Punjab

ਦਿੱਲੀ ‘ਚ ਨਿੱਤਰੇ ਕਿਸਾਨਾਂ ਨੂੰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦਿੱਤੀ ਆਪਣੇ ਇੱਕ ਮਹੀਨੇ ਦੀ ਤਨਖ਼ਾਹ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਬਣਾਏ ਮਾਰੂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ  ਵੱਲੋਂ ਕਿਸਾਨਾਂ ਦੀ ਔਖੀ ਘੜੀ ਵਿੱਚ ਉਨ੍ਹਾਂ ਦੇ ਹੱਕ ਵਿੱਚ ਨਿੱਤਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਸਾਨੀ ਘੋਲ ‘ਚ ਆਪਣੇ ਹਿੱਸੇ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ।

ਖੇਤੀ ਕਾਨੂੰਨਾਂ ਵਿਰੁੱਧ ਲੜਾਈ ਵਿੱਚ ਪੰਜਾਬ ਦੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਹ ਕੋਈ ਆਮ ਸਮਾਂ ਨਹੀਂ ਹੈ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਸਾਡੇ ਕਿਸਾਨਾਂ ਦੀ ਸਹਾਇਤਾ ਕਰਨ ਲਈ ਉਨਾਂ ਦੀਆਂ ਹੱਕੀ ਮੰਗਾਂ ਪ੍ਰਤੀ ਦ੍ਰਿੜਤਾ ਨਾਲ ਖੜੇ ਹੋਣ ਲਈ ਅੱਗੇ ਆਉਣ ਦੀ ਲੋੜ ਹੈ। ਇਸਦੇ ਮੱਦੇਨਜ਼ਰ ਮੈਂ ਆਪਣੀ ਇੱਕ ਮਹੀਨੇ ਦੀ ਤਨਖਾਹ ਦੇ ਕੇ ਆਪਣਾ ਹਿੱਸਾ ਪਾਉਣ ਦਾ ਫੈਸਲਾ ਕੀਤਾ ਹੈ। ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਕਿਸੇ ਵੀ ਤਰਾਂ ਮਦਦ ਦੇ ਕੇ ਸਾਡੇ ਕਿਸਾਨਾਂ ਨੂੰ ਸ਼ਕਤੀਸ਼ਾਲੀ ਬਣਾਓ।

ਸਿੰਗਲਾ ਨੇ ਕਿਹਾ ਕਿ ਕਿਸਾਨ ਸਾਡੀ ਆਰਥਿਕਤਾ ਦੀ ਰੀੜ ਦੀ ਹੱਡੀ ਹਨ ਅਤੇ ਉਹ ਸਾਰੇ ਸਤਿਕਾਰ ਅਤੇ ਸਹਾਇਤਾ ਦੇ ਹੱਕਦਾਰ ਹਨ। ਉਨਾਂ ਕਿਹਾ ਕਿ ਦੇਸ਼ ਦੇ ਅੰਨਦਾਤਾ ਨੂੰ ਇਸ ਵੇਲੇ ਹਰ ਨਾਗਰਿਕ ਦੇ ਸਮਰਥਨ ਦਾ ਹੱਕਦਾਰ ਹੈ। ਭਾਰਤ ਦੀ ਖੇਤੀਬਾੜੀ ਨੂੰ ਦਰਪੇਸ਼ ਸੰਕਟ ਕਿਸੇ ਤੋਂ ਲੁਕਿਆ ਨਹੀਂ ਹੈ ਅਤੇ ਮੇਰੇ ਮੁਤਾਬਕ ਆਉਣ ਵਾਲੇ ਸਮੇਂ ਵਿੱਚ ਹਾਲਾਤ ਹੋਰ ਵਿਗੜ ਸਕਦੇ ਹਨ।

ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਭਾਜਪਾ ਦੇ ਚੋਣ ਵਾਅਦੇ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਚੋਣ ਮਨੋਰਥ ਪੱਤਰ ਮੁਤਾਬਕ 2022 ਤੱਕ ਕਿਸਾਨਾਂ ਦੀ ਆਮਦਨੀ ਨੂੰ ਦੁੱਗਣਾ ਕਰਨ ਦਾ ਵਾਅਦਾ ਮਹਿਜ਼ ਮਖੌਲ ਜਾਪ ਰਿਹਾ ਹੈ ਕਿਉਂਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਪੂਰੀ ਤਰਾਂ ਅਣਗੌਲਿਆ ਕਰਨ ਵਾਲੇ ਇਹਨਾਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਨਾਲ ਟੀਚਾ ਪੂਰਾ ਕਰਨਾ ਅਸੰਭਵ ਹੈ।