Punjab

ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਪੰਜਾਬ ਕੈਬਨਿਟ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ 19 ਅਕਤੂਬਰ ਨੂੰ ਸੱਦੇ ਜਾਣ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਦੀਆਂ ਔਰਤਾਂ ਲਈ ਸਰਕਾਰੀ ਨੌਕਰੀਆਂ ਵਿੱਚ 33 ਪ੍ਰਤੀਸ਼ਤ ਰਾਖਵਾਂ ਕੋਟਾ ਰੱਖਿਆ ਗਿਆ ਹੈ। ਇਸ ਨਾਲ ਔਰਤਾਂ ਨੂੰ ਰੁਜ਼ਗਾਰ ਦੇ ਕਈ ਮੌਕੇ ਮਿਲਣਗੇ।

ਕੈਪਟਨ ਸਰਕਾਰ ਨੇ ਮਾਰਚ 2022 ਤੱਕ ਨੌਜਵਾਨਾਂ ਨੂੰ 1 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਸਰਕਾਰ ਨੇ ਸਾਰੇ ਕੇਂਦਰੀ, ਸਟੇਟ ਅਤੇ ਨਿੱਜੀ ਅਦਾਰਿਆਂ ‘ਚ SC ਵਿਦਿਆਰਥੀਆਂ ਦੇ ਨੂੰ ਡਾ.ਬੀ.ਆਰ ਅੰਬੇਦਕਰ SC ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇਣ ਦਾ ਰਾਹ ਪੱਧਰਾ ਕਰ ਦਿੱਤਾ ਹੈ। ਹੁਣ 4 ਲੱਖ ਸਾਲਾਨਾ ਆਮਦਨ ਵਾਲੇ ਪਰਿਵਾਰ ਦੇ ਬੱਚੇ ਵੀ ਇਸ ਸਕਾਲਰਸ਼ਿਪ ਦਾ ਲਾਭ ਲੈ ਸਕਦੇ ਹਨ।

ਕੈਪਟਨ ਸਰਕਾਰ ਨੇ ਸੂਬੇ ਵਿੱਚ ਕੋਵਿਡ ਸੰਕਟ ਦੇ ਮੱਦੇਨਜ਼ਰ ਸੇਵਾ ਮੁਕਤ ਹੋ ਰਹੇ ਡਾਕਟਰਾਂ ਅਤੇ ਮੈਡੀਕਲ ਸਪੈਸ਼ਲਿਸਟਾਂ ਦੇ 1 ਅਕਤੂਬਰ, 2020 ਤੋਂ 31 ਦਸੰਬਰ, 2020 ਤੱਕ ਸੇਵਾ ਕਾਲ ਵਿੱਚ 3 ਮਹੀਨੇ ਦੇ ਵਾਧੇ ਅਤੇ ਮੁੜ ਨੌਕਰੀ ‘ਤੇ ਰੱਖਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੈਬਨਿਟ ਵੱਲੋਂ ਪੰਜਾਬ ਹੈਲਥ ਐਂਡ ਫੈਮਿਲੀ ਵੈਲਫੇਅਰ ਟੈਕਨੀਕਲ (ਗਰੁੱਪ ਸੀ) ਸਰਵਿਸ ਰੂਲਜ਼, 2016 ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।