Punjab

ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪਿੰਡ ਪੱਧਰ ‘ਤੇ ਨਿਯੁਕਤ ਹੋਣਗੇ ਨੋਡਲ ਅਧਿਕਾਰੀ

‘ਦ ਖ਼ਾਲਸ ਬਿਊਰੋ:- ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਵੱਲੋਂ ਆਗਾਮੀ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੇ ਯਤਨਾਂ ਵਜੋਂ ਕੱਲ੍ਹ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪਿੰਡ ਪੱਧਰ ’ਤੇ ਨੋਡਲ ਅਧਿਕਾਰੀ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਅਜਿਹੀ ਕਿਸੇ ਵੀ ਘਟਨਾ ਬਾਰੇ ਤੁਰੰਤ ਰਿਪੋਰਟ ਕੀਤੀ ਜਾ ਸਕੇ।

ਇਸ ਵਾਰ ਇੱਕ ਨਿਵੇਕਲੀ ਕਿਸਮ ਦਾ ਮੋਬਾਈਲ ਐਪ ਵੀ ਤਿਆਰ ਕੀਤਾ ਗਿਆ ਹੈ ਤਾਂ ਜੋ ਸੂਬੇ ਵਿੱਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਬਾਰੇ ਤਾਜ਼ਾ ਜਾਣਕਾਰੀ ਮਿਲ ਸਕੇ। ਇਹ ਸੂਬਾ ਸਰਕਾਰ ਦੀ ਸੁਪਰੀਮ ਕੋਰਟ ਦੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਸਬੰਧੀ ਦਿਸ਼ਾ ਨਿਰਦੇਸ਼ ਲਾਗੂ ਕਰਨ ਬਾਰੇ ਵਿਖਾਈ ਜਾ ਰਹੀ ਪ੍ਰਤੀਬੱਧਤਾ ਦਾ ਸੂਚਕ ਹੈ।

ਉੱਚ ਪੱਧਰੀ ਵਰਚੁਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਵੱਖੋ-ਵੱਖ ਵਿਭਾਗਾਂ ਵੱਲੋਂ ਪਰਾਲੀ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਲਈ ਵੱਖੋ-ਵੱਖ ਵਿਭਾਗਾਂ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲਿਆ।

ਇਸ ਮੀਟਿੰਗ ਵਿੱਚ ਕਿਸਾਨਾਂ ਦੇ ਪ੍ਰਤੀਨਿਧੀ, ਪੀਏਯੂ, ਆਈਸੀਏਆਰ, ਐੱਨਜੀਓਜ਼, ਸੂਬੇ ਦੇ ਸਰਕਾਰੀ ਵਿਭਾਗ ਤੇ ਹੋਰਨਾਂ ਨੇ ਹਿੱਸਾ ਲਿਆ। ਮੁੱਖ ਸਕੱਤਰ ਨੇ ਕਿਸਾਨਾਂ ਨੂੰ ਸਰਕਾਰ ਨਾਲ ਭਾਈਵਾਲ ਹੋ ਕੇ ਪਰਾਲੀ ਨੂੰ ਨਾ ਸਾੜਨ ਦੀ ਸਹੁੰ ਖਾਣ ਲਈ ਪ੍ਰੇਰਿਤ ਵੀ ਕੀਤਾ।

ਨੋਡਲ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਟਸਪਾਟ ਜ਼ਿਲ੍ਹਿਆਂ ਵਿੱਚ ਨਿਯੁਕਤ ਕੀਤੇ ਜਾਣਗੇ। ਸੂਬੇ ਵਿੱਚ 8 ਹਾਟਸਪਾਟ ਹਨ, ਜਿਨ੍ਹਾਂ ਵਿੱਚ ਸੰਗਰੂਰ, ਬਰਨਾਲਾ, ਪਟਿਆਲਾ, ਮੁਕਤਸਰ ਸਾਹਿਬ, ਮਾਨਸਾ, ਤਰਨ ਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹੇ ਸ਼ਾਮਲ ਹਨ। ਇਹ ਨੋਡਲ ਅਧਿਕਾਰੀ ਪੀਆਰਐੱਸਸੀ ਦੁਆਰਾ ਪਰਾਲੀ ਸਾੜਨ ਦੀਆਂ ਰਿਪੋਰਟ ਕੀਤੀਆਂ ਗਈਆਂ ਘਟਨਾਵਾਂ ਦੀ ਪੁਸ਼ਟੀ ਕਰਨਗੇ।