India

ਕਿਸਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਖੁੱਲ੍ਹ ਕੇ ਕਰਨ ਵਿਰੋਧ – ਗੁਰਨਾਮ ਚੜੂਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਤੋਂ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਖੁੱਲ੍ਹ ਕੇ ਵਿਰੋਧ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਿੰਸਕ ਕਾਰਵਾਈਆਂ ਤੋਂ ਗੁਰੇਜ਼ ਕਰਨਾ ਹੈ। ਖੱਟਰ ਜਿੱਥੇ ਜਾਵੇ, ਉਸਦਾ ਜੰਮ ਕੇ ਵਿਰੋਧ ਕੀਤਾ ਜਾਵੇ। ਖੱਟਰ ਨੂੰ ਕਾਲੇ ਝੰਡੇ ਵਿਖਾ ਕੇ ਵਿਰੋਧ ਕਰਨ ਦੀ ਅਪੀਲ ਕੀਤੀ ਹੈ।

ਚੜੂਨੀ ਨੇ ਅੰਬਾਲਾ ਵਿੱਚ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਵੀ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਭਾਵੇਂ ਸਰਕਾਰ ਜਿੰਨੇ ਵੀ ਮੁਕੱਦਮੇ ਦਰਜ ਕਰ ਲਵੇ, ਜਿੰਨੇ ਵੀ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਵੇ, ਪਰ ਸਾਡਾ ਵਿਰੋਧ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੱਕ ਲਗਾਤਾਰ ਜਾਰੀ ਰਹੇਗਾ।

ਹਰਿਆਣਾ ਪੁਲਿਸ ਨੇ 13 ਕਿਸਾਨਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਦੰਗੇ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਇਹ ਕੇਸ 22 ਦਸੰਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫਲੇ ਨੂੰ ਅੰਬਾਲਾ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਰੋਕਣ ਕਾਰਨ ਦਰਜ ਹੋਏ ਹਨ, ਜਿਸ ਤਹਿਤ ਕਿਸਾਨਾਂ ਉੱਤੇ ਖੱਟਰ ਦਾ ਰਾਹ ਰੋਕ ਕੇ ਕਤਲ ਦੀ ਕੋਸ਼ਿਸ਼ ਅਤੇ ਦੰਗੇ ਕਰਨ ਦੇ ਦੋਸ਼ ਲੱਗੇ ਹਨ।