Punjab

ਖੇਤੀ ਬਿੱਲਾਂ ਖਿਲਾਫ਼ ਮੈਦਾਨ ‘ਚ ਨਿੱਤਰੇ CM ਕੈਪਟਨ ਅਮਰਿੰਦਰ ਸਿੰਘ

‘ਦ ਖ਼ਾਲਸ ਬਿਊਰੋ:- ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਧਰਨੇ ‘ਤੇ ਬੈਠ ਗਈ ਹੈ ਤੇ ਕੇਂਦਰ ਨੂੰ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।  ਕੈਪਟਨ ਅਮਰਿੰਦਰ ਸਿੰਘ ਖਟਕੜ ਕਲਾਂ ਪਹੁੰਚੇ, ਜਿੱਥੇ ਉਹਨਾਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ।

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮਹਾਰਾਣੀ ਪ੍ਰਨੀਤ ਕੌਰ, ਹਰੀਸ਼ ਰਾਵਤ ਵੀ ਨਾਲ ਪੁੱਜੇ ਹਨ ਅਤੇ ਉਨ੍ਹਾਂ ਸ਼ਹੀਦਾਂ ਦੀ ਸਮਾਰਕ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ।  ਉਹਨਾਂ ਕਿਹਾ ਕਿ ਕੇਂਦਰ ਸਰਕਾਰ ਛੋਟੇ ਕਿਸਾਨਾਂ ਤੋਂ ਰੋਟੀ ਖੋਹ ਰਹੀ ਹੈ। ਕੈਪਟਨ ਨੇ ਕਿਹਾ ਕਿ ਇਸ ਸਮੇਂ ਜੋ ਦੇਸ਼ ‘ਚ ਹੋ ਰਿਹਾ ਹੈ, ਉਹ ਠੀਕ ਨਹੀਂ ਹੈ ਅਤੇ ਖੇਤੀਬਾੜੀ ਬਾਰੇ ਦਿੱਲੀ ਵਾਲਿਆਂ ਨੂੰ ਕੋਈ ਜਾਣਕਾਰੀ ਨਹੀਂ ਹੈ।

ਕੈਪਟਨ ਨੇ ਕਿਹਾ ਕਿ ਇਹ ਕੋਈ ਤਰੀਕਾ ਨਹੀਂ ਹੈ ਦੇਸ਼ ‘ਚ ਨਵੇਂ ਕਾਨੂੰਨ ਲਾਗੂ ਕਰਨ ਦਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਨਵੇਂ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਰਾਸ਼ਟਰਪਤੀ ਵੱਲੋਂ ਦਸਤਖਤ ਕੀਤੇ ਜਾਣ ‘ਤੇ ਉਹਨਾਂ ਨੇ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੁੱਧ ਸੁਪਰੀਮ ਕੋਰਟ ਵਿੱਚ ਜਾਵੇਗੀ।

ਖੇਤੀਬਾੜੀ ਬਿੱਲਾਂ ਖ਼ਿਲਾਫ਼ ਪ੍ਰਦਰਸ਼ਨਾਂ ‘ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇਸ਼ ਦੀ ਮੌਜੂਦਾ ਸਥਿਤੀ ਦਾ ਲਾਭ ਲੈ ਸਕਦੀ ਹੈ। ਆਈਐਸਆਈ ਲਈ ਕਿਸਾਨ ਸੌਖਾ ਸ਼ਿਕਾਰ ਹੋ ਸਕਦੇ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀਬਾੜੀ ਨੂੰ ਨਹੀਂ ਸਮਝਦੀ। ਇਸ ਲਈ, ਉਹ ਇਹ ਸਮਝਣ ਤੋਂ ਅਸਮਰੱਥ ਹੈ ਕਿ ਕਿਸਾਨ ਕਿਸ ਗੱਲ ਦਾ ਵਿਰੋਧ ਕਰ ਰਹੇ ਹਨ। ਪੰਜਾਬ ਦੇ ਗਰੀਬ ਕਿਸਾਨ ਦੇਸ਼ ਨੂੰ ਭੋਜਨ ਦਿੰਦੇ ਹਨ, ਕੀ ਕੇਂਦਰ ਸਰਕਾਰ ਹਰ ਨਾਗਰਿਕ ਨੂੰ ਭੋਜਨ ਦੇਣ ਦੀ ਜ਼ਿੰਮੇਵਾਰੀ ਲੈ ਸਕਦੀ ਹੈ।

 ਕਿਸਾਨਾਂ ਦਾ ਵਧਿਆ ਰੋਹ- 

ਰਾਸ਼ਟਰਪਤੀ ਵੱਲੋਂ ਖੇਤੀ ਬਿੱਲਾਂ ਨੂੰ ਪ੍ਰਵਾਨਗੀ ਦਿੱਤੇ ਜਾਣ ਮਗਰੋਂ ਪੰਜਾਬ ’ਚ ਕਿਸਾਨਾਂ ਦਾ ਗੁੱਸਾ ਸੱਤਵੇਂ ਅਸਮਾਨ ’ਤੇ ਪਹੁੰਚ ਗਿਆ ਹੈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ  ਅੰਮ੍ਰਿਤਸਰ ਅਤੇ ਫਿਰੋਜ਼ਪੁਰ ਵਿੱਚ ਅੰਮ੍ਰਿਤਸਰ-ਦਿੱਲੀ, ਫਿਰੋਜ਼ਪੁਰ-ਬਠਿੰਡਾ, ਫਿਰੋਜ਼ਪੁਰ-ਲੁਧਿਆਣਾ ਅਤੇ ਫਿਰੋਜ਼ਪੁਰ-ਜਲੰਧਰ ਰੇਲ ਮਾਰਗ ’ਤੇ ਨੰਗੇ ਧੜ ਧਰਨੇ ਦਿੱਤੇ। ਇਸ ਤੋਂ ਇਲਾਵਾ ਪੰਜਾਬੀ ਗਾਇਕ ਵੀ ਲਗਾਤਾਰ ਕਿਸਾਨਾਂ ਦੇ ਹੱਕ ‘ਚ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।