Punjab

ਜ਼ਹਿਰੀਲੀ ਸ਼ਰਾਬ ਮਾਮਲਾ: ਕੈਪਟਨ ਦੀ ਕੋਠੀ ਘੇਰਨ ਪਹੁੰਚੇ BJP ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ BJP ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ BJP ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਲੀਡਰਾਂ ਅਤੇ ਵਰਕਰਾਂ ਵੱਲੋਂ ਚੰਡੀਗੜ੍ਹ ਵਿੱਚ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ  ਨੂੰ ਪਹਿਲਾਂ ਹੀ ਬੈਰੀਕੇਡ ਲਗਾ ਕੇ ਰੋਕ ਲਿਆ। ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਹੱਥਾਂ ‘ਚ ਤਖ਼ਤੀਆਂ ਫੜ੍ਹ ਕੇ  ਉੱਥੋਂ ਹੀ ਕੈਪਟਨ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕਰਨੀ ਸ਼ੁਰੂ ਕਰ ਦਿੱਤੀ।

ਇਸ ਮੌਕੇ ਜਦੋਂ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਹੋਈ ਧੱਕਾ ਮੁੱਕੀ ਤੋਂ ਬਾਅਦ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ BJP ਦੇ ਸੀਨੀਅਰ ਲੀਡਰ ਤਰੁਨ ਚੁੰਘ ਸਮੇਤ ਸਾਰੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਨ੍ਹਾਂ BJP ਦੇ ਲੀਡਰਾਂ ਸਮੇਤ ਵਰਕਰਾਂ ਦੀ ਮੰਗ ਹੈ ਕਿ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ CBI ਤੋਂ ਹੋਣੀ ਚਾਹੀਦੀ ਹੈ। BJP ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਜਦੋਂ ਤੱਕ ਮਾਮਲੇ ਦੀ ਜਾਂਚ CBI ਤੋਂ  ਨਹੀਂ ਹੋ ਜਾਂਦੀ, ਉਦੋਂ ਤੱਕ ਧਰਨੇ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ।

ਹਾਲਾਂਕਿ ਕੋਰੋਨਾਵਾਇਰਸ ਦੇ ਵੱਧ ਰਹੇ ਕਹਿਰ ਨੂੰ ਦੇਖਦਿਆਂ ਅੱਜ ਤੋਂ ਸੂਬੇ ਭਰ ‘ਚ ਸਖ਼ਤੀ ਵਧਾ ਦਿੱਤੀ ਗਈ ਹੈ। ਫਿਰ ਵੀ BJP ਦੇ ਵਰਕਰਾਂ ਵੱਲੋਂ ਕਾਨੂੰਨ ਦੀਆਂ ਅਤੇ Covid-19 ਦੇ ਨਿਯਮਾਂ ਦੀਆਂ ਰੱਜ ਕੇ ਧੱਜੀਆਂ ਉਡਾਈਆਂ ਗਈਆਂ।

ਇਸ ਤੋਂ ਪਹਿਲਾਂ 17 ਅਗਸਤ ਨੂੰ ਵੀ  BJP ਦੇ ਵਰਕਰਾਂ ਵੱਲੋਂ ਸੂਬੇ ਭਰ ‘ਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਚੁੱਕਿਆ ਹੈ।