India

27 ਨਵੰਬਰ ਨੂੰ ਮੁੜ ਕਰਤਾਰਪੁਰ ਲਾਂਘਾ ਖੋਲ੍ਹਣ ਵਾਲੇ ਬਿਆਨ ਤੋਂ ਮੁੱਕਰੇ ਭਾਜਪਾ ਲੀਡਰ ਵਿਜੇ ਸਾਂਪਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਮੁੜ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਪ੍ਰਵਾਨਗੀ ਦੇਣ ਵਾਲੇ ਬਿਆਨ ਤੋਂ ਭਾਜਪਾ ਲੀਡਰ ਵਿਜੇ ਸਾਂਪਲਾ ਮੁੱਕਰ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ‘ਮੀਡੀਆ ਵਿੱਚ ਛਪੀਆਂ ਖਬਰਾਂ ਅਨੁਸਾਰ ਮੈਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਜਾਣਕਾਰੀ ਦਿੱਤੀ ਸੀ ਪਰ ਵਿਦੇਸ਼ ਮੰਤਰਾਲੇ ਦੇ ਨਾਲ ਗੱਲ ਕਰਨ ਤੋਂ ਬਾਅਦ ਪਤਾ ਲੱਗਾ ਹੈ ਕਿ 27 ਨਵੰਬਰ ਨੂੰ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਜਥਾ ਜਾਵੇਗਾ, ਜੋ 1 ਦਸੰਬਰ ਨੂੰ ਭਾਰਤ ਵਾਪਿਸ ਆ ਜਾਵੇਗਾ’।

ਭਾਰਤੀ ਵਿਦੇਸ਼ ਮੰਤਰਾਲੇ ਨੇ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦਾ ਗੁਰਪੁਰਬ ਮਨਾਉਣ ਲਈ ਭਾਰਤ ਵੱਲੋਂ ਇੱਕ ਸਿੱਖ ਜਥਾ ਪਾਕਿਸਤਾਨ ਭੇਜਣ ਦਾ ਵੀ ਐਲਾਨ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਹਾਲੇ ਤੱਕ ਇਸ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।