Punjab

ਪੰਜਾਬ ’ਚ ‘ਅਣਐਲਾਨੀ ਐਮਰਜੈਂਸੀ’ ’ਤੇ ਖਹਿਰਾ ਵੱਲੋਂ ਖਰੀਆਂ-ਖਰੀਆਂ 

’ਦ ਖ਼ਾਲਸ ਬਿਊਰੋ: ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ‘ਦਿੱਲੀ ਚੱਲੋ’ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਹਰਿਆਣਾ ਸਰਕਾਰ ਵੱਲੋਂ ਬਾਰਡਰ ਸੀਲ ਕਰਨ ਅਤੇ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਬੀਜੇਪੀ ਸਰਕਾਰ ਦੁਆਰਾ ਪੰਜਾਬ ਵਿੱਚ ਅਣ-ਐਲਾਨੀ ਐਮਰਜੈਂਸੀ ਦੀ ਸਖ਼ਤ ਨਿੰਦਾ ਕਰਦੇ ਹਨ।

ਖਹਿਰਾ ਨੇ ਟਵੀਟ ਕਰਦਿਆਂ ਦੁੱਖ ਜਤਾਇਆ ਕਿ ਕਿਸਾਨ ਵੀ ਇਸ ਦਾ ਸ਼ਿਕਾਰ ਹੋ ਰਹੇ ਹਨ ਅਤੇ ਉਨ੍ਹਾਂ ਨੂੰ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ ਦੀ ਆਗਿਆ ਨਹੀਂ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਦੇਸ਼ ਲਈ ਪੰਜਾਬੀਆਂ ਦੇ ਯੋਗਦਾਨ ਦਾ ਇਨਾਮ ਹੈ? ਆਖ਼ਰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਲਈ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਦਿੱਲੀ ਜਾਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ?

ਇਸ ਤੋਂ ਪਹਿਲਾਂ ਸ਼ੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ.ਦਲਜੀਤ ਸਿੰਘ ਚੀਮਾ ਨੇ ਵੀ ਹਰਿਆਣਾ ਸਰਕਾਰ ਦਾ ਕਿਸਾਨਾਂ ਦੇ ਰਾਹ ਆਉਣ ਲਈ ਵਿਰੋਧ ਕੀਤਾ ਹੈ।

ਚੀਮਾ ਨੇ ਹਰਿਆਣਾ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਦੀ ਘਟਨਾ ‘ਤੇ ਹਰਿਆਣਾ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ‘ਜਿਸ ਤਰੀਕੇ ਕੇਂਦਰ ਸਰਕਾਰ ਅਤੇ ਹਰਿਆਣਾ ਦੀ ਬੀਜੇਪੀ ਸਰਕਾਰ ਵੱਲੋਂ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਦੇ ਉੱਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ, ਜਿਸ ਤਰੀਕੇ ਹਰਿਆਣਾ ਦੇ ਸਾਰੇ ਬਾਰਡਰ ਸੀਲ ਕੀਤੇ ਜਾ ਰਹੇ ਹਨ, ਇਹ ਬਹੁਤ ਮੰਦਭਾਗਾ ਅਤੇ ਗੈਰ-ਲੋਕਤੰਤਰੀ ਕਦਮ ਹੈ। ਕੇਂਦਰ ਸਰਕਾਰ ਕਿਸਾਨਾਂ ਦੇ ਲੰਮੇ ਸਮੇਂ ਤੋਂ ਚੱਲ ਰਹੇ ਸ਼ਾਂਤਮਈ ਅੰਦੋਲਨ ਨੂੰ ਧੱਕੇ ਨਾਲ ਗਲਤ ਦਿਸ਼ਾ ਵੱਲ ਧੱਕਣ ਦੀ ਕੋਸ਼ਿਸ਼ ਕਰ ਰਹੀ ਹੈ।

ਇਸ ਦੇ ਨਾਲ ਹੀ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ 26-27 ਨਵੰਬਰ ਦੇ ਦਿੱਲੀ ਚੱਲੋ ਅੰਦੋਲਨ ਦਾ ਰਾਹ ਰੋਕਣ ‘ਤੇ ਸ਼ੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਬਿਆਨ ਜਾਰੀ ਕਰਕੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਪੰਜਾਬ-ਹਰਿਆਣਾ ਸਰਹੱਦ ਨੂੰ ਸੀਲ ਕਰਨ ਨਾਲ ਇਹ ਸਪਸ਼ੱਟ ਹੋ ਗਿਆ ਕਿ ਹਰਿਆਣਾ ਦੀ ਭਾਜਪਾ ਸਰਕਾਰ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਇਸ਼ਾਰਿਆਂ ‘ਤੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ।