Punjab

ਕਿਸਾਨਾਂ ਨੇ ਚੰਡੀਗੜ੍ਹ ‘ਚ ਗੱਡਿਆ ਪੱਕਾ ਮੋਰਚਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਹਜ਼ਾਰਾਂ ਕਿਸਾਨ ਟਰੈਕਟਰ ਟਰਾਲੀਆਂ ਵਿੱਚ ਰਾਸ਼ਨ ਭਰ ਕੇ ਪੱਕਾ ਮੋਰਚਾ ਲਾਉਣ ਲਈ ਸਵੇਰ ਤੋਂ ਹੀ ਪੁੱਜਣੇ ਸ਼ੁਰੂ ਹੋ ਗਏ ਸਨ। ਕਿਸਾਨ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਏ ਸਨ। ਕਿਸਾਨਾਂ ਦੇ ਇਕੱਠ ਤੋਂ ਘਬਰਾਈ ਪੰਜਾਬ ਸਰਕਾਰ ਨੇ ਮਾਰਚ ਤੋਂ ਪਹਿਲਾਂ ਹੀ ਗੱਲਬਾਤ ਲਈ ਸੱਦਾ ਭੇਜ ਦਿੱਤਾ ਸੀ, ਜਿਸ ਕਰਕੇ ਕਿਸਾਨਾਂ ਨੇ ਚੰਡੀਗੜ੍ਹ ਵੱਲ ਨੂੰ ਰੋਸ ਮਾਰਚ ਬਾਅਦ ਦੁਪਹਿਰ ਚਾਰ ਵਜੇ ਤੱਕ ਮੁਲਤਵੀ ਕਰ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਗੱਲਬਾਤ ਲਈ ਸੱਦਾ ਦੇ ਕੇ ਦਿੱਲੀ ਨੂੰ ਉਡਾਣ ਭਰਨ ਦੀ ਭਿਣਕ ਪੈਂਦਿਆਂ ਹੀ ਕਿਸਾਨਾਂ ਦਾ ਰੋਸ ਭਖ ਗਿਆ। ਮਿੱਥੇ ਪ੍ਰੋਗਰਾਮ ਅਨੁਸਾਰ ਹਜ਼ਾਰਾਂ ਕਿਸਾਨਾਂ ਨੇ ਗੁਰਦੁਆਰਾ ਅੰਬ ਸਾਹਿਬ ਨੂੰ ਰੋਸ ਮਾਰਚ ਸ਼ੁਰੂ ਕਰ ਦਿੱਤਾ।

ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਮੀਟਿੰਗ ਲਈ ਸਮਾਂ ਦੇ ਕੇ ਵੀ ਮੁਲਾਕਾਤ ਨਾ ਕੀਤੀ ਤਾਂ ਇਸਦੇ ਵਿਰੋਧ ਵਜੋਂ ਕਿਸਾਨਾਂ ਨੇ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਸ਼ੁਰੂ ਕਰਨ ਦਾ ਪ੍ਰਣ ਦੁਹਰਾਉਂਦਿਆਂ ਝੰਡੇ ਗੱਡ ਲਏ ਹਨ। ਕਿਸਾਨਾਂ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨ ਲੀਡਰ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਪੁਲਿਸ ਕਿਸਾਨਾਂ ਨੂੰ ਮਾਰਚ ਕਰਦਿਆਂ ਜਿੱਥੇ ਵੀ ਰੋਕੇਗੀ, ਕਿਸਾਨ ਉੱਥੇ ਹੀ ਪੱਕਾ ਮੋਰਚਾ ਲਾ ਕੇ ਬੈਠ ਜਾਣਗੇ। ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹੁਣ ਜੇ ਸਰਕਾਰ ਜਾਂ ਕਿਸੇ ਵੀ ਅਧਿਕਾਰੀ ਨੇ ਕਿਸਾਨਾਂ ਨਾਲ ਗੱਲਬਾਤ ਕਰਨੀ ਹੋਈ ਤਾਂ ਉਨ੍ਹਾਂ ਨੂੰ ਮੋਰਚੇ ਵਾਲੀ ਥਾਂ ਆਉਣਾ ਪਵੇਗਾ ਅਤੇ ਮੀਟਿੰਗ ਲਈ ਕਿਸਾਨ ਖੁਦ ਚੱਲ ਕੇ ਨਹੀਂ ਜਾਣਗੇ। ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕਰਨ ਲਈ ਵੱਡੀ ਗਿਣਤੀ ਵਿੱਚ ਔਰਤਾਂ ਵੀ ਪਹੁੰਚੀਆਂ ਹੋਈਆਂ ਹਨ ਅਤੇ ਕਿਸਾਨ ਦਿੱਲੀ ਦੀ ਤਰਜ਼ ਉੱਤੇ ਪੱਕਾ ਮੋਰਚਾ ਲਾਉਣ ਲਈ ਸਾਰਾ ਸਾਜੋ ਸਮਾਨ ਨਾਲ ਲੈ ਕੇ ਆਏ ਹਨ। ਕਿਸਾਨ ਆਪਣੇ ਨਾਲ ਅਗਲੇ ਕਈ ਦਿਨਾਂ ਦਾ ਰਾਸ਼ਨ ਪਾਣੀ ਵੀ ਲੈ ਕੇ ਆਏ ਹਨ।

ਕਿਸਾਨਾਂ ਵੱਲੋਂ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਕਰਨ, ਕਣਕ ਦੇ ਘੱਟ ਝਾੜ, ਬੋਨਸ 500 ਰੁਪਏ ਦੇਣ ਅਤੇ ਹੋਰ ਮੰਗਾਂ ਨੂੰ ਪੂਰਾ ਕਰਨ ਦੀਆਂ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਮਾਨ ਨਾਲ ਮੀਟਿੰਗ ਕੀਤੀ ਜਾਣੀ ਸੀ ਪਰ ਮੁੱਖ ਮੰਤਰੀ ਵੱਲੋਂ ਉਨ੍ਹਾਂ ਨਾਲ ਮੀਟਿੰਗ ਹੀ ਨਹੀਂ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਬਦਲਵੀਆਂ ਫਸਲਾਂ ਦੀ ਗੱਲ ਤਾਂ ਕਰ ਰਹੀ ਹੈ ਪਰ ਉਸਦੇ ਲਈ ਬੀਜ ਨਹੀਂ ਮਿਲ ਰਹੇ।