Punjab

ਪੰਜਾਬ ’ਚ ਮੈਗਾ ਫੂਡ ਪਾਰਕ ਦਾ ਉਦਘਾਟਨ , 25000 ਕਿਸਾਨਾਂ ਨੂੰ ਲਾਭ ਪਹੁੰਚਣ ਦੀ ਸੰਭਾਵਨਾ 

’ਦ ਖ਼ਾਲਸ ਬਿਊਰੋ: ਪੰਜਾਬ ਵਿੱਚ ਮੈਗਾ ਫੂਡ ਪਾਰਕ (ਐਮਐਫਪੀ) ਦਾ ਉਦਘਾਟਨ ਕੀਤਾ ਗਿਆ ਹੈ ਜਿਸ ਨਾਲ 25 ਹਜ਼ਾਰ ਕਿਸਾਨਾਂ ਨੂੰ ਲਾਭ ਮਿਲਣ ਦੀ ਗੱਲ ਕਹੀ ਜਾ ਰਹੀ ਹੈ। ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ, ਖੇਤੀਬਾੜੀ ਅਤੇ ਕਿਸਾਨ ਭਲਾਈ, ਗ੍ਰਾਮੀਣ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿਖੇ ਇਸ ਮੈਗਾ ਫੂਡ ਪਾਰਕ ਦਾ ਉਦਘਾਟਨ ਕੀਤਾ।

ਇਸ ਮੌਕੇ ਤੋਮਰ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਨੇ ਖੇਤੀਬਾੜੀ ਦੇ ਖੇਤਰ ਦੇ ਵਿਕਾਸ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ, ਸਾਨੂੰ ਮਾਣ ਹੈ ਕਿ ਇਨ੍ਹਾਂ ਦੋਵਾਂ ਸੂਬਿਆਂ ਦੇ ਕਿਸਾਨਾਂ ਦੀ ਮਿਹਨਤ ਸਦਕਾ ਭਾਰਤ ਅੱਜ ਅਨਾਜ ਦੇ ਖੇਤਰ ਵਿੱਚ ਨਾ ਸਿਰਫ ਆਤਮ ਨਿਰਭਰ ਹੈ ਬਲਕਿ ਅਨਾਜ ਸਰਪਲੱਸ ਸਵੈ-ਨਿਰਭਰ ਵੀ ਹੈ।

ਉਨ੍ਹਾਂ ਕਿਹਾ ਕਿ ਕਣਕ ਅਤੇ ਝੋਨੇ ਦੇ ਉਤਪਾਦਨ ਵਿਚ ਪੰਜਾਬ ਮੋਹਰੀ ਰਿਹਾ ਹੈ, ਪਰ ਹੁਣ ਧਰਤੀ ਹੇਠਲੇ ਪਾਣੀ ਦਾ ਪੱਧਰ ਘਟਣ ਕਾਰਨ ਫਸਲਾਂ ਦੇ ਵਿਭਿੰਨਤਾ ਦੀ ਲੋੜ ਹੈ, ਜਿਸ ਲਈ ਪੰਜਾਬ ਦੇ ਕਿਸਾਨ ਸਫਲਤਾਪੂਰਵਕ ਅੱਗੇ ਵਧੇ ਹਨ। ਉਨ੍ਹਾਂ ਕਿਹਾ ਕਿ ਫੂਡ ਪ੍ਰੋਸੈਸਿੰਗ ‘ਤੇ ਵੀ ਪੂਰਾ ਧਿਆਨ ਧਿਆਨ ਕੇਂਦਰਿਤ ਕਰਨ ਦੀ ਜ਼ਰੂਰਤ ਹੈ ਤਾਂ ਜੋ ਕਿਸਾਨਾਂ ਨੂੰ ਵਾਜਬ ਭਾਅ ਮਿਲ ਸਕਣ ਅਤੇ ਇਸ ਨਾਲ ਸਬੰਧਿਤ ਖੇਤਰ ਨੂੰ ਵੀ ਫਾਇਦਾ ਹੋਵੇਗਾ।

ਦੱਸ ਦੇਈਏ ਇਹ ਮੈਗਾ ਫੂਡ ਪਾਰਕ 107.83 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ ਅਤੇ 55 ਏਕੜ ਰਕਬੇ ਵਿੱਚ ਫੈਲਿਆ ਹੋਇਆ ਹੈ। ਇਸ ਨਾਲ ਤਕਰੀਬਨ 25000 ਕਿਸਾਨਾਂ ਨੂੰ ਲਾਭ ਹੋਣ ਅਤੇ ਲਗਭਗ 5000 ਵਿਅਕਤੀਆਂ ਦੇ ਰੁਜ਼ਗਾਰ ਦੀ ਸੰਭਾਵਨਾ ਹੈ।

ਇਹ ਕੱਚੇ ਪਦਾਰਥ/ਤਿਆਰ ਮਾਲ ਗੁਦਾਮ (3944 ਵਰਗ ਮੀਟਰ), ਸਿਲੋਜ਼ (20000 ਮੀਟਰਕ ਟਨ), ਕੋਲਡ ਸਟੋਰੇਜ (3000 ਮੀਟਰਕ ਟਨ), ਆਈਕਿਯੂਐਫ ਅਤੇ ਡੀਪ- ਫ੍ਰੀਜ਼ਰ (ਆਈਕਿਯੂਐਫ: 2 ਐਮਟੀ/ਘੰਟਾ + ਦੀਪ ਫ੍ਰੀਜ਼ਰ: 2000 ਐਮਟੀ) ਅਤੇ ਹੋਰ ਸਬੰਧਤ ਭੋਜਨ ਪ੍ਰਾਸੈਸਿੰਗ ਸਹੂਲਤਾਂ ਨਾਲ ਲੈਸ ਹੈ।

ਹੁੁਣ ਤਕ ਦੇਸ਼ ਅੰਦਰ 37 ਮੈਗਾ ਫ਼ੂਡ ਪਾਰਕਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿਨ੍ਹਾਂ ’ਚੋਂ 20 ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
ਤੋਮਰ ਨੇ ਕਿਹਾ ਕਿ ਸਰਕਾਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਫਸਲਾਂ ਦਾ ਐਮਐਸਪੀ ਵਧਾ ਦਿੱਤਾ ਗਿਆ ਹੈ ਅਤੇ ਸਰਕਾਰ ਨੇ 10,000 ਨਵੇਂ ਐਫਪੀਓ ਬਣਾਉਣ ਦੀ ਯੋਜਨਾ ਸ਼ੁਰੂ ਕੀਤੀ ਹੈ। ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਛੋਟੇ ਕਿਸਾਨਾਂ ਦੀ ਭਲਾਈ ਵੱਲ ਧਿਆਨ ਕੇਂਦਰਤ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਆਤਮਨਿਰਭਰ ਭਾਰਤ ਅਧੀਨ ਫੂਡ ਪ੍ਰੋਸੈਸਿੰਗ ਸੈਕਟਰ ਦੇ ਵਿਕਾਸ ਲਈ 10,000 ਕਰੋੜ ਰੁਪਏ ਦਾ ਫੰਡ ਬਣਾਇਆ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਹੁਣ ਤੱਕ, 37 ਐਮਐਫਪੀ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ 20 ਪਹਿਲਾਂ ਹੀ ਕੰਮ ਕਰਨਾ ਸ਼ੁਰੂ ਕਰ ਚੁੱਕੇ ਹਨ।