‘ਦ ਖ਼ਾਲਸ ਬਿਊਰੋ ( ਫ਼ਤਹਿਗੜ੍ਹ ਸਾਹਿਬ ) :-  ਸ਼੍ਰੋਮਣੀ ਕਮੇਟੀ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋ ਚੁੱਕੇ 328 ਸਰੂਪਾਂ ਦੇ ਮਾਮਲੇ ’ਤੇ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਦੇ ਨਾਲ ਨਜਿੱਠਣ ਲਈ ਠੋਸ ਰਣਨੀਤੀ ਬਣਾਉਣ ਲਈ ਕੱਲ੍ਹ ਇੱਕ ਮੀਟਿੰਗ ਕੀਤੀ ਗਈ।

ਇਹ ਮੀਟਿੰਗ ਜਥਾ ਰੰਧਾਵਾ ਦੇ ਮੁੱਖ ਸਥਾਨ ’ਤੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਇਸ ਲੜਾਈ ਨੂੰ ਤਕੜੇ ਹੋ ਕੇ ਲੜਨ ਲਈ ਵਿਚਾਰ-ਵਟਾਦਰਾਂ ਕੀਤਾ ਗਿਆ। ਇਸ ਤੋਂ ਇਲਾਵਾ 28 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਸਾਲਾਨਾ ਮੀਟਿੰਗ ਦੇ ਵਿੱਚ ਸ਼ਮੂਲੀਅਤ ਕਰਨ ਦੇ ਸਬੰਧ ਵਿੱਚ ਚਰਚਾ ਕੀਤੀ ਗਈ। ਪਿਛਲੇ 3 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੇ ਵਿੱਚ ਵਿਰੋਧੀ ਧਿਰ ਦਾ ਰੋਲ ਨਿਭਾਅ ਰਹੇ ਦਰਜਨ ਦੇ ਕਰੀਬ ਮੈਂਬਰਾਂ ਦੇ ਨਾਲ ਬਾਦਲ ਦਲ ਨੂੰ ਛੱਡ ਕੇ ਸੁਖਦੇਵ ਸਿੰਘ ਢੀਂਡਸਾ ਨਾਲ ਤੁਰੇ ਮੈਂਬਰਾਂ ਨੂੰ ਮਿਲ ਕੇ ਇਹ ਪਹਿਲੀ ਸਾਂਝੀ ਮੀਟਿੰਗ ਸੀ, ਜਿਸ ਵਿੱਚ ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ।

ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਦੇ ਮੈਂਬਰਾਂ ਦੀ ਬਣੀ ਇਹ ਇਕਸੁਰਤਾ ਬਾਦਲ ਦਲ ਲਈ ਆਉਣ ਵਾਲੇ ਦਿਨਾਂ ’ਚ ਸਿਰਦਰਦ ਬਣੇਗੀ। ਮੀਟਿੰਗ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਪਹਿਲੀ ਮੀਟਿੰਗ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਪਹਿਲਾ ਤੋਂ ਹੀ ਸਰਗਰਮ ਭੂਮਿਕਾ ਨਿਭਾਅ ਰਹੇ ਸੁਖਦੇਵ ਸਿੰਘ ਭੌਰ, ਅਮਰੀਕ ਸਿੰਘ ਸ਼ਾਹਪੁਰ, ਜਗਜੀਤ ਸਿੰਘ ਖਾਲਸਾ ਰਾਮਪੁਰਾ ਫੂਲ, ਸੁਰਜੀਤ ਸਿੰਘ ਆਦਿ ਪਿਛਲੇ ਲੰਮੇ ਸਮੇਂ ਤੋਂ ਡਟੇ ਹੋਏ ਹਨ, ਅਤੇ ਹੁਣ ਇਸ ਵਿੱਚ ਵੱਡਾ ਵਾਧਾ ਹੋਇਆ ਹੈ ਤੇ ਜਦੋਂ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਦੇ ਨਾਲ ਜੁੜੇ ਹਨ, ਤਾਂ ਇਸ ਧਿਰ ਨੂੰ ਸ਼੍ਰੋਮਣੀ ਕਮੇਟੀ ’ਚ ਹੋਰ ਤਾਕਤ ਮਿਲੀ ਹੈ। ਇਸ ਮੌਕੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੇਵਾ ਸਿੰਘ ਸੇਖਵਾਂ, ਜਸਵੰਤ ਸਿੰਘ ਪੁੜੈਲ, ਮਲਕੀਤ ਸਿੰਘ ਚੰਗਾਲ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਹੁਸੈਨਪੁਰੀ, ਮਿੱਠੂ ਸਿੰਘ, ਸਰਬੰਸ ਸਿੰਘ ਮਾਣਕੀ, ਜੈ ਪਾਲ ਸਿੰਘ ਮੰਡੀਆ ਤੇ ਹਰਦੇਵ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *