Punjab

ਵਾਤਾਵਰਣ ਨੂੰ ਬਚਾਉਣ ਲਈ ਇਸ ਲਹਿਰ ਦਾ ਬਣੋ ਹਿੱਸਾ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਇੱਕ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੰਤ ਅਵਤਾਰ ਸਿੰਘ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਭਾਗ ਲੈਣ ਲਈ ਸੁਲਤਾਨਪੁਰ ਲੋਧੀ ਪਹੁੰਚੇ ਹੋਏ ਸਨ।

ਭਗਵੰਤ ਮਾਨ ਨੇ ਸੂਬੇ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗਦੇ ਪੱਧਰ ਅਤੇ ਵਾਤਾਵਰਨ ਦੇ ਪ੍ਰਦੂਸ਼ਣ ਉਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਕੋ-ਇਕ ਦੁਰਲੱਭ ਤੇ ਬਹੁਮੁੱਲਾ ਕੁਦਰਤੀ ਸਰੋਤ ਪਾਣੀ ਨੂੰ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਦੀ ਰੋਕਥਾਮ ਲਈ ਫੌਰੀ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਕੱਲੀ ਸਰਕਾਰ ਇਹ ਕੰਮ ਨਹੀਂ ਕਰ ਸਕਦੀ, ਸਗੋਂ ਲੋਕਾਂ ਦੀ ਭਾਈਵਾਲੀ ਲਾਜ਼ਮੀ ਹੈ ਤਾਂ ਜੋ ਖ਼ਾਸ ਤੌਰ ਉੱਤੇ ਆਲਮੀ ਤਪਸ ਦੇ ਮੱਦੇਨਜ਼ਰ ਇਸ ਸਰੋਤ ਦੀ ਅਹਿਮੀਅਤ ਬਾਰੇ ਜਾਣੂੰ ਕਰਵਾਉਣ ਲਈ ਵਿਆਪਕ ਲੋਕ ਲਹਿਰ ਬਣਾਈ ਜਾਵੇ।

ਪਾਣੀ ਦੇ ਤੇਜ਼ੀ ਨਾਲ ਘੱਟਦੇ ਪੱਧਰ ਕਾਰਨ ਪੈਦਾ ਹੋ ਰਹੀ ਸਥਿਤੀ ਦੀ ਗੰਭੀਰਤਾ ਉੱਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਜ਼ਮੀਨ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ‘ਡਾਰਕ ਜ਼ੋਨ’ ਵਿੱਚ ਹਨ। ਉਨ੍ਹਾਂ ਨੇ ਕਿਹਾ ਕਿ ਇਹ ਜਾਣ ਕੇ ਬੇਹੱਦ ਦੁੱਖ ਹੋਇਆ ਹੈ ਕਿ ਦੁਬਈ ਤੇ ਹੋਰ ਅਰਬ ਮੁਲਕਾਂ ਵਿੱਚ ਤੇਲ ਕੱਢਣ ਲਈ ਵਰਤੀਆਂ ਜਾਣ ਵਾਲੀਆਂ ਮੋਟਰਾਂ ਦੀ ਹੁਣ ਪੰਜਾਬ ਵਿੱਚ ਧਰਤੀ ਹੇਠੋਂ ਪਾਣੀ ਕੱਢਣ ਲਈ ਵਰਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਾਪਰਵਾਹੀ ਵਾਲੇ ਰੁਝਾਨ ਨੂੰ ਫੌਰੀ ਰੋਕਣ ਦੀ ਲੋੜ ਹੈ ਤਾਂ ਕਿ ਸਾਡੀਆਂ ਆਉਣ ਵਾਲੀਆਂ ਨਸਲਾਂ ਪਾਣੀ ਲਈ ਤਰਸਣ ਲਈ ਮਜ਼ਬੂਰ ਨਾ ਹੋਣ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਵੱਲੋਂ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ ਕਿ ਧਰਤੀ ਹੇਠਲੇ ਪਾਣੀ ਦੀ ਵਰਤੋਂ ਨੂੰ ਘਟਾਇਆ ਜਾਵੇ ਅਤੇ ਧਰਤੀ ਉਪਰਲੇ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਾਲ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਲੁਆਈ ਲਈ ਵਿੱਤੀ ਸਹਾਇਤਾ ਦੇਣ ਦੀ ਸਕੀਮ ਸ਼ੁਰੂ ਕੀਤੀ ਹੈ, ਜਿਸ ਕਾਰਨ ਸੂਬੇ ਵਿੱਚ 20 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਣ ਦੀ ਆਸ ਹੈ, ਜਿਸ ਨਾਲ ਪਾਣੀ ਦੀ ਬੱਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦਾ ਧਿਆਨ ਕਣਕ ਤੇ ਝੋਨੇ ਦੇ ਫਸਲੀ ਚੱਕਰ ਤੋਂ ਹਟਾਉਣ ਲਈ ਮੂੰਗੀ ਉੱਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਇਕ ਹੋਰ ਪਹਿਲਕਦਮੀ ਕੀਤੀ ਹੈ ਤਾਂ ਕਿ ਫਸਲੀ ਵਿਭਿੰਨਤਾ ਰਾਹੀਂ ਪਾਣੀ ਦੀ ਬੱਚਤ ਹੋਵੇ।

ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚੁੱਕੇ ਮੁੱਦੇ ਉਤੇ ਭਗਵੰਤ ਮਾਨ ਨੇ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਹੇਠਾਂ ਤੋਂ ਗਾਦ ਹਟਾਉਣ ਦਾ ਮਸਲਾ ਉਹ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਪੁਲ ਹੇਠਾਂ ਗਾਦ ਜਮ੍ਹਾਂ ਹੋਣ ਕਾਰਨ ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਆਉਂਦੇ ਹੜ੍ਹ ਲੋਕਾਂ ਦੇ ਜਾਨ ਤੇ ਮਾਲ ਲਈ ਵੱਡਾ ਖ਼ਤਰਾ ਬਣ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਅਸੀਂ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਲਾਜ਼ਮੀ ਤੌਰ ਉਤੇ ਆਪਣੇ ਜੀਵਨ ਵਿੱਚ ਅਪਣਾਈਏ। ਸੰਤ ਅਵਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਵਾਤਾਵਰਨ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਪਾਏ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਤ ਅਵਤਾਰ ਸਿੰਘ ਮਹਾਨ ਧਾਰਮਿਕ ਆਗੂ ਤੇ ਸਮਾਜ ਸੁਧਾਰਕ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਮਲ ਕੁਟੀਆ ਵਿੱਚ ਪੌਦਾ ਵੀ ਲਾਇਆ। ਉਨ੍ਹਾਂ ਦੇ ਨਾਲ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਡੀ.ਆਈ.ਜੀ. ਐਸ ਭੂਪਤੀ, ਐਸ.ਐਸ.ਪੀ. ਸਵਪਨ ਸ਼ਰਮਾ ਤੇ ਹੋਰ ਹਾਜ਼ਰ ਸਨ।