International

ਖੁੱਲ੍ਹਾਂ ਦੇਣ ਵਿੱਚ ਜਲਦਬਾਜ਼ੀ ਕਰ ਰਹੇ ਦੇਸ਼ਾਂ ਨੂੰ ਭੁਗਤਣੇ ਪੈਣਗੇ ਗੰਭੀਰ ਨਤੀਜੇ- WHO

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਮਹਾਂਮਾਰੀ ਦਾ ਡਰ ਕਈ ਮੁਲਕਾਂ ਦੀਆਂ ਸਰਕਾਰਾਂ ਨੂੰ ਘੱਟਦਾ ਨਜ਼ਰ ਆ ਰਿਹਾ ਹੈ, ਤਾਂ ਹੀ ਉਹ ਕੋਰੋਨਾਵਾਇਰਸ ਤੋਂ ਬਚਾਅ ਲਈ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਵਿੱਚ ਦਿਨ ਪ੍ਰਤੀ ਦਿਨ ਢਿੱਲ ਦੇ ਰਹੀ ਹੈ। ਅੱਜ ਚੰਡੀਗੜ੍ਹ ਵਿੱਚ ਲਾਕਡਾਊਨ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ ਹੈ ਅਤੇ ਲੋਕ ਹੁਣ ਬਿਨਾਂ ਕਿਸੇ ਰੁਕਾਵਟ ਦੇ ਕਿਤੇ ਵੀ ਜਾ ਸਕਦੇ ਹਨ। ਇਸ ਨਾਲ ਕੋਰੋਨਾ ਸੰਕਰਮਣ ਦੇ ਮਾਮਲੇ ਵੱਧ ਸਕਦੇ ਹਨ।

ਵਿਸ਼ਵ ਸਿਹਤ ਸੰਗਠਨ ਦੇ ਮੁਖੀ ਨੇ ਚਿਤਾਵਨੀ ਦਿੱਤੀ ਹੈ ਕਿ ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਹਰ ਪਾਸੇ ਜਲਦਬਾਜ਼ੀ ਵਿੱਚ ਦਿੱਤੀ ਜਾ ਰਹੀ ਖੁੱਲ੍ਹ “ਤਬਾਹੀ” ਵੱਲ ਜਾਣ ਦੇ ਕਦਮ ਹਨ। WHO ਦੇ ਡਾਇਰੈਕਟਰ-ਜਨਰਲ ਟੇਡਰੋਸ ਅਡਾਨੋਮ ਗੈਬਰੇਅਸਿਸ ਨੇ ਜ਼ੋਰ ਦੇ ਕੇ ਕਿਹਾ ਕਿ ‘ਜਿਹੜੇ ਦੇਸ਼ ਖੁੱਲ੍ਹਾਂ ਦੇਣ ਵਿੱਚ ਜਲਦਬਾਜ਼ੀ ਕਰ ਰਹੇ ਹਨ, ਉਨ੍ਹਾਂ ਨੂੰ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਗੰਭੀਰ ਹੋਣਾ ਚਾਹੀਦਾ ਹੈ। ਪਰ ਅਜਿਹਾ ਨਹੀਂ ਹੋ ਰਿਹਾ ਤੇ ਇਹ ਅਸੰਤੁਲਨ ਤਬਾਹੀ ਮਚਾ ਦੇਵੇਗਾ’।