India Punjab

ਜਥੇਦਾਰ ਹਰਪ੍ਰੀਤ ਸਿੰਘ ਨੇ ਮੋਦੀ ਸਰਕਾਰ ਦੀ ਮੁਗਲ ਰਾਜ ਨਾਲ ਕੀਤੀ ਤੁਲਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਸ਼ਤਾਬਦੀ ਪ੍ਰੋਗਰਾਮ ਮਨਾਉਣ ਤੋਂ ਹੱਥ ਪਿਛੇ ਖਿੱਚਣ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਮੌਜੂਦਾ ਕਿਸਾਨੀ ਸੰਘਰਸ਼ ਕਾਰਨ ਕੇਂਦਰ ਸਰਕਾਰ ਨੇ ਆਪਣਾ ਹੱਥ ਪਿੱਛੇ ਖਿੱਚ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਦਰਬਾਰ ਕੰਪਲੈਕਸ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਵਿਚਾਰ ਚਰਚਾ ਕਰਨ ਲਈ ਵੱਖ-ਵੱਖ ਸਿੱਖ ਸੰਪਰਦਾਵਾਂ, ਜਥੇਬੰਦੀਆਂ ਅਤੇ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਸੱਦੀ ਸੀ।

ਇਸ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ‘ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੇਲੇ ਜਿਵੇਂ ਮੁਗਲ ਰਾਜ ਵਿੱਚ ਫਿਰਕਾਪ੍ਰਸਤੀ ਦਾ ਬੋਲਬਾਲਾ ਸੀ, ਅੱਜ ਵੀ ਉਸੇ ਤਰ੍ਹਾਂ ਫਿਰਕਾਪ੍ਰਸਤੀ ਵੱਧ ਰਹੀ ਹੈ ਅਤੇ ਫਿਰਕਾਪ੍ਰਸਤੀ ਫੈਲਾਉਣ ਵਾਲਿਆਂ ਨੂੰ ਸਰਕਾਰ ਦੀ ਸਰਪ੍ਰਸਤੀ ਹਾਸਲ ਹੈ। ਸਰਕਾਰ ਨੂੰ ਲੱਗਦਾ ਹੈ ਕਿ ਇਹ ਕਿਸਾਨੀ ਸੰਘਰਸ਼ ਸਿੱਖਾਂ ਦਾ ਸੰਘਰਸ਼ ਹੈ।

ਪੰਜਾਬ ਦੇ ਨੌਜਵਾਨਾਂ ਵਿੱਚ ਵਿਦੇਸ਼ਾਂ ਵਿੱਚ ਜਾਣ ਦੇ ਵੱਧ ਰਹੇ ਰੁਝਾਨ ‘ਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅਜਿਹਾ ਲੱਗ ਰਿਹਾ ਹੈ ਕਿ ਜਲਦੀ ਹੀ ਪੰਜਾਬ ਵਿੱਚ ਸਿੱਖ ਘੱਟ ਗਿਣਤੀ ਵਿੱਚ ਆ ਜਾਣਗੇ। ਉਨ੍ਹਾਂ ਕਿਹਾ ਕਿ ਇਸ ਵੇਲੇ ਪਰਿਵਾਰਾਂ ਵਿੱਚ ਇੱਕ-ਇੱਕ ਬੱਚਾ ਹੈ ਅਤੇ ਉਹ ਵੀ ਵਿਦੇਸ਼ ਜਾ ਰਹੇ ਹਨ। ਉਨ੍ਹਾਂ ਸਿੱਖ ਜਥੇਬੰਦੀਆਂ ਨੂੰ ਇਸ ਰੁਝਾਨ ਨੂੰ ਰੋਕਣ ਬਾਰੇ ਸੋਚਣ ਲਈ ਕਿਹਾ। ਉਨ੍ਹਾਂ ਨੇ ਸਮੂਹ ਸਿੱਖ ਜਥੇਬੰਦੀਆਂ ਨੂੰ 400 ਸਾਲਾ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਸਮਾਗਮ ਖਾਲਸਾ ਪੰਥ ਦੇ ਹਨ ਅਤੇ ਸ਼੍ਰੋਮਣੀ ਕਮੇਟੀ ਇਨ੍ਹਾਂ ਸਮਾਗਮਾਂ ਦੀ ਪ੍ਰਬੰਧਕ ਹੈ।