‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਉੱਚ ਪੱਧਰੀ ਕਮੇਟੀ ਬਣਾਉਣ ਜੋ ਸਤਿਕਾਰ ਕਮੇਟੀਆਂ ਕੋਲੋਂ ਸੰਗਤ ਪਾਸੋਂ ਚੁੱਕ ਕੇ ਲਿਆਂਦੇ ਪਾਵਨ ਸਰੂਪਾਂ ਤੇ ਹੋਰ ਸਾਮਾਨ ਦੇ ਵੇਰਵੇ ਇਕੱਠੇ ਕਰੇ। ਉਨ੍ਹਾਂ ਨੇ ਇਨ੍ਹਾਂ ਵੇਰਵਿਆਂ ਨੂੰ ਜਨਤਕ ਕਰਨ ਬਾਰੇ ਵੀ ਕਿਹਾ ਹੈ।

ਸਤਿਕਾਰ ਕਮੇਟੀਆਂ ਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਪਾਵਨ ਸਰੂਪਾਂ ਦੀ ਬੇਅਦਬੀ ਮਾਮਲੇ ਵਿੱਚ 14 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕੱਠ ਕਰਨ ਦਾ ਐਲਾਨ ਕੀਤਾ ਗਿਆ ਹੈ ਜਿਸ ’ਤੇ ਭਾਈ ਲੌਂਗੋਵਾਲ ਨੇ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਇਨ੍ਹਾਂ ਜਥੇਬੰਦੀਆਂ ਨੇ ਕੱਲ੍ਹ ਪੁਲਿਸ ਕਮਿਸ਼ਨਰ ਨੂੰ ਵੀ ਮੰਗ ਪੱਤਰ ਦਿੰਦਿਆਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਸੀ।

ਲੌਂਗੋਵਾਲ ਨੇ ਕਿਹਾ ਕਿ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕਿਸੇ ਨੂੰ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਇਹ ਸਥਾਨ ਸ੍ਰੀ ਹਰਿਮੰਦਰ ਸਾਹਿਬ ਸਮੂਹ ਨਾਲ ਸਬੰਧਤ ਇਤਿਹਾਸਕ ਅਸਥਾਨ ਹੈ ਅਤੇ ਇਸ ਦੀ ਮਰਿਆਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਰਿਕਾਰਡ ਵਿੱਚੋਂ ਘਟੇ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਜਾਂਚ ਰਿਪੋਰਟ ਦੇ ਆਧਾਰ ’ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।

ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਦੀ ਥਾਂ ਕੁੱਝ ਲੋਕ ਵਿਰੋਧ ਕਰ ਰਹੇ ਹਨ। ਉਨ੍ਹਾਂ ਵਿਰੋਧ ਕਰ ਰਹੇ ਸਤਿਕਾਰ ਕਮੇਟੀ ਦੇ ਆਗੂਆਂ ਨੂੰ ਸਵਾਲ ਕੀਤਾ ਕਿ ਉਹ ਇਸ ਮਾਮਲੇ ਵਿੱਚ ਸਿਆਸਤ ਕਰਨ ਦੀ ਥਾਂ ਕੌਮ ਨੂੰ ਇਹ ਦੱਸਣ ਕਿ ਜਿਹੜੇ ਪਾਵਨ ਸਰੂਪ ਉਹ ਵੱਖ ਵੱਖ ਥਾਂਵਾਂ ਤੋਂ ਚੁੱਕ ਕੇ ਲਿਆਏ ਹਨ, ਉਹ ਕਿੱਥੇ ਹਨ।

ਇਸ ਤੋਂ ਇਲਾਵਾ ਨਿਸ਼ਾਨ ਸਾਹਿਬ, ਪਾਲਕੀਆਂ, ਰੁਮਾਲੇ ਆਦਿ ਦਾ ਹਿਸਾਬ ਵੀ ਸੰਗਤ ਸਾਹਮਣੇ ਰੱਖਿਆ ਜਾਵੇ। ਉਨ੍ਹਾਂ ਇਸ ਮਾਮਲੇ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸਤਿਕਾਰ ਕਮੇਟੀਆਂ ਕੋਲੋਂ ਇਸ ਸਬੰਧੀ ਹਿਸਾਬ ਲੈਣ। ਉਹ ਇਸ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਬਣਾਉਣ। ਉਨ੍ਹਾਂ ਸਾਬਕਾ ਕਾਂਗਰਸੀ ਆਗੂ ਮਨਦੀਪ ਸਿੰਘ ਮੰਨਾ ਵੱਲੋਂ ਸੋਸ਼ਲ ਮੀਡੀਆ ’ਤੇ ਉਨ੍ਹਾਂ ਖ਼ਿਲਾਫ਼ ਵਰਤੀ ਸ਼ਬਦਾਵਲੀ ਦਾ ਸਖਤ ਵਿਰੋਧ ਕਰਦਿਆਂ ਉਸ ਨੂੰ ਸੱਭਿਅਕ ਦਾਇਰੇ ਵਿੱਚ ਰਹਿਣ ਲਈ ਆਖਿਆ ਹੈ।

Leave a Reply

Your email address will not be published. Required fields are marked *