Punjab

ਸੁਖਬੀਰ ਬਾਦਲ ਨੇ ਪੰਜਾਬ ਨੂੰ ਪ੍ਰਮੁੱਖ ਮੰਡੀ ਐਲਾਨਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਸਲਾਹ

‘ਦ ਖ਼ਾਲਸ ਬਿਊਰੋ :- ਪੰਜਾਬ ਦੀਆਂ ਖੇਤੀਬਾੜੀ ਜਿਣਸਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹੇ ਸਾਰੇ ਪੰਜਾਬ ਨੂੰ ਪ੍ਰਮੁੱਖ ਮੰਡੀ ਐਲਾਨਣ ਤਾਂ ਜੋ ਕੇਂਦਰ ਸਰਕਾਰ ਦੇ ਖੇਤੀ ਮੰਡੀਕਰਨ ਬਾਰੇ ਤਾਜ਼ਾ ਕਾਨੂੰਨ ਸੂਬੇ ਵਿੱਚ ਲਾਗੂ ਨਾ ਹੋ ਸਕਣ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਭ ਤੋਂ ਪ੍ਰਭਾਵਸ਼ਾਲੀ ਵਿਧੀ ਹੈ, ਜਿਸ ਰਾਹੀਂ ਪੰਜਾਬ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਪੰਜਾਬ ਵਿੱਚ ਲਾਗੂ ਹੋਣ ਤੋਂ ਰੋਕਿਆ ਜਾ ਸਕਦਾ ਹੈ ਤੇ ਇਹ ਬਿੱਲ ਪੰਜਾਬ ਵਿੱਚ ਪ੍ਰਮੁੱਖ ਮੰਡੀ ’ਤੇ ਲਾਗੂ ਨਹੀਂ ਹੋਣਗੇ। ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਇਹ ਤਾਕਤ ਹੈ ਕਿ ਉਹ ਸਾਰੇ ਸੂਬੇ ਨੂੰ ਪ੍ਰਮੁੱਖ ਮੰਡੀ, ਉਪ ਮੰਡੀ ਜਾਂ ਫਿਰ ਮਾਰਕੀਟ ਉਪ ਮੰਡੀ ਐਲਾਨ ਸਕਦੀ ਹੈ।

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਬਿੱਲਾਂ ਦੀਆਂ ਵਿਵਸਥਾਵਾਂ ਤਹਿਤ ਕੇਂਦਰ ਸਰਕਾਰ ਨੇ ਅਜਿਹੀਆਂ ਮੰਡੀਆਂ ਜਾਂ ਕਾਨੂੰਨਾਂ ਮੁਤਾਬਿਕ ਐਲਾਨੀਆਂ ਮੰਡੀਆਂ ਨੂੰ ਅਜਿਹੇ ਐਕਟਾਂ ਤੋਂ ਛੋਟ ਦਿੱਤੀ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਕਦੇ ਵੀ ਇਹ ਐਕਟ ਪੰਜਾਬ ਵਿੱਚ ਲਾਗੂ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਇਹ ਨਾ ਕੀਤਾ ਤਾਂ ਫਿਰ ਉਹ ਪੰਜਾਬ ਦੇ ਕਿਸਾਨਾਂ ਦੀ ਪ੍ਰਾਈਵੇਟ ਕਾਰਪੋਰੇਟ ਸੈਕਟਰ ਵੱਲੋਂ ਖੁੱਲ੍ਹੀ ਲੁੱਟ ਦੀ ਇਜਾਜ਼ਤ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਲਦ ਹੀ ਇਹ ਸੋਧਿਆ ਹੋਇਆ ਮੰਡੀਕਰਨ ਬਿੱਲ ਰੱਦ ਕਰਨਾ ਚਾਹੀਦਾ ਹੈ ਤਾਂ ਜੋ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਆਪਣੇ ਕਾਨੂੰਨ ਲਾਗੂ ਕਰਨ ਦਾ ਕੋਈ ਮੌਕਾ ਨਾ ਮਿਲ ਸਕੇ।