India Punjab

ਕਿਸਾਨ ਅੰਦੋਲਨ: ਕੱਲ੍ਹ ਤੋਂ ਭੁੱਖ ਹੜਤਾਲ ’ਤੇ ਬੈਠਣਗੇ ਕਿਸਾਨ ਆਗੂ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਦੇਸ਼ ਵਿੱਚ ਹਰ ਪਾਸੇ ਕਿਸਾਨ ਅੰਦੋਲਨ ਦੀ ਚਰਚਾ ਹੋ ਰਹੀ ਹੈ। ਪੂਰੀ ਦੁਨੀਆ ਦੀਆਂ ਨਜ਼ਰਾਂ ਇਸ ਵੇਲੇ ਭਾਰਤ ’ਤੇ ਟਿਕੀਆਂ ਹੋਈਆਂ ਹਨ ਕਿ ਸਰਕਾਰ ਝੁਕੇਗੀ ਜਾਂ ਦੇਸ਼ ਦਾ ਅੰਨਦਾਤਾ? ਸਰਕਾਰ ਦੀ ਗੱਲ ਕਰੀਏ ਤਾਂ ਪੀਐਮ ਮੋਦੀ ਵੱਲੋਂ ਵਾਰ-ਵਾਰ ਦਿੱਤੇ ਭਾਸ਼ਣਾਂ ਤੋਂ ਸਿੱਧ ਹੁੰਦਾ ਹੈ ਕਿ ਉਹ ਹਾਲੇ ਕਾਨੂੰਨ ਵਾਪਿਸ ਲੈਣ ਦੇ ਮੂਡ ਵਿੱਚ ਨਹੀਂ। ਦੂਜੇ ਪਾਸੇ ਕਿਸਾਨਾਂ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕਰ ਦਿੱਤਾ ਹੈ। ਕੱਲ੍ਹ ਕਿਸਾਨ ਆਗੂਆਂ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਉਹ ਸੋਮਵਾਰ ਤੋਂ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤਕ ਭੁੱਖ ਹੜਤਾਲ ’ਤੇ ਬੈਠਣਗੇ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਸਰਕਾਰ ਨਾਲ ਗੱਲਬਾਤ ਲਈ ਤਿਆਰ ਹਨ ਪਰ ਸਭ ਤੋਂ ਪਹਿਲਾਂ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਚਰਚਾ ਕਰੋ। ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਯੂਨੀਅਨਾਂ 14 ਦਸੰਬਰ ਨੂੰ ਭੁੱਖ ਹੜਤਾਲ ’ਤੇ ਬੈਠਣਗੀਆਂ।

ਕਿਸਾਨ ਆਗੂਆਂ ਨੇ ਕਿਹਾ ਕਿ ਉਹ ਪੂਰੇ ਦੇਸ਼ ’ਚ 14 ਦਸੰਬਰ ਨੂੰ ਸਿੰਘੂ ਬਾਰਡਰ ’ਤੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤਕ ਭੁੱਖ ਹੜਤਾਲ ’ਤੇ ਬੈਠਣਗੇ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੇ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਅਜਿਹਾ ਨਹੀਂ ਹੋਣ ਦਿੱਤਾ। ਉਨ੍ਹਾਂ ਨੇ ਆਪਣੇ ਪ੍ਰਦਰਸ਼ਨ ਨੂੰ ਸ਼ਾਂਤਮਈ ਬਣਾਈ ਰੱਖਣ ਦਾ ਅਹਿਦ ਲਿਆ।

ਸਿੰਘੂ ਬਾਰਡਰ ’ਤੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਕੰਵਲਪਾਲ ਸਿੰਘ ਪੰਨੂ ਨੇ ਕਿਹਾ ਕਿ ਰਾਜਸਥਾਨ ਦੇ ਸ਼ਾਹਜਹਾਨਪੁਰ ਤੋਂ ਹਜ਼ਾਰਾਂ ਕਿਸਾਨ ਐਤਵਾਰ ਨੂੰ 11 ਵਜੇ ਦਿੱਲੀ-ਜੈਪੁਰ ਹਾਈਵੇ ਰਾਹੀਂ ‘ਦਿੱਲੀ ਚਲੋ’ ਨਾਹਰੇ ਹੇਠ ਆਪਣਾ ਟਰੈਕਟਰ ਮਾਰਚ ਸ਼ੁਰੂ ਕਰਨਗੇ। ਸ਼ਾਹਜਹਾਨਪੁਰ ਅਤੇ ਦਿੱਲੀ-ਗੁੜਗਾਉਂ ਬਾਰਡਰ ਵਿਚਕਾਰ ਫ਼ਾਸਲਾ 94 ਕਿਲੋਮੀਟਰ ਹੈ।

ਆਪਣੇ ਸੰਘਰਸ਼ ਨੂੰ ਹੋਰ ‘ਵਿਸ਼ਾਲ’ ਕਰਨ ਦਾ ਐਲਾਨ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਵੀ ਸੰਘਰਸ਼ ’ਚ ਛੇਤੀ ਹੀ ਉਨ੍ਹਾਂ ਦਾ ਸਾਥ ਦੇਣ ਲਈ ਆਉਣਗੀਆਂ ਅਤੇ ਉਨ੍ਹਾਂ ਦੇ ਰਹਿਣ ਲਈ ਪ੍ਰਬੰਧ ਪ੍ਰਦਰਸ਼ਨ ਵਾਲੀ ਥਾਂ ’ਤੇ ਹੀ ਕੀਤੇ ਜਾ ਰਹੇ ਹਨ।