India International Punjab

ਨਨਕਾਣਾ ਸਾਹਿਬ ਜਾਣ ਵਾਲੇ ਜਥੇ ‘ਤੇ ਲਾਈ ਰੋਕ ਮੁੜ ਵਿਚਾਰੇ ਕੇਂਦਰ ਸਰਕਾਰ : ਬੀਬੀ ਜਗੀਰ ਕੌਰ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਸ੍ਰੀ ਨਨਕਾਣਾ ਸਾਹਿਬ ਲਈ ਜਾਣ ਵਾਲੇ ਜਥੇ ‘ਤੇ ਰੋਕ ਲਾਉਣ ਸੰਬੰਧੀ ਆਪਣੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਾਮਿਲ ਹੋਣ ਲਈ ਜਥੇ ’ਤੇ ਕੇਂਦਰ ਸਰਕਾਰ ਨੇ ਰੋਕ ਲਾਈ ਹੈ।


ਆਪਣੀ ਚਿੱਠੀ ਵਿੱਚ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਇਸ਼ ਮਾਮਲੇ ‘ਤੇ ਸਰਕਾਰ ਨੂੰ ਮੁੜ ਵਿਚਾਰ ਕਰਨਾ ਚਾਹੀਦਾ ਹੈ।
ਬੀਬੀ ਜਗੀਰ ਕੌਰ ਨੇ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਲਈ ਵੀਜ਼ੇ ਮਿਲੇ ਹਨ, ਉਨ੍ਹਾਂ ਨੂੰ 21 ਫ਼ਰਵਰੀ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ‘ਚ ਸ਼ਾਮਲ ਹੋਣ ਦੀ ਮਨਜੂਰੀ ਦਿੱਤੀ ਜਾਵੇ। ਅੰਤਿਮ ਮੌਕੇ ਤੇ ਕੇਂਦਰ ਸਰਕਾਰ ਦੇ ਫੈਸਲੇ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਨਿਰਾਦਰ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਬੀਤੇ ਕਈ ਚਿਰ ਤੋਂ ਬੰਦ ਕੀਤਾ ਹੋਇਆ ਹੈ। ਬੀਬੀ ਜਗੀਰ ਕੌਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਤੁਰੰਤ ਖੋਲ੍ਹਣ ਦੀ ਮੰਗ ਕੀਤੀ।