International

ਪਾਕਿਸਤਾਨ ‘ਚ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ ਰਲਿਆ ਗੰਦਾ ਪਾਣੀ

‘ਦ ਖ਼ਾਲਸ ਬਿਊਰੋ:- ਇਤਿਹਾਸਕ ਗੁਰਦੁਆਰਾ ਪੰਜਾ ਸਾਹਿਬ ਦੇ ਸਰੋਵਰ ਵਿੱਚ ਗੰਦਾ ਪਾਣੀ ਰਲ ਗਿਆ ਹੈ। ਪਾਕਿਸਤਾਨ ਸਰਕਾਰ ਨੇ ਇਸ ਮਸਲੇ ਦਾ ਗੰਭੀਰ ਨੋਟਿਸ ਲੈਂਦਿਆਂ ਗੰਦੇ ਪਾਣੀ ਵਾਲੇ ਨਾਲੇ ਨੂੰ ਵੱਖ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਿਸ਼ੇਸ਼ ਸਹਾਇਕ ਸਈਦ ਜ਼ੁਲਫੀ ਬੁਖਾਰੀ ਵੱਲੋਂ ਕੱਲ ਗੁਰਦੁਆਰਾ ਪੰਜਾ ਸਾਹਿਬ ਦਾ ਦੌਰਾ ਕੀਤਾ ਗਿਆ।  ਉਹਨਾਂ ਨੇ ਪੰਜਾਬ ਸਰਕਾਰ ਨੂੰ ਗੰਦੇ ਨਾਲੇ ਨੂੰ ਵੱਖ ਕਰਕੇ ਸਰੋਵਰ ਵਿੱਚ ਸਿਰਫ ਸਾਫ ਪਾਣੀ ਹੋਣ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।

ਉਹਨਾਂ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਪਾਰਕਿੰਗ ਲਈ ਸੁਚੱਜੇ ਪ੍ਰਬੰਧ ਕਰਨ ਤੇ ਗੁਰਦੁਆਰਾ ਸਾਹਿਬ ਵਿੱਚ ਚੱਲ ਰਹੇ ਨਵੀਨੀਕਰਨ ਦਾ ਕੰਮ ਤੇਜ਼ ਕਰਨ ਲਈ ਵੀ ਕਿਹਾ ਹੈ। ਉਹਨਾਂ ਕਿਹਾ ਕਿ ਪਾਣੀ ਤੇ ਸੀਵਰੇਜ ਦਾ ਮਸਲਾ ਤਰਜੀਹ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਹ ਆਪ ਵਿਕਾਸ ਤੇ ਨਵੀਨੀਕਰਨ ਕਾਰਜਾਂ ਦੀ ਨਿਗਰਾਨੀ ਕਰਨਗੇ।