Punjab

ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਹਿਲਾਇਆ ਪੰਜਾਬ

‘ਦ ਖ਼ਾਲਸ ਬਿਊਰੋ:- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ ‘ਚ ਪੰਜਾਬ ‘ਚ 3 ਪੁਲਾਂ ‘ਤੇ ਜਾਮ ਲਾਉਣ ਦਾ ਐਲਾਨ ਕੀਤਾ ਗਿਆ ਸੀ। ਇਸੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਬਿਆਸ ਪੁਲ ਦੇ ਦੋਹੀਂ ਪਾਸੀਂ ਜਾਮ ਲਾਇਆ ਗਿਆ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਕੋਈ ਫੈਸਲਾ ਨਹੀਂ ਲੈਂਦੀ ਉਦੋਂ ਤੱਕ ਇਹ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਤਿੰਨ ਖੇਤੀ ਆਰਡੀਨੈਂਸ ਨੂੰ ਵਾਪਸ ਲਿਆ ਜਾਵੇ। ਉਹਨਾਂ ਅੱਗੇ ਕਿਹਾ ਕਿ ਮੋਦੀ ਸਰਕਾਰ ਖੇਤੀ ਨੂੰ ਖਤਮ ਕਰਨ ਲਈ ਇਹ ਆਰਡੀਨੈਂਸ ਲੈ ਕੇ ਆਈ ਹੈ।

ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ 3 ਆਰਡੀਨੈਸ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਰ ਕੇਂਦਰ ਸਰਕਾਰ ਖਿਲਾਫ ਹੱਲਾ-ਬੋਲਿਆ ਜਾ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਆਪਣੇ-ਆਪਣੇ ਜਿਲ੍ਹੇ ‘ਚ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ ਤੇ ਕਿਸਾਨ ਵਿਰੋਧੀ ਇਹਨਾਂ ਆਰਡੀਨੈਂਸ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਹਨ।

ਸੰਸਦੀ ਸੈਸ਼ਨ ਦੇ ਪਹਿਲੇ ਦਿਨ ਪੇਸ਼ ਹੋਣ ਵਾਲੇ ਖੇਤੀ ਆਰਡੀਨੈਂਸਾਂ ਖਿਲਾਫ਼ ਕਿਸਾਨ-ਮਜ਼ਦੂਰ ਸ਼ੰਘਰਸ਼ ਕਮੇਟੀ ਪੰਜਾਬ ਵੱਲੋਂ ਅੰਮ੍ਰਿਤਸਰ-ਰਾਜਸਥਾਨ ਕੌਮੀ ਮਾਰਗ ਦੇ ਹਰੀਕੇ ਪੱਤਣ ਨੇੜੇ ਬੰਗਾਲੀ ਵਾਲਾ ਪੁਲ ’ਤੇ ਰੋਸ ਧਰਨਾ ਦਿੱਤਾ ਗਿਆ। ਹਜ਼ਾਰਾਂ ਦੀ ਗਿਣਤੀ ’ਚ ਹਾਜ਼ਰ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਮੋਦੀ ਸਰਕਾਰ ਦੇ ਖੇਤੀ ਤੇ ਬਿਜਲੀ ਬਿੱਲ ਕਿਸਾਨ ਮਜ਼ਦੂਰ ਵਿਰੋਧੀ ਹਨ, ਜਿਸ ਦਾ ਅਸਰ ਦੇਸ਼ ਦੇ ਦੂਜੇ ਸੂਬਿਆਂ ਨਾਲੋਂ ਖੇਤੀ ਪ੍ਰਧਾਨ ਸੂਬਿਆਂ ’ਤੇ ਜ਼ਿਆਦਾ ਪਵੇਗਾ।

ਇਹਨਾਂ ਬਿੱਲਾਂ ਦੇ ਲਾਗੂ ਹੋਣ ਨਾਲ ਕਿਸਾਨ ਮਜ਼ਦੂਰ ਦਸਤਕਾਰ ਤੇ ਛੋਟੇ ਵਪਾਰੀਆਂ ਤੇ ਭਾਰੀ ਆਰਥਕ ਸੱਟ ਵੱਜੇਗੀ। ਉਨ੍ਹਾਂ ਅਕਾਲੀ ਸੰਸਦ ਮੈਂਬਰ ਬਾਦਲ ਜੋੜੇ ਨੂੰ ਕਿਹਾ ਕਿ ਉਨ੍ਹਾਂ ਨੇ ਸੱਤਾ ਦਾ ਆਨੰਦ ਮਾਣਨ ਲਈ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਦੇ ਹਿੱਤਾ ਨੂੰ ਭਾਜਪਾ ਕੋਲ ਵੇਚ ਦਿੱਤਾ ਹੈ। ਉਨ੍ਹਾਂ ਦੇਸ਼ ਦੇ ਸਮੁੱਚੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਆਸੀ ਹਿੱਤ ਤਿਆਗ ਕੇ ਕੇਂਦਰੀ ਆਰਡੀਨੈਂਸਾਂ ਦਾ ਵਿਰੋਧ ਕਰਨ।

ਅਜਿਹੇ ‘ਚ ਭਾਰਤੀ ਕਿਸਾਨ ਯੂਨੀਅਨ ਨੇ ਵੱਡਾ ਐਲਾਨ ਕੀਤਾ ਹੈ ਕਿ 15 ਸਤੰਬਰ ਨੂੰ ਸੂਬੇ ਭਰ ‘ਚ ਨੈਸ਼ਨਲ ਹਾਈਵੇਅ ਬੰਦ ਕੀਤੇ ਜਾਣਗੇ। ਉਹਨਾਂ ਜਾਣਕਾਰੀ ਦਿੱਤੀ ਕਿ 15 ਸਤੰਬਰ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਹਾਈਵੇਅ ਬੰਦ ਕੀਤੇ ਜਾਣਗੇ।