‘ਦ ਖ਼ਾਲਸ ਬਿਊਰੋ ( ਦਿੱਲੀ ) :- ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ 14 ਸਤੰਬਰ ਨੂੰ ਲੋਕ ਸਭਾ ਵਿੱਚ ਜੰਮੂ-ਕਸ਼ਮੀਰ ’ਚ ਪੰਜਾਬੀ ਭਾਸ਼ਾ ਨੂੰ ਅਣਡਿੱਠ ਕਰਨ ਦਾ ਮੁੱਦਾ ਉਠਾਉਂਦਿਆਂ ਇਹ ਮੰਗ ਕੀਤੀ ਕਿ ਪੰਜਾਬੀ ਭਾਸ਼ਾ ਨੂੰ ਦਫ਼ਤਰੀ ਭਾਸ਼ਾਵਾਂ ‘ਚ ਸ਼ਾਮਲ ਕੀਤਾ ਜਾਵੇ, ਕਿਉਂਕਿ ਇਸ ਖਿੱਤੇ ਦੇ ਲੋਕ ਪੰਜਾਬੀ ਬੋਲੀ ਬੋਲਦੇ ਹਨ।

ਮਨੀਸ਼ ਤਿਵਾੜੀ ਨੇ ਸਦਨ ਦੇ ਸਪੀਕਰ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ 1808 ’ਚ ਜੰਮੂ ਜਿੱਤਿਆ ਸੀ, ਅਤੇ 1820 ’ਚ ਜੰਮੂ ਦੀ ਜਾਗੀਰ ਮਹਾਰਾਜਾ ਗੁਲਾਬ ਸਿੰਘ ਦੇ ਪਿਤਾ ਮਿਆਂ ਕਿਸ਼ੋਰ ਸਿੰਘ ਜਾਮਵਾਲ ਨੂੰ ਦਿੱਤੀ ਸੀ। 1822 ’ਚ ਉਨ੍ਹਾਂ ਖੁਦ ਗੁਲਾਬ ਸਿੰਘ ਨੂੰ ਜੰਮੂ ਦਾ ਰਾਜਾ ਬਣਾਇਆ ਸੀ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸੌ ਸਾਲਾਂ ਤੋਂ ਜੰਮੂ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ’ਚ ਪੰਜਾਬੀ ਭਾਸ਼ਾ ਬੋਲੀ ਜਾਂਦੀ ਹੈ ਅਤੇ ਪੰਜਾਬੀ ਦੀਆਂ ਕਈ ਉੱਪ ਬੋਲੀਆਂ ਜੰਮੂ ਕਸ਼ਮੀਰ ’ਚ ਬੋਲੀਆਂ ਜਾਂਦੀਆਂ ਹਨ। ਉਨ੍ਹਾਂ ਸਪੀਕਰ ਦੇ ਧਿਆਨ ’ਚ ਲਿਆਂਦਾ ਕਿ 1947 ਦੀ ਦੇਸ਼ ਦੀ ਵੰਡ ਮਗਰੋਂ ਜਿਹੜੇ ਲੋਕ ਪਾਕਿਸਤਾਨ ਤੋਂ ਉੱਜੜ ਕੇ ਜੰਮੂ ਜਾ ਕੇ ਵਸੇ ਉਨ੍ਹਾਂ ’ਚੋਂ ਜ਼ਿਆਦਾਤਰ ਪੰਜਾਬੀ ਭਾਸ਼ਾ ਬੋਲਣ ਵਾਲੇ ਸਨ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ 2 ਸਤੰਬਰ 2020 ਨੂੰ ਪ੍ਰਵਾਨ ਕੀਤੇ ਗਏ ਜੰਮੂ ਕਸ਼ਮੀਰ ਭਾਸ਼ਾ ਬਿੱਲ ’ਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਕੱਢ ਕੇ ਸਿਰਫ਼ ਉਰਦੂ, ਕਸ਼ਮੀਰੀ, ਡੋਗਰੀ, ਹਿੰਦੀ ਤੇ ਅੰਗਰੇਜ਼ੀ ਨੂੰ ਸਰਕਾਰੀ ਭਾਸ਼ਾਵਾਂ ਵਜੋਂ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬੀ ਭਾਸ਼ਾ ਨੂੰ ਜੰਮੂ ਕਸ਼ਮੀਰ ’ਚ ਅਧਿਕਾਰਤ ਭਾਸ਼ਾ ਦਾ ਦਰਜਾ ਦਿੱਤਾ ਜਾਵੇ ਤੇ ਸੂਬੇ ’ਚ ਪੰਜਾਬੀ ਭਾਸ਼ਾ ਨਾਲ ਹੋ ਰਿਹਾ ਵਿਤਕਰਾ ਬੰਦ ਕੀਤਾ ਜਾਵੇ।

Leave a Reply

Your email address will not be published. Required fields are marked *