Punjab

ਕੈਪਟਨ ਦੇ ਫਰੀ ਫੋਨ ਸਿਰਫ ਵਿਦਿਆਰਥੀਆਂ ਨੂੰ ਹੀ ਮਿਲਣਗੇ, ਲੋਕਾਂ ਨੂੰ ਠੱਗਣ ਵਾਲੀਆਂ ਕੰਪਨੀਆਂ ਤੋਂ ਬਚ ਕੇ ਰਹੋ-ਸਿੱਖਿਆ ਮੰਤਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਵੱਲੋਂ ਵੰਡੇ ਜਾ ਰਹੇ ਸਮਾਰਟ ਫੋਨ ਦੇ ਨਾਂ ‘ਤੇ ਠੱਗੀ ਵੀ ਹੋਣੀ ਸ਼ੁਰੂ ਹੋ ਗਈ ਹੈ। ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਲੋਕਾਂ ਨੂੰ ਸਮਾਰਟਫੋਨ ਦੇ ਨਾਂਅ ‘ਤੇ ਠੱਗਣ ਵਾਲਿਆਂ ਤੋਂ ਸਾਵਧਾਨ ਰਹਿਣ ਦੀ ਚਿਤਾਵਨੀ ਦਿੱਤੀ ਹੈ। ਫਰਜ਼ੀ ਵੈੱਬਸਾਈਟਾਂ ਅਤੇ ਗਰੁੱਪ ਬਣਾ ਕੇ ਲੋਕਾਂ ਨਾਲ ਧੋਖਾਧੜੀ ਹੋਣ ਲੱਗੀ ਹੈ। ਇਨ੍ਹਾਂ ਵੈੱਬਸਾਈਟ ਜਾਂ ਗਰੁੱਪ ‘ਚ ਮੁਫ਼ਤ ਸਮਾਰਟ ਫੋਨ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਤੋਂ ਉਨ੍ਹਾਂ ਦੀ ਨਿੱਜੀ ਜਾਣਕਾਰੀ ਮੰਗੀ ਜਾ ਰਹੀ ਹੈ।

ਇਸ ਲਈ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਕਿਸੇ ਨਾਲ ਵੀ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ। ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਿਰਫ਼ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ ਇਹ ਸਮਾਰਟ ਫੋਨ ਦਿੱਤੇ ਜਾਣਗੇ, ਇਸ ਕਰਕੇ ਕੋਈ ਵੀ ਵਿਅਕਤੀ ਇਨ੍ਹਾਂ ਵੈੱਬਸਾਈਟਾਂ ‘ਤੇ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰੇ। ਇਸ ਵੈੱਬਸਾਈਟ ‘ਤੇ ‘ਸਮਾਰਟਫੋਨ ਸ਼ੀਮ 2020’ ਲਿਖਿਆ ਹੋਇਆ ਹੈ ਅਤੇ ਵੈੱਬਸਾਈਟ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਲੱਗੀ ਹੋਈ ਹੈ।

ਸਰਕਾਰ ਨੇ ਲੋਕਾਂ ਨੂੰ ਸਰਕਾਰ ਵੱਲੋਂ ਅਜਿਹੀ ਕੋਈ ਵੀ ਵੈੱਬਸਾਈਟ ਲਾਂਚ ਨਾ ਕਰਨ ਤੋਂ ਸੁਚੇਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾ ਹੀ ਲੋਕਾਂ ਤੋਂ ਇਸ ਤਰ੍ਹਾਂ ਦੀ ਕੋਈ ਨਿੱਜੀ ਜਾਣਕਾਰੀ ਮੰਗ ਰਹੀ ਹੈ। ਇਸ ਲਈ ਲੋਕ ਇਨ੍ਹਾਂ ਨਕਲੀ ਵੈਬਸਾਈਟਾਂ ਤੋਂ ਬਚ ਕੇ ਰਹਿਣ।