‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਸਰਬਉੱਚ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਅਗਲੇ ਹੁਕਮਾਂ ਤੱਕ ਉਸਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਅਦਾਲਤ ਨੇ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ‘ਚ ਜਵਾਬ ਮੰਗਿਆ ਹੈ। ਸੈਣੀ ਖਿਲਾਫ਼ ਬਲਵੰਤ ਸਿੰਘ ਮੁਲਤਾਨੀ ਕੇਸ ‘ਚ ਮੁਹਾਲੀ ਅਦਾਲਤ ਵੱਲੋਂ ਅਰੈਸਟ ਵਾਰੰਟ ਵੀ ਜਾਰੀ ਕੀਤੇ ਗਏ ਹਨ।  ਚਾਰ ਹਫਤਿਆਂ ਤੋਂ ਬਾਅਦ ਸਰਬਉੱਚ ਅਦਾਲਤ ਵਿੱਚ ਇਸ ਮਾਮਲੇ ‘ਤੇ ਦੁਬਾਰਾ ਸੁਣਵਾਈ ਹੋਵੇਗੀ।

ਸਾਬਕਾ DGP ਸੁਮੇਧ ਸੈਣੀ ਜੋ ਕਿ ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਤੇ ਭੇਤਭਰੀ ਹਾਲਤ ‘ਚ ਲਾਪਤਾ ਕਰਨ ਦੇ ਇਲਜ਼ਾਮਾਂ ‘ਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਮਗਰੋਂ ਮੁਹਾਲੀ ਪੁਲਿਸ ਦੇ ਹੱਥ ਨਹੀਂ ਲੱਗ ਰਿਹਾ ਹੈ।

ਸੁਮੇਧ ਸੈਣੀ ਦਸੰਬਰ 1991 ਵਿੱਚ ਮੁਹਾਲੀ ਦੇ ਵਸਨੀਕ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਤੇ ਕਤਲ ਕੇਸ ਵਿੱਚ ਘਿਰਿਆ ਹੋਇਆ ਹੈ। ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਉਹ ਰੂਪੋਸ਼ ਹੈ। ਉਸ ਦੀ ਗ੍ਰਿਫਤਾਰੀ ਲਈ ਪੁਲਿਸ ਕਈ ਰਾਜਾਂ ਵਿੱਚ ਛਾਪੇ ਮਾਰ ਰਹੀ ਹੈ।

Leave a Reply

Your email address will not be published. Required fields are marked *