Punjab

ਕਿਸਾਨਾਂ ਮੂਹਰੇ ਅਕਾਲੀ ਦਲ ਦੀ ਕੋਈ ਨੌਟੰਕੀ ਹੁਣ ਨਹੀਂ ਚੱਲੇਗੀ : ਕੈਪਟਨ

‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ‘ਚ ਹੋਏ ਅਕਾਲੀ ਦਲ ਦੇ ਖੇਤੀ ਬਿੱਲਾਂ ਖ਼ਿਲਾਫ਼ ਰੋਸ ਮਾਰਚ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਰੋਸ ਪ੍ਰਦਰਸ਼ਨ ਕਰ ਰਿਹਾ ਹੈ ਜਦਕਿ ਉਨ੍ਹਾਂ ਦੇ ਪ੍ਰਦਰਸ਼ਨ ਪੂਰੀ ਤਰ੍ਹਾਂ ਠੁੱਸ ਹੋ ਕੇ ਰਹਿ ਗਏ ਹਨ। ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਕਾਂਗਰਸ ਦੀ ਹਸਤਾਖਰ ਮੁਹਿੰਮ ਦਾ ਰਸਮੀ ਆਗਾਜ਼ ਕਰਦਿਆਂ ਇਹ ਵੀ ਆਖਿਆ ਕਿ ਅਕਾਲੀ ਦਲ ਦੀ ਕੋਈ ਨੌਟੰਕੀ ਹੁਣ ਨਹੀਂ ਚੱਲੇਗੀ ਕਿਉਂਕਿ ਕਿਸਾਨ ਸਭ ਜਾਣ ਚੁੱਕੇ ਹਨ।

ਕੈਪਟਨ ਨੇ ਕਿਹਾ ਕਿ ਉਨ੍ਹਾਂ ਵੀ ਲੋਕ ਹਿੱਤਾਂ ਲਈ ਦੋ ਵਾਰ ਸੰਸਦ ਦੀ ਮੈਂਬਰੀ ਤੋਂ ਅਸਤੀਫ਼ਾ ਦਿੱਤਾ ਸੀ, ਅਤੇ ਉਨ੍ਹਾਂ ਇਹ ਕਦਮ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਹੁਣ ਆਪਣੇ ਅਸਤੀਫ਼ੇ ਨੂੰ ਪੰਜਾਬ ਪ੍ਰਤੀ ਜ਼ਿੰਮੇਵਾਰੀ ਦੀ ਥਾਂ ਕੁਰਬਾਨੀ ਦੱਸ ਰਹੀ ਹੈ। ਇਹ ਸਿਆਸੀ ਡਰਾਮੇਬਾਜ਼ੀ ਤੋਂ ਵੱਧ ਕੁੱਝ ਨਹੀਂ ਹੈ। ਅਮਰਿੰਦਰ ਨੇ ਕਿਹਾ ਕਿ ਉਦੋਂ ਅਕਾਲੀ ਦਲ ਕਿੱਥੇ ਸੀ ਜਦੋਂ ਵਿਧਾਨ ਸਭਾ ਵਿੱਚ ਆਰਡੀਨੈਂਸ ਦੀ ਵਾਪਸੀ ਲਈ ਮਤਾ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਨਵੇਂ ਸੰਵਿਧਾਨਕ ਕਾਨੂੰਨਾਂ ਨੂੰ ਕਾਨੂੰਨੀ ਤੌਰ ’ਤੇ ਚੁਣੌਤੀ ਦਿੱਤੀ ਜਾਵੇਗੀ। ਇਹ ਰਾਜਸੀ ਲੜਾਈ ਭਾਜਪਾ ਜਾਂ ਕਾਂਗਰਸ ਬਾਰੇ ਨਹੀਂ ਸਗੋਂ ਇਹ ਕਿਸਾਨੀ, ਪੰਜਾਬ ਅਤੇ ਸੂਬੇ ਦੇ ਵਜੂਦ ਦੀ ਲੜਾਈ ਹੈ।

ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਖੇਤੀਬਾੜੀ ਸੂਬਾਈ ਵਿਸ਼ਾ ਹੈ ਅਤੇ ਭਾਰਤ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਰਾਹੀਂ ਸੰਘੀ ਢਾਂਚੇ ’ਤੇ ਹਮਲਾ ਕਰਦਿਆਂ ਸੂਬੇ ਦੇ ਹੱਕਾਂ ਉੱਤੇ ਡਾਕਾ ਮਾਰਿਆ ਹੈ ਜਦਕਿ ਇਹ ਕਾਨੂੰਨ ਖੇਤੀ ਖੇਤਰ ਨੂੰ ਤਬਾਹ ਕਰ ਦੇਣਗੇ। ਖੇਤੀ ਕਾਨੂੰਨਾਂ ਖ਼ਿਲਾਫ਼ ਹਸਤਾਖਰ ਮੁਹਿੰਮ ਸ਼ੁਰੂ ਕਰਨ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।