Punjab

28 ਸਾਲ ਬਾਅਦ ਜੇਲ੍ਹ ‘ਚੋਂ ਰਿਹਾਅ ਹੋਏ ਭਾਈ ਲਾਲ ਸਿੰਘ ਦਰਬਾਰ ਸਾਹਿਬ ਹੋਏ ਨਤਮਸਤਕ

‘ਦ ਖ਼ਾਲਸ ਬਿਊਰੋ:- ਭਾਈ ਲਾਲ ਸਿੰਘ ਨੇ ਵੱਖ-ਵੱਖ ਜੇਲ੍ਹਾਂ ਵਿੱਚ 28 ਸਾਲ ਬੰਦ ਰਹਿਣ ਮਗਰੋਂ ਬੀਤੇ ਦਿਨ ਨਾਭਾ ਜੇਲ੍ਹ ’ਚੋਂ ਰਿਹਾਅ ਹੋਣ ਤੋਂ ਬਾਅਦ ਸ਼ੁਕਰਾਨੇ ਵਜੋਂ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਉਹ 1992 ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਹੁਣ ਤੱਕ ਗੁਜਰਾਤ ਦੇ ਅਹਿਮਦਾਬਾਦ, ਪੰਜਾਬ ਤੇ ਹੋਰ ਕਈ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਲੰਮਾ ਸਮਾਂ ਬੰਦ ਰਹੇ ਹਨ।

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਜਿਨ੍ਹਾਂ ਵਿੱਚ ਭਾਈ ਲਾਲ ਸਿੰਘ ਦਾ ਨਾਂ ਵੀ ਸ਼ਾਮਲ ਸੀ। ਉਸ ਸਮੇਂ ਉਨ੍ਹਾਂ ਦੀ ਰਿਹਾਈ ਨਹੀਂ ਹੋਈ ਸੀ ਤੇ ਹੁਣ ਬੀਤੇ ਦਿਨ ਉਨ੍ਹਾਂ ਨੂੰ ਨਾਭਾ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ। ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਉਨ੍ਹਾਂ ਗੁਰੂ-ਘਰ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਗੁਰਬਖਸ਼ ਸਿੰਘ ਖਾਲਸਾ ਨੇ ਉਨ੍ਹਾਂ ਦਾ ਸਨਮਾਨ ਕੀਤਾ।