‘ਦ ਖ਼ਾਲਸ ਬਿਊਰੋ :-  ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਘਰ ਦੇ ਬਾਹਰ ਅੱਜ ਖੇਤੀ ਕਾਨੂੰਨਾਂ ਖ਼ਿਲਾਫ਼ ਕਰੀਬ ਡੇਢ ਦਰਜਨ ਕਿਸਾਨ ਜਥੇਬੰਦੀਆਂ ਵੱਲੋਂ ਘਿਰਾਓ ਕਰਨ ਤੇ ਧਰਨਾ ਦੇਣ ’ਤੇ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਬਰਸਾਏ। ਕਿਸਾਨਾਂ ਨੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਘਰ ਦਾ ਘਿਰਾਓ ਕੀਤਾ। ਪੁਲੀਸ ਨੇ ਕਿਸਾਨਾਂ ਨੂੰ ਚੌਟਾਲਾ ਦੇ ਘਰ ਤੋਂ ਦੋ ਸੌ ਮੀਟਰ ਪਹਿਲਾਂ ਹੀ ਰੋਕ ਲਿਆ। ਕਿਸਾਨ ਘਰ ਤੱਕ ਜਾਣ ਲਈ ਬਾਜ਼ਿੱਦ ਰਹੇ, ਪਰ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕਿਆ ਤਾਂ ਗੁੱਸੇ ਵਿੱਚ ਆਏ ਕਿਸਾਨ ਬਾਬਾ ਭੂਮਣ ਸ਼ਾਹ ਚੌਕ ’ਤੇ ਧਰਨਾ ਲਾ ਕੇ ਬੈਠ ਗਏ।

ਦਰਅਸਲ ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਡੇਢ ਦਰਜਨ ਕਿਸਾਨ ਜਥੇਬੰਦੀਆਂ ਨਾਲ ਜੁੜੇ ਕਿਸਾਨ ਅੱਜ ਸਿਰਸਾ ਦੇ ਦੁਸ਼ਹਿਰਾ ਗਰਾਊਂਡ ਇਕੱਠੇ ਹੋਏ ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਦੇ ਸਮਾਜ ਸੇਵੀ ਸੰਸਥਵਾਂ ਦੇ ਆਗੂਆਂ ਨੇ ਸੰਬੋਧਨ ਕੀਤਾ।

ਸਵਰਾਜ ਇੰਡੀਆ ਦੇ ਰਾਸ਼ਟਰੀ ਕਨਵੀਨਰ ਜੋਗਿੰਦਰ ਸਿੰਘ ਯਾਦਵ, ਰਾਜੀਵ ਗੋਦਾਰਾ, ਕਿਸਾਨ ਸਭਾ ਦੇ ਆਗੂ ਸਵਰਨ ਸਿੰਘ ਵਿਰਕ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂ, ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਰੋਸ਼ਨ ਸੁਚਾਨ ਸਮੇਤ ਅਨੇਕ ਆਗੂਆਂ ਨੇ ਸੰਬੋਧਨ ਕੀਤਾ।

ਪੰਜਾਬੀ ਗਾਇਕ ਜੱਸ ਬਾਜਵਾ, ਹਰਫ਼ ਚੀਮਾ ਤੇ ਜਗਦੀਪ ਰੰਧਾਵਾ ਨੇ ਵੀ ਆਪਣੀ ਹਾਜ਼ਰੀ ਲੁਵਾਈ। ਕਿਸਾਨ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਚੌਧਰੀ ਰਣਜੀਤ ਸਿੰਘ ਦੀ ਕੋਠੀ ਵੱਲ ਵੱਧ ਪਰ ਪੁਲੀਸ ਨੇ ਦੋ ਸੌ ਮੀਟਰ ਪਹਿਲਾਂ ਹੀ ਉਨ੍ਹਾਂ ਨੂੰ ਰੋਕ ਲਿਆ। ਪੁਲੀਸ ਵੱਲੋਂ ਕਿਸਾਨਾਂ ਨੂੰ ਅੱਗੇ ਨਾ ਜਾਣ ਲਈ ਪੁਖਤਾ ਇੰਤਜ਼ਾਮ ਕੀਤੇ ਹੋਏ ਸਨ। ਪੁਲੀਸ ਵੱਲੋਂ ਕਰੀਬ 12 ਕੰਪਨੀਆਂ ਦੇ ਮੁਲਾਜ਼ਮ ਲਾਏ ਗਏ ਸਨ ਜਿਨ੍ਹਾਂ ਵਿੱਚ ਦਸ ਡੀਐਸਪੀ, 30 ਇੰਸਪੈਕਟਰ ਤੇ ਕਰੀਬ 1500 ਪੁਲੀਸ ਮੁਲਾਜ਼ਮ ਤਾਇਨਾਤ ਸਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 12 ਡਿਊਟੀ ਮੈਜਿਸਟਰੇਟ ਤਾਇਨਾਤ ਕੀਤੇ ਹੋਏ ਸਨ।

Leave a Reply

Your email address will not be published. Required fields are marked *