‘ਦ ਖ਼ਾਲਸ ਬਿਊਰੋ:- ਸੰਗਰੂਰ ਸਥਿਤ ਗੁਰਦੁਆਰਾ ਮਸਤੂਆਣਾ ਨੂੰ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਦਿੱਖ ਵਾਂਗ ਬਣਾਉਣ ਦੇ ਮਾਮਲੇ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਸਾਲ 2009 ਵਿੱਚ ਜਾਰੀ ਕੀਤੇ ਗਏ ਆਦੇਸ਼ਾਂ ਨੂੰ ਅਜੇ ਤੱਕ ਲਾਗੂ ਨਾ ਕਰਨ ਦੇ ਮਾਮਲੇ ਸਬੰਧੀ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਤੇ ਉਨ੍ਹਾਂ ਦੇ ਸਾਥੀਆਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਤਲਬ ਕੀਤਾ ਜਾਵੇ ਅਤੇ ਉਨ੍ਹਾਂ ਕੋਲੋਂ ਸਪੱਸ਼ਟੀਕਰਨ ਲਿਆ ਜਾਵੇ। ਢੀਂਡਸਾ ਨੇ ਗੁਰਦੁਆਰਾ ਮਸਤੂਆਣਾ ਨੂੰ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਦਿੱਖ ਦੇਣ ਦੀ ਪੂਰੀ ਹਮਾਇਤ ਕੀਤੀ ਸੀ।

ਫੱਗੂਵਾਲਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀ ਇਸ ਮੰਗ ਬਾਰੇ ਬੈਨਰ ਅਤੇ ਤਖ਼ਤੀਆਂ ਚੁੱਕੀਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ 2009 ਵਿੱਚ ਇਹ ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਆਂਦਾ ਗਿਆ ਸੀ। ਉਸ ਵੇਲੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਕੇ ਗੁਰਦੁਆਰਾ ਮਸਤੂਆਣਾ ਦੀ ਦਿੱਖ ਬਦਲਣ ਲਈ ਆਦੇਸ਼ ਦਿੱਤੇ ਗਏ ਸਨ ਜੋ ਹੁਣ ਤੱਕ ਲਾਗੂ ਨਹੀਂ ਹੋਏ ਹਨ।

ਉਨ੍ਹਾਂ ਦੋਸ਼ ਲਾਇਆ ਕਿ ਇਸ ਵਿੱਚ ਤਬਦੀਲੀਆਂ ਕਰਨ ਦੇ ਆਦੇਸ਼ ਦੇ ਨਾਂ ਹੇਠ ਇੱਕ ਆਰਜ਼ੀ ਵਰਾਂਡਾ ਬਣਾ ਕੇ ਇਮਾਰਤ ਨੂੰ ਚੁਫੇਰਿਉਂ ਕਵਰ ਕਰ ਦਿੱਤਾ ਗਿਆ ਹੈ।  ਜਦਕਿ ਇਸ ਦੇ ਅੰਦਰ ਸ਼੍ਰੀ ਦਰਬਾਰ ਸਾਹਿਬ ਜੀ ਦੀ ਤਰਜ਼ ’ਤੇ ਬਣੀ ਇਮਾਰਤ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਇਸ ਮੰਗ ਸਬੰਧੀ ਜੂਨ 2016 ਵਿੱਚ ਪਾਣੀ ਦੀ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਕੀਤਾ ਗਿਆ ਸੀ। ਜਨਵਰੀ 2018 ਵਿੱਚ ਭਵਾਨੀਗੜ੍ਹ ਦੇ ਗੁਰਦੁਆਰੇ ਵਿੱਚ ਵੀ ਧਰਨਾ ਦਿੱਤਾ ਸੀ।

ਨਵੰਬਰ 2019 ਵਿੱਚ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਭੁੱਖ ਹੜਤਾਲ ਕੀਤੀ ਸੀ। ਨਵੰਬਰ 2019 ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਪ੍ਰਧਾਨ ਦੀ ਚੋਣ ਵੇਲੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ ਸੀ। 26 ਜਨਵਰੀ 2020 ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇਸ ਸਬੰਧੀ ਮੰਗ ਪੱਤਰ ਦਿੱਤਾ ਗਿਆ ਸੀ ਅਤੇ ਹੁਣ ਪਹਿਲੀ ਅਗਸਤ ਨੂੰ ਘਰ ਵਿੱਚ ਹੀ  ਭੁੱਖ ਹੜਤਾਲ ਰੱਖੀ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮਾਮਲੇ ਦੀ ਸੁਣਵਾਈ ਦਾ ਭਰੋਸਾ ਦਿੱਤਾ ਹੈ।

Leave a Reply

Your email address will not be published. Required fields are marked *