਸਿੰਘ ਹਰਪਾਲਪੁਰ, ਨਾਹਰ ਸਿੰਘ ਤੇ ਸੁਖਵੰਤ ਸਿੰਘ ਸਰਾਓ ਹਾਜ਼ਰ ਸਨ।

 ਸ਼੍ਰੋਮਣੀ ਕਮੇਟੀ ਵੱਲੋਂ ਗੁੰਮ ਹੋਏ ਸਰੂਪਾਂ ਦੇ ਮਾਮਲੇ ’ਚ ਕੀਤੀ ਗਈ ਕਾਰਵਾਈ ਨੂੰ ਮਹਿਜ਼ ਖਾਨਾਪੂਰਤੀ ਕਰਾਰ ਦਿੰਦਿਆਂ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ‘ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਗੁੰਮ ਹੋਏ ਪਾਵਨ ਸਰੂਪ ਕਿੱਥੇ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਖਲਾਕੀ ਆਧਾਰ ’ਤੇ ਜਿਵੇਂ ਅਸਤੀਫਾ ਦਿੱਤਾ, ਉਸੇ ਤਰਜ਼ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਸੁਖਬੀਰ ਸਿੰਘ ਬਾਦਲ ਨੂੰ ਵੀ ਅਸਤੀਫੇ ਦੇਣੇ ਚਾਹੀਦੇ ਹਨ’।