Punjab

ਪਰਾਲੀ ਸਾੜਨ ਨੂੰ ਰੋਕਣ ਲਈ ਬਠਿੰਡਾ ‘ਚ 294 ਨੋਡਲ ਤੇ 32 ਕਲਸਟਰ ਅਫ਼ਸਰ ਕੀਤੇ ਨਿਯੁਕਤ

‘ਦ ਖ਼ਾਲਸ ਬਿਊਰੋ:-  ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਸਾਉਣੀ ਸੀਜ਼ਨ ਵਿੱਚ ਪਰਾਲੀ ਸਾੜਣ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਝੋਨੇ ਦਾ ਉਤਪਾਦਨ ਕਰਨ ਵਾਲੇ ਪਿੰਡਾਂ ਵਿੱਚ ਜਿੱਥੇ ਪਰਾਲੀ ਨੂੰ ਰਵਾਇਤੀ ਤੌਰ ‘ਤੇ ਅੱਗ ਲਾਈ ਜਾਂਦੀ ਹੈ,  ਲਈ ਨੋਡਲ ਅਫਸਰ ਨਿਯੁਕਤ ਕੀਤੇ ਹਨ। ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਕਿਸਾਨਾਂ ਨੂੰ ਕੋਵਿਡ-19 ਦੀ ਮਹਾਂਮਾਰੀ ਫੈਲਣ ਦੀਆਂ ਵਿਸ਼ੇਸ਼ ਹਾਲਤਾਂ ਵਿੱਚ ਝੋਨੇ ਦੀ ਪਰਾਲੀ ਸਾੜਣ ਦੇ ਰੁਝਾਨ ਨੂੰ ਖਤਮ ਕਰਨ ਦੀ ਅਪੀਲ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪਿੰਡ ਪੱਧਰ ‘ਤੇ ਜ਼ਮੀਨੀ ਸਰਗਰਮੀਆਂ ਲਈ ਪ੍ਰਸ਼ਾਸਨਿਕ ਮਸ਼ੀਨਰੀ ਨੂੰ ਵੀ ਸ਼ਾਮਲ ਕੀਤਾ ਜਾਵੇ ਜਿਸ ਕਰਕੇ ਹਰੇਕ ਪਿੰਡ ਵਿੱਚ ਜਿੱਥੇ ਝੋਨਾ ਲਾਇਆ ਜਾਂਦਾ ਹੈ ਅਤੇ ਪਰਾਲੀ ਨੂੰ ਸਾੜਿਆ ਜਾਂਦਾ ਹੈ, ਲਈ ਜ਼ਿਲ੍ਹੇ ਵਿੱਚ ਪਿੰਡ ਪੱਧਰ ‘ਤੇ 294 ਨੋਡਲ ਅਫਸਰ ਅਤੇ 32 ਕਲੱਸਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ।

ਇਹ ਨੋਡਲ ਅਤੇ ਕਲੱਸਟਰ ਅਫ਼ਸਰ 15 ਨਵੰਬਰ ਤੱਕ ਪਿੰਡਾਂ ਵਿੱਚ ਆਪਣੀ ਡਿਊਟੀ ਨਿਭਾਉਣਗੇ ਅਤੇ ਸਹਿਕਾਰਤਾ, ਮਾਲ, ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਬਾਗ਼ਬਾਨੀ ਅਤੇ ਭੌਂ ਸੁਰੱਖਿਆ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਗਾਰਡੀਅਨਜ਼ ਆਫ ਗਵਰਨੈਂਸ ਨਾਲ ਪੂਰਾ ਤਾਲਮੇਲ ਕਰਕੇ ਪੰਜਾਬ ਵਿੱਚ ਪਰਾਲੀ ਸਾੜਣ ਦੇ ਗੈਰ-ਸਿਹਤਮੰਦ ਅਮਲ ਦੇ ਖਾਤਮੇ ਲਈ ਆਪਣੇ ਯਤਨ ਹੋਰ ਤੇਜ਼ ਕਰਨਗੇ।

ਇਹ ਅਫਸਰ ਇਹ ਯਕੀਨੀ ਬਣਾਉਣਗੇ ਕਿ ਪਿੰਡਾਂ ਵਿੱਚ ਸਿਰਫ ਸੁਪਰ ਐਸ.ਐਮ.ਐਸ. ਸਿਸਟਮ ਵਾਲੀਆਂ ਕੰਬਾਇਨਾਂ ਨੂੰ ਚੱਲਣ ਦਿੱਤਾ ਜਾਵੇ। ਇਹ ਅਫਸਰ ਜ਼ਮੀਨ ਠੇਕੇ ਉੱਤੇ ਦੇਣ ਵਾਲਿਆਂ ਦੀ ਸੂਚੀ ਤਿਆਰ ਕਰਨਗੇ।  ਨੋਡਲ ਅਫਸਰ ਪਰਾਲੀ ਸਾੜਣ ਵਾਲੇ ਕਿਸਾਨਾਂ ਦਾ ਪਤਾ ਲਾਉਣਗੇ ਅਤੇ ਪਿੰਡ ਦੇ ਮਾਲ ਪਟਵਾਰੀ ਨੂੰ ਮਾਲ ਵਿਭਾਗ ਵੱਲੋਂ ਵੱਖਰੇ ਤੌਰ ‘ਤੇ ਜਾਰੀ ਹਦਾਇਤਾਂ ਮੁਤਾਬਕ ਮਾਲ ਰਿਕਾਰਡ ਵਿੱਚ ਲੋੜੀਂਦੀ ਐਂਟਰੀ ਕਰਨ ਲਈ ਕਹਿਣਗੇ।

ਨੋਡਲ ਅਧਿਕਾਰੀ ਪਰਾਲੀ ਦੇ ਨਿਪਟਾਰੇ ਦੀਆਂ ਮਸ਼ੀਨਾਂ ਦੇ ਪ੍ਰਦਰਸ਼ਨ ਰਾਹੀਂ ਪਿੰਡਾਂ ਵਿੱਚ ਜਾਗਰੂਕਤਾ ਪੈਦਾ ਕਰਨਗੇ।  ਇਹ ਅਧਿਕਾਰੀ ਪੈਂਫਲੈਂਟ ਵੰਡਣ, ਗੁਰਦੁਆਰਿਆਂ ਜਾਂ ਹੋਰ ਤਰੀਕਿਆਂ ਰਾਹੀਂ ਹੋਕੇ ਦਿਵਾਉਣ, ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਸਕੂਲਾਂ ਕੋਲ ਪਹੁੰਚ ਕਰਕੇ ਲੈਕਚਰ ਕਰਵਾਉਣਗੇ ਤਾਂ ਕਿ ਵਿਦਿਆਰਥੀ ਅੱਗੇ ਆਪਣੇ ਮਾਪਿਆਂ ਤੇ ਪਿੰਡ ਦੇ ਹੋਰ ਕਿਸਾਨਾਂ ਨੂੰ ਜਾਗਰੂਕ ਕਰ ਸਕਣ।