Punjab

ਜ਼ਹਿਰੀਲੀ ਸ਼ਰਾਬ ਨਾਲ ਉੱਜੜੇ ਪਰਿਵਾਰਾਂ ਦੀ ਸਾਰ ਲੈਣਗੇ ਡਾ. ਓਬਰਾਏ

‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਕੁੱਝ ਦਿਨਾਂ ਤੋਂ ਚੱਲ ਰਿਹਾ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਦਿਨੋਂ – ਦਿਨ ਗਰਮਾਇਆ ਜਾ ਰਿਹਾ ਹੈ। ਸੂਬੇ ‘ਚ ਇਸ ਜ਼ਹਿਰੀਲੇ ਜਾਮ ਨਾਲ ਹੁਣ ਤੱਕ 111 ਲੋਕਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਇਸ ਸੰਬੰਧ ‘ਚ ਦੁਬਈ ਦੇ ਨਾਮਵਰ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਂਬਰ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਪੀੜਤ ਪਰਿਵਾਰਾਂ ਦੀ ਸਾਰ ਲੈਂਦਿਆ ਓਬਰਾਏ ਨੇ ਆਪਣੇ ਪੁੱਤਾਂ ਜਾਂ ਸੁਹਾਗ ਨੂੰ ਗਵਾ ਚੁੱਕੀਆਂ ਬਦਕਿਸਮਤ ਔਰਤਾਂ ਨੂੰ ਮਹੀਨਾਵਾਰ ਪੈਨਸ਼ਨ ਦੇਣ ਦਾ ਫ਼ੈਸਲਾ ਕੀਤਾ ਹੈ।

ਡਾ.ਐਸ.ਪੀ. ਸਿੰਘ ਓਬਰਾਏ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਅੰਮ੍ਰਿਤਸਰ, ਤਰਨਤਾਰਨ ਤੇ ਗੁਰਦਾਸਪੁਰ ਜ਼ਿਲ੍ਹਿਆਂ ਨਾਲ ਸੰਬੰਧਿਤ ਟੀਮਾਂ ਰਾਹੀਂ ਉਨ੍ਹਾਂ ਦੇ ਧਿਆਨ ‘ਚ ਆਇਆ ਹੈ। ਅਤੇ ਸਾਰੇ ਜ਼ਿਲ੍ਹਿਆਂ ‘ਚ  ਜ਼ਹਿਰੀਲੀ ਸ਼ਰਾਬ ਨਾਲ ਜਾਨ ਗਵਾਉਣ ਵਾਲੇ ਬਹੁਤੇ ਵਿਅਕਤੀ ਦਿਹਾੜੀਦਾਰ ਗਰੀਬ ਮਜ਼ਦੂਰ ਸਨ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ‘ਚ ਬਹੁਤ ਸਾਰੇ ਅਜਿਹੇ ਪਰਿਵਾਰ ਵੀ ਹਨ, ਜਿਨ੍ਹਾਂ ਦਾ  ਕਮਾਉਣ ਵਾਲਾ ਇਕਲੌਤਾ ਮੈਂਬਰ ਹੀ ਇਸ ਜ਼ਹਿਰੀਲੀ ਸ਼ਰਾਬ ਦੀ ਭੇਂਟ ਚੜ੍ਹ ਗਿਆ ਹੈ।

ਓਬਰਾਏ ਨੇ ਦੱਸਿਆ ਕਿ ਇਸ ਨੂੰ ਵੇਖਦਿਆਂ ਹੋਇਆਂ ਸਰਬੱਤ ਦਾ ਭਲਾ ਟਰੱਸਟ ਨੇ ਇਹ ਫ਼ੈਸਲਾ ਕੀਤਾ ਹੈ ਕਿ ਇਸ ਘਟਨਾ ‘ਚ ਆਪਣੇ ਪੁੱਤ ਜਾਂ ਸੁਹਾਗ ਗਵਾ ਚੁੱਕੀਆਂ ਬਦਕਿਸਮਤ ਔਰਤਾਂ ਨੂੰ ਘਰ ਦੇ ਗੁਜ਼ਾਰੇ ਲਈ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।