Punjab

Big Breaking : ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਰਹੀ ਬੇਸਿੱਟਾ, 3 ਦਸੰਬਰ ਨੂੰ ਮੁੜ ਗੱਲਬਾਤ ਦਾ ਮਿਲਿਆ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਦਿੱਲੀ ਦੇ ਵਿਗਿਆਨ ਭਵਨ ਵਿੱਚ ਮੀਟਿੰਗ ਹੋਈ। ਕੇਂਦਰ ਸਰਕਾਰ ਵੱਲੋਂ ਸਿਰਫ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੂੰ ਹੀ ਸੱਦਾ ਪੱਤਰ ਆਇਆ ਸੀ ਪਰ ਕਿਸਾਨ ਲੀਡਰਾਂ ਨੇ ਸ਼ਰਤ ਰੱਖੀ ਸੀ ਕਿ ਸੰਯੁਕਤ ਕਿਸਾਨ ਮੋਰਚੇ ਦੇ ਲੀਡਰਾਂ ਨੂੰ ਵੀ ਗੱਲਬਾਤ ਵਿੱਚ ਸ਼ਾਮਲ ਕੀਤਾ ਜਾਵੇ ਅਤੇ ਕੇਂਦਰ ਵੱਲੋਂ ਇਹ ਮੰਗ ਪ੍ਰਵਾਨ ਕਰ ਲਈ ਗਈ ਸੀ, ਜਿਸ ਤੋਂ ਬਾਅਦ 35 ਕਿਸਾਨ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ।

ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਬੇਸਿੱਟਾ ਰਹੀ ਹੈ। ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨਾਲ ਕਰੀਬ ਤਿੰਨ ਘੰਟੇ ਮੀਟਿੰਗ ਚੱਲੀ। ਕਿਸਾਨਾਂ ਨੇ ਕਿਹਾ ਕਿ ਕੇਂਦਰੀ ਮੰਤਰੀਆਂ ਕੋਲ ਸਾਡੇ ਸਵਾਲਾਂ ਦਾ ਕੋਈ ਜਵਾਬ ਹੀ ਨਹੀਂ ਸੀ। ਕੇਂਦਰ ਸਰਕਾਰ ਹਾਲੇ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਸਰਕਾਰ ਮਸਲਾ ਹੱਲ ਨਹੀਂ ਕਰਨਾ ਚਾਹੁੰਦੀ, ਸਿਰਫ ਚਰਚਾ ਹੀ ਕਰਨਾ ਚਾਹੁੰਦੀ ਹੈ।

ਕਿਸਾਨ ਲੀਡਰਾਂ ਦੀ ਕੇਂਦਰੀ ਮੰਤਰੀਆਂ ਨਾਲ ਦਿੱਲੀ ’ਚ ਮੀਟਿੰਗ ਦੇ ਪਹਿਲੇ ਗੇੜ ਵਿੱਚ ਕੇਂਦਰ ਸਰਕਾਰ ਵੱਲੋਂ ਨਵੇਂ ਕਾਨੂੰਨ ਦੀਆਂ ਖਾਮੀਆਂ ਦੀ ਸਮੀਖਿਆ ਲਈ ਕਮੇਟੀ ਬਣਾਉਣ ਦਾ ਮਤਾ ਪੇਸ਼ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਤੋਂ 4 ਤੋਂ 5 ਮੈਂਬਰਾਂ ਦੇ ਨਾਮ ਮੰਗੇ ਹਨ ਪਰ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਇਸ ਮਤੇ ਨੂੰ ਠੁਕਰਾ ਦਿੱਤਾ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਸਰਕਾਰ ਕਮੇਟੀ ਬਣਾਉਣ ਦੀ ਗੱਲ ਕਰਕੇ ਮਾਮਲਾ ਠੰਢੇ ਬਸਤੇ ਵਿੱਚ ਪਾਉਣ ਦੀ ਝਾਕ ਵਿੱਚ ਹੈ।

ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਦੇ ਨਾਲ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਹੋਈ ਹੈ। ਤੋਮਰ ਨੇ ਕਿਹਾ ਕਿ ਕਿਸਾਨਾਂ ਨਾਲ 3 ਦਸੰਬਰ ਨੂੰ ਸਵੇਰੇ 11:30 ਵਜੇ ਦੁਬਾਰਾ ਗੱਲਬਾਤ ਹੋਵੇਗੀ। ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ।

ਪਹਿਲੇ ਗੇੜ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਜਦੋਂ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਨੂੰ ਚਾਹ ਪੀਣ ਦੇ ਲਈ ਕਿਹਾ ਤਾਂ ਕਿਸਾਨਾਂ ਨੇ ਕਿਹਾ ਕਿ “ਤੁਸੀਂ ਸਾਨੂੰ ਚਾਹ ਕੀ ਪਿਆਉਗੇ, ਤੁਸੀਂ ਸਾਡੇ ਨਾਲ ਅੰਦੋਲਨ ਵਿੱਚ ਚੱਲੋ, ਅਸੀਂ ਤੁਹਾਨੂੰ ਚਾਹ ਦੇ ਨਾਲ-ਨਾਲ ਲੰਗਰ ਵੀ ਖੁਆਵਾਂਗੇ”।

ਇਸ ਬੈਠਕ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਾਮਲ ਨਹੀਂ ਹੋਏ। ਕਿਸਾਨ ਲੀਡਰਾਂ ਨਾਲ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ, ਰੇਲਵੇ ਮੰਤਰੀ ਪੀਯੂਸ਼ ਗੋਇਲ ਅਤੇ ਬੀਜੇਪੀ ਲੀਡਰ ਸੋਮ ਪ੍ਰਕਾਸ਼ ਚਰਚਾ ਕਰ ਰਹੇ ਸਨ।