Punjab

ਮੁਲਤਾਨੀ ਮਾਮਲੇ ‘ਚ ਸੁਮੇਧ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਸੁਣਵਾਈ ਟਲੀ

‘ਦ ਖ਼ਾਲਸ ਬਿਊਰੋ :- ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਗਾਇਬ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਸੁਣਵਾਈ ਅੱਗੇ ਟਲ ਗਈ ਹੈ।

ਜਾਣਕਾਰੀ ਮੁਤਾਬਕ 11 ਮਈ ਨੂੰ ਮੁਹਾਲੀ ਅਦਾਲਤ ਨੇ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕੀਤੀ ਸੀ ਅਤੇ ਅਦਾਲਤ ਨੇ ਸਾਬਕਾ ਡੀਜੀਪੀ ਨੂੰ ਆਦੇਸ਼ ਦਿੱਤੇ ਸੀ ਕਿ ਉਹ ਪੁਲਿਸ ਜਾਂਚ ਵਿੱਚ ਸ਼ਾਮਲ ਹੋਵੇ ਅਤੇ ਅਦਾਲਤ ਨੂੰ ਦੱਸੇ ਬਿਨਾਂ ਘਰ ਤੋਂ ਬਾਹਰ ਨਾ ਜਾਵੇ, ਬਸ਼ਰਤੇ ਉਨ੍ਹਾਂ ਨੂੰ ਕੋਈ ਮੈਡੀਕਲ ਐਮਰਜੈਂਸੀ ਨਾ ਹੋਵੇ।

ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਨੇ ਦੱਸਿਆ ਕਿ ਸੁਮੇਧ ਸੈਣੀ ਨੇ ਅਦਾਲਤ ਅਤੇ ਸਿੱਟ ਨੂੰ ਦੱਸੇ ਬਿਨਾਂ ਘਰ ਤੋਂ ਗਾਇਬ ਹੋ ਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸੈਣੀ ਦੀ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ। ਜਦੋਂ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ ਸੀ ਤਾਂ ਉਹ ਜ਼ੈੱਡ ਪਲੱਸ ਸੁਰੱਖਿਆ ਛੱਤਰੀ ਛੱਡ ਕੇ ਆਪਣੇ ਘਰੋਂ ਅਚਾਨਕ ਰੂਪੋਸ਼ ਹੋ ਗਿਆ ਸੀ।

ਅੱਜ ਮੁਹਾਲੀ ਅਦਾਲਤ ਵਿੱਚ ਸਰਕਾਰ ਦੀ ਉਕਤ ਅਰਜ਼ੀ ’ਤੇ ਸੁਣਵਾਈ ਹੋਣੀ ਸੀ ਪ੍ਰੰਤੂ ਸਬੰਧਤ ਜੱਜ ਛੁੱਟੀ ’ਤੇ ਹੋਣ ਕਾਰਨ ਜ਼ਮਾਨਤ ਰੱਦ ਕਰਵਾਉਣ ਲਈ ਸਰਕਾਰ ਦੀ ਅਰਜ਼ੀ ’ਤੇ ਸੁਣਵਾਈ 27 ਅਕਤੂਬਰ ਤੱਕ ਅੱਗੇ ਟਲ ਗਈ ਹੈ। ਉਸੇ ਦਿਨ ਸੈਣੀ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਐੱਫਆਈਆਈ ਰੱਦ ਕਰਨ ਅਤੇ ਉਸ ਨੂੰ ਪੱਕੀ ਜ਼ਮਾਨਤ ਦੇਣ ਬਾਰੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਹੈ।

ਹਾਲਾਂਕਿ, ਅਦਾਲਤ ਨੇ ਸੈਣੀ ਦੀ ਜ਼ਮਾਨਤ ਮਨਜ਼ੂਰ ਕਰਨ ਸਮੇਂ ਇਹ ਵੀ ਹੁਕਮ ਦਿੱਤੇ ਸੀ ਕਿ ਉਹ ਜ਼ਮਾਨਤ ਸਮੇਂ ਕਿਸੇ ਨੂੰ ਧਮਕਾਉਣ ਜਾਂ ਲਾਲਚ ਦੇਣ ਦੀ ਕੋਸ਼ਿਸ਼ ਨਹੀਂ ਕਰਨਗੇ ਅਤੇ ਉਕਤ ਕੇਸ ਸਬੰਧੀ ਪੁਲਿਸ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ ਪਰ ਸੈਣੀ ’ਤੇ ਪੁਲਿਸ ਨੂੰ ਜਾਂਚ ਵਿੱਚ ਸਹਿਯੋਗ ਨਾ ਦੇਣ ਅਤੇ ਗਵਾਹਾਂ ਨੂੰ ਧਮਕਾਉਣ ਦੇ ਦੋਸ਼ ਵੀ ਲੱਗ ਰਹੇ ਹਨ।