Punjab

ਖਹਿਰਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਸੌਂਪਿਆਂ ਮੰਗ ਪੱਤਰ, UAPA ਤਹਿਤ ਫੜ੍ਹੇ ਗਏ ਸਿੱਖ ਨੌਜਵਾਨਾਂ ਦੇ ਇਨਸਾਫ ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ (ਅਤਰ ਸਿੰਘ) :- ਕਾਲੇ ਕਾਨੂੰਨ UAPA ਦੀ ਆੜ ਵਿੱਚ ਪੰਜਾਬ ਦੇ ਸਿੱਖ ਨੌਜਵਾਨਾਂ ਦੀਆਂ ਹੋ ਰਹੀਆਂ ਗ੍ਰਿਫਤਾਰੀਆਂ ਨੂੰ ਲੈ ਕੇ ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼੍ਰੀ ਅਕਾਲ ਤਖ਼ਤ ਵਿਖੇ ਮੈਮੋਰੈਂਡਮ ਸੌਂਪ ਕੇ ਇਨਸਾਫ ਦੀ ਮੰਗ ਕੀਤੀ ਹੈ।

ਜਥੇਦਾਰ ਹਰਪ੍ਰੀਤ ਸਿੰਘ ਨੂੰ ਮੈਮੋਰੇੈਂਡਮ ਸੌਂਪੇ ਜਾਣ ਤੋਂ ਬਾਅਦ UAPA ਤਹਿਤ ਗ੍ਰਿਫਤਾਰ ਕੀਤੇ ਜਾਣ ਵਾਲੇ ਸਿੱਖ ਨੌਜਵਾਨਾਂ ਦੀ ਤਸਵੀਰਾਂ ਦਿਖਾਉਦਿਆਂ ਖਹਿਰਾ ਨੇ ਦੋਸ਼ ਲਾਇਆ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਨਾਜਾਇਜ਼ ਗ੍ਰਿਫਤਾਰ ਕੀਤਾ ਗਿਆ ਹੈ ਪੁਲਿਸ ਆਪਣੀ ਸਾਖ ਬਚਾਉਣ ਲਈ ਅਜਿਹਾ ਕਰ ਰਹੀ ਹੈ। ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਮਾਮਲੇ ਸਬੰਧੀ ਕਿਸੇ ਹਾਈਕੋਰਟ ਦੇ ਜੱਜ ਕੋਲੋ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਗਰੀਬ ਪਰਿਵਾਰਾਂ ਨਾਲ ਹਮਦਰਦੀ ਜਤਾਉਦਿਆਂ ਖਹਿਰਾ ਨੇ ਇਹਨਾਂ ਪਰਿਵਾਰਾਂ ਨੂੰ ਪੰਜ ਹਜ਼ਾਰ ਰੁਪਏ ਮਹੀਨਾਂ ਪੈਨਸ਼ਨ ਦੇਣ ਦੀ ਵੀ ਮੰਗ ਕੀਤੀ ਹੈ।

ਇਸ ਮੌਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਆਪਣੇ ਸਾਥੀ ਵਿਧਾਇਕ ਜਗਪਾਲ ਸਿੰਘ ਕਮਾਲੂ, ਪਿਰਮਲ ਸਿੰਘ ਖਾਲਸਾ ਅਤੇ ਜਗਤਾਰ ਸਿੰਘ ਜੱਗਾ ਰਾਏਕੋਟ ਤੋਂ ਇਲਾਵਾਂ ਪਿੰਡਾਂ ਦੇ ਪਤਵੰਤੇ ਸੱਜਣਾ ਦੀ ਹਾਜ਼ਰੀ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਵਿੱਖੇ ਹਾਜਰ ਹੋਏ।