Punjab

ਮਾਲ ਗੱਡੀਆਂ ਦੀ ਆਵਾਜਾਈ ਬੰਦ ਰੱਖਣ ਲਈ ਕੇਂਦਰ ਸਰਕਾਰ ਵੱਲੋਂ ਘੜਿਆ ਬਹਾਨਾ ਤਰਕਹੀਣ – CM ਕੈਪਟਨ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਬੰਦ ਰੱਖਣ ਲਈ ਘੜਿਆ ਗਿਆ ਨਵਾਂ ਬਹਾਨਾ ‘ਤਰਕਹੀਣ’ ਦੱਸਿਆ। ਕੈਪਟਨ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਨੂੰ ਮੁਸਾਫ਼ਰ ਗੱਡੀਆਂ ਨਾਲ ਜੋੜਨਾ ਮਹਿਜ਼ ਬਹਾਨਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਸਮੇਤ ਪੰਜਾਬ ਦੇ ਲੋਕਾਂ ਨੂੰ ਜੇਕਰ ਇਸੇ ਤਰੀਕੇ ਨਾਲ ਜ਼ਰੂਰੀ ਵਸਤਾਂ ਤੋਂ ਵਾਂਝਿਆਂ ਰੱਖਿਆ ਗਿਆ ਤਾਂ ਹਾਲਾਤ ਗੰਭੀਰ ਬਣ ਜਾਣਗੇ।

ਕੈਪਟਨ ਨੇ ਕਿਸਾਨ ਯੂਨੀਅਨਾਂ ਨੂੰ ਰੇਲ ਮਾਰਗਾਂ ਤੋਂ ਮੁਕੰਮਲ ਰੋਕਾਂ ਹਟਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਇਸ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਥਾਪੜਾ ਦੇ ਕੇ ਕਿਸਾਨ ਰੋਹ ਨੂੰ ਹਵਾ ਦੇਣ ਦਾ ਕੰਮ ਕਰ ਰਹੀ ਹੈ। ਕੈਪਟਨ ਨੇ ਕਿਹਾ ਕਿ ਰੇਲਵੇ ਦਾ ਅੜੀਅਲ ਵਤੀਰਾ, ਜਿਸ ਨੂੰ ਭਾਜਪਾ ਵੀ ਧੜੱਲੇ ਨਾਲ ਥਾਪੜਾ ਦੇ ਰਹੀ ਹੈ, ਮਾਲ ਗੱਡੀਆਂ ਦੇ ਮੁੱਦੇ ਦੀ ਪੇਚੀਦਗੀ ਨੂੰ ਸੁਲਝਾਉਣ ਵਿੱਚ ਇਰਾਦੇ ਦੀ ਘਾਟ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ, ‘‘ਕਿਸਾਨਾਂ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਲਈ ਸਾਰੇ ਟਰੈਕ ਖਾਲੀ ਕਰਨ ਅਤੇ ਉਨ੍ਹਾਂ ਵੱਲੋਂ ਮਾਲ ਗੱਡੀਆਂ ਦੀ ਸੁਰੱਖਿਆ ਲਈ ਨਿੱਜੀ ਤੌਰ ’ਤੇ ਗਾਰੰਟੀ ਦੇਣ ਅਤੇ ਜੀਆਰਪੀ ਰੇਲਵੇ ਦੀ ਸੁਰੱਖਿਆ ਲਈ ਹੋਣ ਦੇ ਬਾਵਜੂਦ ਰੇਲਵੇ ਵੱਲੋਂ ਪੰਜਾਬ ਵਿੱਚ ਰੇਲ ਸੇਵਾਵਾਂ ਮੁਅੱਤਲ ਕਰਨ ਲਈ ਇੱਕ ਤੋਂ ਇੱਕ ਬਹਾਨਾ ਕਿਉਂ ਘੜਿਆ ਜਾ ਰਿਹਾ ਹੈ?’’

ਉਨ੍ਹਾਂ ਕਿਹਾ ਕਿ ਭਾਜਪਾ ਰੇਲਵੇ ਦੇ ਇਸ ਫੈਸਲੇ ਦੀ ਪ੍ਰੋੜਤਾ ਕਰਕੇ ਕਿਸਾਨਾਂ ਦੇ ਰੋਹ ਨੂੰ ਹੋਰ ਭੜਕਾ ਰਹੀ ਹੈ। ਕਿਸਾਨਾਂ ਨੇ ਆਪਣੇ ਨਾਗਰਿਕਾਂ ਪ੍ਰਤੀ ਭਾਜਪਾ ਨਾਲੋਂ ਵੱਧ ਸੰਜੀਦਗੀ ਦਿਖਾਈ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਕੇਂਦਰ ਦੀ ਬਾਂਹ ਮਰੋੜਨ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਕੈਪਟਨ ਨੇ ਕਿਹਾ ਕਿ ਇਹ ਭਾਜਪਾ ਲੀਡਰਸ਼ਿਪ ਹੀ ਹੈ, ਜਿਹੜੀ ਇਸ ਮਾਮਲੇ ਉੱਤੇ ਪੰਜਾਬ ਵਿਰੋਧੀ ਪੈਂਤੜਿਆਂ ਨਾਲ ਕਿਸਾਨਾਂ ਨੂੰ ਭੜਕਾ ਰਹੀ ਹੈ।

ਉਨ੍ਹਾਂ ਕਿਹਾ ਕਿ ਰੇਲਵੇ ਨੂੰ ਸਵਾਲ ਕਰਨ ਅਤੇ ਕੇਂਦਰ ਤੋਂ ਮਾਲ ਗੱਡੀਆਂ ਚਲਾਉਣ ਦੀ ਮੰਗ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਹਮਾਇਤ ਕਰਨ ਦੀ ਥਾਂ ਭਾਜਪਾ ਆਗੂ ਪੰਜਾਬ ਅਤੇ ਗੁਆਂਢੀ ਸੂਬਿਆਂ ਦੇ ਲੋਕਾਂ ਦੇ ਭਲੇ ਦੀ ਕੀਮਤ ’ਤੇ ਨਿਰੰਤਰ ਸੌੜੀ ਸਿਆਸਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ, ‘ਸਭ ਤੋਂ ਮਾੜੀ ਗੱਲ ਇਹ ਹੈ ਕਿ ਭਾਜਪਾ ਨੂੰ ਲੱਦਾਖ ਅਤੇ ਕਸ਼ਮੀਰ ਵਿੱਚ ਤਾਇਨਾਤ ਸਾਡੇ ਫ਼ੌਜੀਆਂ ਦੀ ਵੀ ਫ਼ਿਕਰ ਨਹੀਂ ਹੈ, ਜਿਹੜੇ ਬਰਫ਼ਬਾਰੀ ਦੇ ਸੀਜ਼ਨ ਤੋਂ ਪਹਿਲਾਂ ਜ਼ਰੂਰੀ ਵਸਤਾਂ ਦੀ ਸਪਲਾਈ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।’